ਓਮੀਕਰੋਨ ਦੇ ਵਧਦੇ ਖ਼ਤਰੇ ਕਾਰਨ ਲਿਆ ਫ਼ੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ 15 ਦਸੰਬਰ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਨਾ ਕਰਨ ਦਾ ਫ਼ੈਸਲਾ ਲਿਆ ਹੈ। ਕੋਵਿਡ-19 ਦੇ ਨਵੇਂ ਸਰੂਪ ਓਮੀਕਰੋਨ ਦੇ ਵਧਦੇ ਖ਼ਤਰੇ ਕਾਰਨ ਸਰਕਾਰ ਨੇ ਕੌਮਾਂਤਰੀ ਉਡਾਣਾਂ ਅਜੇ ਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਉਂਜ ਇਕ ਹਫ਼ਤਾ ਪਹਿਲਾਂ ਸਰਕਾਰ ਨੇ ਕਿਹਾ ਸੀ ਕਿ 15 ਦਸੰਬਰ ਤੋਂ ਸਾਰੀਆਂ ਕੌਮਾਂਤਰੀ ਉਡਾਣਾਂ ਸ਼ੁਰੂ ਹੋ ਜਾਣਗੀਆਂ।
ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਕਿਹਾ ਕਿ ਉਡਾਣਾਂ ਸ਼ੁਰੂ ਕਰਨ ਦੀ ਨਵੀਂ ਤਰੀਕ ਬਾਅਦ ‘ਚ ਨੋਟੀਫਾਈ ਕੀਤੀ ਜਾਵੇਗੀ। ਕਰੋਨਾ ਮਹਾਮਾਰੀ ਕਾਰਨ ਕੌਮਾਂਤਰੀ ਉਡਾਣਾਂ ਪਿਛਲੇ ਸਾਲ 23 ਮਾਰਚ ਤੋਂ ਮੁਅੱਤਲ ਹਨ। ਜ਼ਿਕਰਯੋਗ ਹੈ ਕਿ 27 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਧਿਕਾਰੀਆਂ ਨੂੰ ਕਿਹਾ ਸੀ ਕਿ ਓਮੀਕਰੋਨ ਕਾਰਨ ਵਧ ਰਹੇ ਖ਼ਤਰੇ ਨੂੰ ਦੇਖਦਿਆਂ ਉਹ ਕੌਮਾਂਤਰੀ ਹਵਾਈ ਸਫ਼ਰ ‘ਤੇ ਲਾਈਆਂ ਪਾਬੰਦੀਆਂ ਤੋਂ ਰੋਕ ਹਟਾਉਣ ਦੇ ਫ਼ੈਸਲੇ ਬਾਰੇ ਨਜ਼ਰਸਾਨੀ ਕਰਨ।
ਡੀਜੀਸੀਏ ਨੇ ਸਰਕੁਲਰ ‘ਚ ਕਿਹਾ ਕਿ ਕਰੋਨਾ ਦੇ ਨਵੇਂ ਸਰੂਪ ਓਮੀਕਰੋਨ ਦੇ ਉਭਾਰ ਨਾਲ ਪੈਦਾ ਹੋਏ ਆਲਮੀ ਹਾਲਾਤ ‘ਤੇ ਉਹ ਨੇੜਿਉਂ ਨਜ਼ਰ ਰੱਖ ਰਹੇ ਹਨ।
ਉਂਜ ਦੇਸ਼ ‘ਚ ਅਜੇ ਤੱਕ ਓਮੀਕਰੋਨ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਅਧਿਕਾਰੀਆਂ ਨੇ ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਸਖ਼ਤ ਨਿਯਮ ਬਣਾਏ ਹਨ।