Breaking News
Home / ਪੰਜਾਬ / ਖੇਤੀ ਕਾਨੂੰਨ ਵਾਪਸੀ ਬਿੱਲ ਸੰਸਦ ‘ਚ ਪਾਸ

ਖੇਤੀ ਕਾਨੂੰਨ ਵਾਪਸੀ ਬਿੱਲ ਸੰਸਦ ‘ਚ ਪਾਸ

ਵਿਰੋਧੀ ਧਿਰਾਂ ਨੇ ਬਿੱਲ ‘ਤੇ ਬਹਿਸ ਨੂੰ ਲੈ ਕੇ ਕੀਤਾ ਹੰਗਾਮਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਨੇ ਤਿੰਨੋਂ ਖੇਤੀ ਕਾਨੂੰਨਾਂ ਦੀ ਵਾਪਸੀ ਬਾਰੇ ਬਿੱਲ ਸੋਮਵਾਰ ਨੂੰ ਬਿਨਾਂ ਬਹਿਸ ਤੋਂ ਹੀ ਪਾਸ ਕਰ ਦਿੱਤਾ ਗਿਆ। ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਦੇ ਮੈਂਬਰ ਬਿੱਲ ‘ਤੇ ਬਹਿਸ ਦੀ ਮੰਗ ਕਰ ਰਹੇ ਸਨ ਪਰ ਸਰਕਾਰ ਨੇ ਪ੍ਰਦਰਸ਼ਨਾਂ ਦਰਮਿਆਨ ਲੋਕ ਸਭਾ ਅਤੇ ਰਾਜ ਸਭਾ ‘ਚ ਬਿੱਲ ਨੂੰ ਪ੍ਰਵਾਨ ਕਰਵਾ ਲਿਆ। ਫਾਰਮ ਲਾਅਜ਼ ਰਿਪੀਲ ਬਿੱਲ, 2021 ‘ਤੇ ਹੁਣ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਮੋਹਰ ਲਗਣੀ ਬਾਕੀ ਹੈ। ਦੋਵੇਂ ਸਦਨਾਂ ‘ਚ ਬਿੱਲ ਪੇਸ਼ ਕਰਦਿਆਂ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਵਾਅਦਾ ਪੁਗਾਇਆ ਹੈ ਅਤੇ ਸਰਕਾਰ ਨੇ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਹੀ ਇਹ ਬਿੱਲ ਲਿਆ ਕੇ ਪਾਸ ਕਰ ਦਿੱਤਾ ਹੈ। ਉਨ੍ਹਾਂ ਬਿਨਾਂ ਬਹਿਸ ਦੇ ਬਿੱਲ ਪਾਸ ਕਰਨ ਲਈ ਮੈਂਬਰਾਂ ਦੀ ਹਮਾਇਤ ਮੰਗਦਿਆਂ ਕਿਹਾ ਕਿ ਸਰਕਾਰ ਅਤੇ ਵਿਰੋਧੀ ਧਿਰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਪੱਖ ‘ਚ ਹਨ। ਦੋਵੇਂ ਸਦਨਾਂ ‘ਚ ਬਿੱਲ ਪੇਸ਼ ਕਰਨ ਦੇ ਕੁਝ ਮਿੰਟਾਂ ਅੰਦਰ ਹੀ ਇਸ ਨੂੰ ਜ਼ੁਬਾਨੀ ਵੋਟ ਰਾਹੀਂ ਪਾਸ ਕਰ ਦਿੱਤਾ ਗਿਆ ਪਰ ਵਿਰੋਧੀ ਮੈਂਬਰਾਂ ਨੇ ਕਿਸਾਨਾਂ ਦੇ ਮੁੱਦਿਆਂ ‘ਤੇ ਬਹਿਸ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਰੱਖੇ। ਵਿਰੋਧੀ ਧਿਰ ਦੇ ਮੈਂਬਰ ਮੰਗ ਕਰ ਰਹੇ ਸਨ ਕਿ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਬਿੱਲ ‘ਚ ਕਿਹਾ ਗਿਆ ਹੈ ਕਿ ਭਾਵੇਂ ਇਨ੍ਹਾਂ ਕਾਨੂੰਨਾਂ ਖਿਲਾਫ ਕਿਸਾਨਾਂ ਦੀਆਂ ਕੁਝ ਹੀ ਜਥੇਬੰਦੀਆਂ ਅੰਦੋਲਨ ਕਰ ਰਹੀਆਂ ਹਨ ਪਰ ਸਰਕਾਰ ਨੇ ਕਿਸਾਨਾਂ ਨੂੰ ਕਈ ਮੀਟਿੰਗਾਂ ਅਤੇ ਹੋਰ ਮੰਚਾਂ ਰਾਹੀਂ ਖੇਤੀ ਕਾਨੂੰਨਾਂ ਦੀ ਅਹਿਮੀਅਤ ਸਮਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਸੀ। ਬਿੱਲ ਮੁਤਾਬਕ ਮੌਜੂਦਾ ਪ੍ਰਬੰਧ ਨੂੰ ਖ਼ਤਮ ਕੀਤੇ ਬਿਨਾਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਕਿਤੇ ਵੀ ਵੇਚਣ ਦੇ ਨਵੇਂ ਮੌਕੇ ਪ੍ਰਦਾਨ ਕੀਤੇ ਗਏ ਸਨ। ਉਂਜ ਸੁਪਰੀਮ ਕੋਰਟ ਨੇ ਇਨ੍ਹਾਂ ਕਾਨੂੰਨਾਂ ‘ਤੇ ਰੋਕ ਲਗਾ ਦਿੱਤੀ ਸੀ। ਬਿੱਲ ‘ਚ ਕਿਹਾ ਗਿਆ ਹੈ, ”ਕੋਵਿਡ ਦੇ ਸਮੇਂ ਦੌਰਾਨ ਕਿਸਾਨਾਂ ਨੇ ਪੈਦਾਵਾਰ ਵਧਾਉਣ ਅਤੇ ਦੇਸ਼ ਦੀਆਂ ਲੋੜਾਂ ਪੂਰੀਆਂ ਕਰਨ ਲਈ ਸਖ਼ਤ ਮਿਹਨਤ ਕੀਤੀ। ਅਸੀਂ ਜਦੋਂ ਆਜ਼ਾਦੀ ਦੇ 75ਵੇਂ ਵਰ੍ਹੇ ਦਾ ਜਸ਼ਨ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਮਨਾ ਰਹੇ ਹਾਂ ਤਾਂ ਲੋੜ ਹੈ ਕਿ ਸਾਰਿਆਂ ਨੂੰ ਪ੍ਰਗਤੀ ਅਤੇ ਵਿਕਾਸ ਦੇ ਰਾਹ ‘ਤੇ ਨਾਲ ਲੈ ਕੇ ਚਲੀਏ।” ਲੋਕ ਸਭਾ ‘ਚ ਵਿਰੋਧੀ ਧਿਰ ਦੇ ਮੈਂਬਰ ਬਿੱਲ ‘ਤੇ ਬਹਿਸ ਦੀ ਮੰਗ ਕਰਦਿਆਂ ਸਦਨ ਦੇ ਐਨ ਵਿਚਕਾਰ ਆ ਗਏ ਅਤੇ ਉਨ੍ਹਾਂ ਪੋਸਟਰ ਦਿਖਾਉਂਦਿਆਂ ਨਾਅਰੇਬਾਜ਼ੀ ਕੀਤੀ। ਸਪੀਕਰ ਓਮ ਬਿਰਲਾ ਨੇ ਕਿਹਾ, ”ਤੁਸੀਂ ਬਹਿਸ ਚਾਹੁੰਦੇ ਹੋ। ਜਦੋਂ ਸਦਨ ‘ਚ ਸ਼ਾਂਤੀ ਹੋ ਜਾਵੇਗੀ ਤਾਂ ਮੈਂ ਬਹਿਸ ਕਰਾਉਣ ਲਈ ਤਿਆਰ ਹਾਂ। ਪਰ ਜੇਕਰ ਤੁਸੀਂ ਸਦਨ ਦੇ ਵਿਚਕਾਰ ਆਉਂਦੇ ਹੋ ਤਾਂ ਬਹਿਸ ਕਿਵੇਂ ਹੋ ਸਕਦੀ ਹੈ।” ਵਿਰੋਧੀ ਧਿਰ ਦੇ ਮੈਂਬਰਾਂ ਨੇ ਸਪੀਕਰ ਦੀ ਅਪੀਲ ਵੱਲ ਧਿਆਨ ਨਾ ਦਿੱਤਾ ਅਤੇ ਆਪਣੇ ਪ੍ਰਦਰਸ਼ਨ ਜਾਰੀ ਰੱਖੇ। ਸਦਨ ‘ਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਜਦੋਂ ਬਿੱਲ ਵਿਚਾਰ ਅਤੇ ਪਾਸ ਹੋਣ ਲਈ ਸੂਚੀਬੱਧ ਕੀਤਾ ਗਿਆ ਹੈ ਤਾਂ ਫਿਰ ਬਹਿਸ ਕਿਉਂ ਨਹੀਂ ਕਰਵਾਈ ਜਾ ਰਹੀ ਹੈ।
ਸੱਚ ਦਾ ਸਾਹਮਣਾ ਕਰਨ ਤੋਂ ਭੱਜੀ ਮੋਦੀ ਸਰਕਾਰ : ਭਗਵੰਤ ਮਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਿਸ ਤਾਨਾਸ਼ਾਹੀ ਢੰਗ ਨਾਲ ਖੇਤੀ ਕਾਨੂੰਨ ਕਿਸਾਨਾਂ ‘ਤੇ ਥੋਪੇ ਸਨ, ਉਸੇ ਤਰ੍ਹਾਂ ਵਾਪਸ ਲੈ ਲਏ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਸੰਸਦ ਦੇ ਦੋਵਾਂ ਸਦਨਾਂ ‘ਚ ਬਹਿਸ ਹੋਣੀ ਜ਼ਰੂਰੀ ਚਾਹੀਦੀ ਸੀ ਪਰ ਸਰਕਾਰ ਇੱਕ ਪਾਸੇ ਧੱਕੇ ਨਾਲ ਖੇਤੀ ਕਾਨੂੰਨ ਥੋਪੇ ਜਾਣ ਬਾਰੇ ਗ਼ਲਤੀ ਮੰਨ ਰਹੀ ਹੈ ਪਰ ਸਦਨ ‘ਚ ਵਿਰੋਧੀ ਧਿਰ ਦੇ ਸੁਆਲਾਂ ਤੋਂ ਭੱਜ ਰਹੀ ਹੈ। ਮਾਨ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਹੋਣਾ ਕਿਸਾਨਾਂ ਅਤੇ ਕਿਰਤੀਆਂ ਦੀ ਜਿੱਤ ਹੈ, ਇਸ ਲਈ ਸਿਆਸੀ ਪਾਰਟੀ ਜਾਂ ਵਿਅਕਤੀ ਵਿਸ਼ੇਸ਼ ਨੂੰ ਖੇਤੀ ਕਾਨੂੰਨ ਰੱਦ ਕਰਵਾਏ ਜਾਣ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਦੌੜ ‘ਚ ਨਹੀਂ ਪੈਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਾਰੀਆਂ ਫ਼ਸਲਾਂ ‘ਤੇ ਐੱਮਐੱਸਪੀ ਨੂੰ ਕਾਨੂੰਨੀ ਗਰੰਟੀ ਅਤੇ ਖ਼ਰੀਦ ਯਕੀਨੀ ਬਣਾਵੇ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …