ਮਾਨਸਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਟਿਕਟ ‘ਤੇ ਮਾਨਸਾ ਹਲਕੇ ਤੋਂ ਵਿਵਾਦਤ ਗਾਇਕ ਸਿੱਧੂ ਮੂਸੇਵਾਲਾ (ਸ਼ੁਭਦੀਪ ਸਿੰਘ) ਦਾ ਨਾਂ ਸਾਹਮਣੇ ਆਉਣ ‘ਤੇ ਨਵੀਂ ਚਰਚਾ ਛਿੜ ਗਈ ਹੈ, ਹਾਲਾਂਕਿ ਕਾਂਗਰਸ ਪਾਰਟੀ ਦੇ ਕਿਸੇ ਅਧਿਕਾਰਤ ਅਹੁਦੇਦਾਰ ਵੱਲੋਂ ਹਾਲੇ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਨੇੜਲੇ ਹਲਕਿਆਂ ‘ਚੋਂ ਅੰਦਰਖਾਤੇ ਪ੍ਰਤੀਕਰਮ ਅਤੇ ਪਾਰਟੀ ਆਗੂਆਂ ਦੇ ਵਿਚਾਰ ਲਏ ਜਾ ਰਹੇ ਹਨ। ਇਸ ਸਬੰਧੀ ਸਿੱਧੂ ਮੂਸੇਵਾਲਾ ਦਾ ਕਹਿਣਾ ਸੀ ਕਿ ਉਹ ਪਾਰਟੀ ਦੇ ਫੈਸਲੇ ਬਾਰੇ ਸੋਚ-ਵਿਚਾਰ ਕਰੇਗਾ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਪਰਿਵਾਰ ਕਾਂਗਰਸ ਪਾਰਟੀ ਨਾਲ ਪਹਿਲਾਂ ਤੋਂ ਹੀ ਜੁੜਿਆ ਹੋਇਆ ਹੈ। ਉਸ ਦੀ ਮਾਤਾ ਵੀ ਕਾਂਗਰਸ ਪਾਰਟੀ ਵੱਲੋਂ ਪਿੰਡ ਦੀ ਸਰਪੰਚ ਹੈ। ਇਸੇ ਦੌਰਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਸਿੱਧੂ ਮੂਸੇਵਾਲੇ ਨੂੰ ਕਾਂਗਰਸੀ ਉਮੀਦਵਾਰ ਵਜੋਂ ਪ੍ਰਮੋਟ ਕੀਤੇ ਜਾਣ ਵੱਲ ਪਾਰਟੀ ਨੂੰ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਆਰੋਪ ਲਾਇਆ ਕਿ ਸਿੱਧੂ ਮੂਸੇਵਾਲੇ ਨੇ ਹੁਣ ਤੱਕ ਗੁੰਡਾਗਰਦੀ ਅਤੇ ਹਥਿਆਰਾਂ ਦੀ ਨੁਮਾਇਸ਼ ਵਾਲੇ ਗੀਤ ਹੀ ਗਾਏ ਹਨ, ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਗਲਤ ਰਾਹ ਵੱਲ ਧੱਕ ਰਹੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਦੌਰਾਨ ਸਿੱਧੂ ਮੂਸੇਵਾਲੇ ਖਿਲਾਫ ਕਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਉਣ, ਆਪਣੇ ਗੀਤਾਂ ਵਿੱਚ ਹਥਿਆਰਾਂ ਦੀ ਵਰਤੋਂ ਕਰਨ ਆਦਿ ਦੇ ਆਰੋਪਾਂ ਹੇਠ ਕੇਸ ਵੀ ਦਰਜ ਹੋਏ ਹਨ।