ਭਾਜਪਾ ਤੇ ਢੀਂਡਸਾ ਧੜੇ ਨਾਲ ਮਿਲ ਕੇ ਪੰਜਾਬ ‘ਚ ਸਰਕਾਰ ਬਣਾਵਾਂਗੇ: ਕੈਪਟਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਂਦਿਆਂ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਕੈਪਟਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਚੰਡੀਗੜ੍ਹ ਵਿਖੇ ਅਚਨਚੇਤ ਮੁਲਾਕਾਤ ਕੀਤੀ। ਇਸ ਮਿਲਣੀ ਉਪਰੰਤ ਕੈਪਟਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖ ਹੋ ਚੁੱਕੇ ਧੜੇ (ਸੁਖਦੇਵ ਸਿੰਘ ਢੀਂਡਸਾ) ਨਾਲ ਮਿਲ ਕੇ ਸੂਬੇ ਵਿੱਚ ਅਗਲੀ ਸਰਕਾਰ ਬਣਾਏਗੀ। ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਲਈ ਉਹ ਅਗਲੇ ਦਿਨੀਂ ਦਿੱਲੀ ਜਾਣਗੇ, ਜਿੱਥੇ ਟਿਕਟਾਂ ਦੀ ਵੰਡ ਸਬੰਧੀ ਗੱਲਬਾਤ ਹੋਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਆਪਣੀ ਮੁਲਾਕਾਤ ਨੂੰ ਸ਼ਿਸ਼ਟਾਚਾਰ ਵਜੋਂ ਕੀਤੀ ਮੁਲਾਕਾਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਖੱਟਰ ਨਾਲ ਮੁਲਾਕਾਤ ਲਈ ਸਮਾਂ ਮੰਗ ਰਹੇ ਸਨ ਤੇ ਉਸੇ ਤਹਿਤ ਚਾਹ ਪੀਣ ਲਈ ਆਏ ਹਨ। ਕੈਪਟਨ ਨੇ ਕਿਹਾ ਕਿ ‘ਪੰਜਾਬ ਲੋਕ ਕਾਂਗਰਸ’ ਵਿੱਚ ਅਗਲੇ ਦਿਨਾਂ ਵਿੱਚ ਕਈ ਵੱਡੇ ਚਿਹਰੇ ਸ਼ਾਮਲ ਹੋਣਗੇ, ਜਿਸ ਬਾਰੇ ਖੁਲਾਸਾ ਸਮਾਂ ਆਉਣ ‘ਤੇ ਕੀਤਾ ਜਾਵੇਗਾ। ਮੌਜੂਦਾ ਸਮੇਂ ਪੰਜਾਬ ਲੋਕ ਕਾਂਗਰਸ ਨਾਲ ਵੱਡੀ ਗਿਣਤੀ ਲੋਕ ਜੁੜ ਰਹੇ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹੋਰਨਾਂ ਸਿਆਸੀ ਪਾਰਟੀਆਂ ਨਾਲ ਮਿਲ ਕੇ ਸਰਕਾਰ ਬਣਾਏਗੀ।
ਭਾਜਪਾ ਪੰਜਾਬ ‘ਚ ਸਾਰੀਆਂ 117 ਸੀਟਾਂ ‘ਤੇ ਚੋਣ ਲੜੇਗੀ
ਲੁਧਿਆਣਾ : ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਲੁਧਿਆਣਾ ਤੋਂ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਬੂਥ ਵਰਕਰਾਂ ਨਾਲ ਚੋਣਾਂ ਲਈ ਮੀਟਿੰਗ ਕੀਤੀ। ਉਨ੍ਹਾਂ ਚੋਣਾਂ ਲਈ ਵਰਕਰਾਂ ਵਿੱਚ ਜੋਸ਼ ਭਰਿਆ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਅਕਾਲੀ ਦਲ ਨਾਲ ਸਮਝੌਤਾ ਸਹੀ ਸਮੇਂ ‘ਤੇ ਟੁੱਟਿਆ ਹੈ। ਉਨ੍ਹਾਂ ਅਕਾਲੀ ਦਲ ਨਾਲ ਗੱਠਜੋੜ ਨੂੰ ਘਾਟੇ ਦਾ ਸੌਦਾ ਕਰਾਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਉਹ ਪੰਜਾਬ ਦੀਆਂ 117 ਸੀਟਾਂ ‘ਤੇ ਇਕੱਲੇ ਹੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਜਿਸ ਤਰ੍ਹਾਂ ਐਲਾਨ ਕਰ ਰਹੇ ਹਨ, ਉਹ ਪੂਰੇ ਹੋਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ 18 ਸਾਲ ਤੋਂ ਉਪਰ ਦੀਆਂ ਮਹਿਲਾਵਾਂ ਨੂੰ ਉਹ ਇਕ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣਗੇ, ਜੋ ਕਦੇ ਵੀ ਸੰਭਵ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਵੀ ਕਿਸੇ ਹੋਰ ਦੇ ਨਾਂ ‘ਤੇ ਨਹੀਂ ਬਲਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ‘ਤੇ ਚੋਣ ਲੜੇਗੀ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …