ਵੱਖ-ਵੱਖ ਪਾਰਟੀਆਂ ਦੇ ਹੋਰ ਕਈ ਆਗੂਆਂ ਨੇ ਵੀ ਭਾਜਪਾ ’ਚ ਕੀਤੀ ਸ਼ਮੂਲੀਅਤ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ ਵੀ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸੇ ਦੌਰਾਨ ਸਾਬਕਾ ਅਕਾਲੀ ਆਗੂ ਸਰਬਜੀਤ ਸਿੰਘ ਮੱਕੜ ਅਤੇ ਹੋਰ ਪਾਰਟੀਆਂ ਦੇ 24 ਆਗੂਆਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ ਹੈ। ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਇਨ੍ਹਾਂ ਸਾਰਿਆਂ ਦਾ ਪਾਰਟੀ ਵਿਚ ਸਵਾਗਤ ਕੀਤਾ।
ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਾਬਕਾ ਡੀਜੀਪੀ ਐਸ ਐਸ ਵਿਰਕ, ਪੰਜਾਬ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਜ਼ੀਰਾ, ਸਨਅਤਕਾਰ ਹਰਚਰਨ ਸਿੰਘ ਰਣੌਤਾ, ਸਾਬਕਾ ਅਕਾਲੀ ਆਗੂ ਸਰਬਜੀਤ ਸਿੰਘ ਮੱਕੜ ਅਤੇ ਆਮ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਭੱਟੀ ਵੀ ਸ਼ਾਮਲ ਹਨ। ਇਸ ਮੌਕੇ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਕਈ ਮੁੱਦਿਆਂ ’ਤੇ ਚਰਚਾ ਹੋਈ ਹੈ ਅਤੇ ਜਲੰਧਰ ਕੈਂਟ ਹਲਕੇ ਤੋਂ ਚੋਣ ਲੜਨ ਦਾ ਉਨ੍ਹਾਂ ਦਾ ਦਾਅਵਾ ਮਜ਼ਬੂਤ ਹੈ। ਮੱਕੜ ਨੇ ਕਿਹਾ ਕਿ ਉਹ ਜਲੰਧਰ ਵਿਚ ਵੱਡਾ ਸਮਾਗਮ ਕਰਕੇ ਹੋਰ ਵੀ ਆਪਣੇ ਸਾਥੀਆਂ ਨੂੰ ਭਾਜਪਾ ਵਿਚ ਸ਼ਾਮਲ ਕਰਵਾਉਣਗੇ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਹੀ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਸਨ।