ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਕੱਚੇ ਮੁਲਾਜ਼ਮਾਂ ਨੇ ਕੀਤੀ ਹੜਤਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਬੱਸਾਂ ਦਾ ਅੱਜ ਚੱਕਾ ਜਾਮ ਹੋ ਗਿਆ ਹੈ। ਸਾਲਾਂ ਤੋਂ ਪੀਆਰਟੀਸੀ, ਪਨਬਸ ਤੇ ਪੰਜਾਬ ਰੋਡਵੇਜ਼ ਵਿਚ ਠੇਕੇ ’ਤੇ ਨੌਕਰੀ ਕਰਨ ਵਾਲੇ ਮੁਲਾਜ਼ਮ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਅੱਜ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਗਏ ਹਨ ਅਤੇ ਇਨ੍ਹਾਂ ਕੱਚੇ ਕਾਮਿਆਂ ਨੇ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ 80 ਫੀਸਦੀ ਸਰਕਾਰੀ ਬੱਸਾਂ ਨਹੀਂ ਚੱਲ ਰਹੀਆਂ, ਜਿਸ ਕਾਰਨ ਆਮ ਲੋਕਾਂ ਨੂੰ ਵੱਡੀ ਸਮੱਸਿਆ ਹੋ ਰਹੀ ਹੈ। ਅੱਜ ਪੰਜਾਬ ਦੇ 27 ਬੱਸ ਅੱਡਿਆਂ ਤੋਂ ਬੱਸਾਂ ਨਹੀਂ ਚੱਲੀਆਂ ਅਤੇ ਇਨ੍ਹਾਂ ਨੂੰ ਰਾਤ 12 ਵਜੇ ਹੀ ਬੰਦ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਪੰਜਾਬ ਹੀ ਨਹੀਂ ਬਲਕਿ ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਵੀ ਮੁਸ਼ਕਲ ਹੋ ਰਹੀ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਯੂਨੀਅਨ ਆਗੂਆਂ ਨੇ ਕਿਹਾ ਕਿ ਭਲਕੇ 8 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਰਿਹਾਇਸ਼ ਦਾ ਵੀ ਘਿਰਾਓ ਕੀਤਾ ਜਾਵੇਗਾ ਅਤੇ ਇਸ ਤੋਂ ਪਹਿਲਾਂ ਪੰਜਾਬ ਦੇ ਸਾਰੇ ਡਿਪੂਆਂ ’ਤੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ।