ਕਿਸਾਨਾਂ ਵਲੋਂ ਹੁਣ ਫਤਹਿ ਮਾਰਚ ਦੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਭੇਜੇ ਗਏ ਡਰਾਫਟ ’ਤੇ ਸਹਿਮਤੀ ਪ੍ਰਗਟਾਈ ਹੈ ਅਤੇ ਹੁਣ ਭਲਕੇ ਫਿਰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ ਅਤੇ ਕਿਸਾਨ ਅੰਦੋਲਨ ਬਾਰੇ ਫੈਸਲਾ ਲਿਆ ਜਾਵੇਗਾ। ਇਸੇ ਦੌਰਾਨ ਕਿਸਾਨਾਂ ਵਲੋਂ ਹੁਣ ਫਤਹਿ ਮਾਰਚ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਸਿੰਘੂ ਬਾਰਡਰ ’ਤੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਸਰਕਾਰ ਦੇ ਡਰਾਫਟ ’ਤੇ ਸਹਿਮਤੀ ਬਣੀ ਹੈ ਅਤੇ ਅਜੇ ਤੱਕ ਸਰਕਾਰ ਦੀ ਰਸਮੀ ਚਿੱਠੀ ਦਾ ਇੰਤਜ਼ਾਰ ਹੈ। ਚਡੂਨੀ ਨੇ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਮੁਲਤਵੀ ਕਰਨ ’ਤੇ ਰਾਏ ਬਣੀ ਹੈ ਅਤੇ ਭਲਕੇ ਦੁਬਾਰਾ ਫਿਰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ। ਇਸੇ ਦੌਰਾਨ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਵੀ ਕਿਸਾਨਾਂ ’ਤੇ ਦਰਜ ਕੇਸ ਵਾਪਸ ਲੈਣ ਅਤੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਮੱਦਦ ਦੇਣ ਲਈ ਸਹਿਮਤੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖਿਲਾਫ 377 ਦਿਨਾਂ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ।