ਲੋਕ ਸਭਾ ਵਿਚ ਵੀ ਗੁਰੂ ਸਾਹਿਬ ਨੂੰ ਕੀਤਾ ਗਿਆ ਯਾਦ
ਨਵੀਂ ਦਿੱਲੀ/ਬਿਊਰੋ ਨਿਊਜ਼
ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਅੱਜ ਦੇਸ਼ਾਂ-ਵਿਦੇਸ਼ਾਂ ਵਿਚ ਸ਼ਰਧਾ ਨਾਲ ਮਨਾਇਆ ਗਿਆ। ਲੋਕ ਸਭਾ ਵਿਚ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸ ਮੌਕੇ ਬੋਲਦਿਆਂ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਮੰਗ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਦਿੱਲੀ ਵਿਚ ਰਾਸ਼ਟਰੀ ਯੂਨੀਵਰਸਿਟੀ ਬਣਾਈ ਜਾਵੇ। ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਹਿੰਦੂ ਧਰਮ ਦੀ ਰੱਖਿਆ ਲਈ ਦਿੱਤੀ ਗਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਦੁਨੀਆ ਵਿਚ ਪਹਿਲੀ ਵਾਰ ਹੋਇਆ ਸੀ ਜਦੋਂ ਕਿਸੇ ਗੁਰੂ ਨੇ ਦੂਜੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਿੱਤੀ ਹੋਵੇ। ਲੋਕ ਸਭਾ ਵਿਚ ਕਈ ਹੋਰ ਸੰਸਦ ਮੈਂਬਰਾਂ ਨੇ ਵੀ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸਿਜਦਾ ਕੀਤਾ। ਇਸ ਮੌਕੇ ਲੋਕ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।