ਭਲਕੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਚੰਨੀ ਦਾ ਘਰ ਘੇਰਨ ਦੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਰਕਾਰੀ ਬੱਸਾਂ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ ਅਤੇ ਭਲਕੇ 10 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੰਘਰਸ਼ ਕਰ ਰਹੇ ਕਾਮਿਆਂ ਨੂੰ ਗੱਲਬਾਤ ਲਈ ਕੋਈ ਸੱਦਾ ਨਹੀਂ ਭੇਜਿਆ, ਸਗੋਂ ਕੰਮ ਤੋਂ ਹਟਾਉਣ ਅਤੇ ਪਰਚੇ ਦਰਜ ਕਰਨ ਦੀ ਧਮਕੀ ਦਿੱਤੀ ਜਾ ਰਹੀ ਹੈ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਮੰਗਾਂ ਨਾ ਮੰਨਣ ਤੱਕ ਸੰਘਰਸ਼ ਜਾਰੀ ਰਹੇਗਾ। ਉਧਰ ਦੂਜੇ ਪਾਸੇ ਇਸ ਹੜਤਾਲ ਕਾਰਨ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨਿੱਜੀ ਬੱਸ ਕੰਪਨੀਆਂ ਵਾਲੇ ਇਸ ਹੜਤਾਲ ਦਾ ਲਾਹਾ ਖੱਟ ਰਹੇ ਹਨ। ਇੱਥੇ ਇਹ ਵੀ ਦੱਸਿਆ ਜਾ ਰਿਹਾ ਹੈ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਸਿਰਫ ਪੱਕੇ ਕਰਮਚਾਰੀ ਹੀ ਡਿਊਟੀ ਦੇ ਰਹੇ ਹਨ ਅਤੇ ਬਾਕੀ 80 ਫੀਸਦੀ ਕੱਚੇ ਕਾਮੇ ਹੜਤਾਲ ’ਤੇ ਹਨ।