Breaking News
Home / ਹਫ਼ਤਾਵਾਰੀ ਫੇਰੀ / ਹੰਕਾਰੀ ਸਰਕਾਰ ਨੂੰ ਝੁਕਾ ਕੇ ਜਾ ਰਹੇ ਹਾਂ : ਰਾਜੇਵਾਲ

ਹੰਕਾਰੀ ਸਰਕਾਰ ਨੂੰ ਝੁਕਾ ਕੇ ਜਾ ਰਹੇ ਹਾਂ : ਰਾਜੇਵਾਲ

ਕਿਹਾ : ਅਸੀਂ ਅੰਦੋਲਨ ਨੂੰ ਮੁਲਤਵੀ ਕੀਤਾ ਹੈ ਖਤਮ ਨਹੀਂ
ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਇਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਵੀਰਵਾਰ ਨੂੰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਕੇਂਦਰ ਦੀ ਹੰਕਾਰੀ ਨਰਿੰਦਰ ਮੋਦੀ ਸਰਕਾਰ ਨੂੰ ਝੁਕਾ ਕੇ ਜਾ ਰਹੇ ਹਾਂ। ਪ੍ਰੰਤੂ ਕੇਂਦਰ ਸਰਕਾਰ ਇਹ ਨਾ ਸੋਚੇ ਕਿ ਇਹ ਅੰਦੋਲਨ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਖਤਮ ਨਹੀਂ ਹੋਇਆ ਬਲਕਿ ਅਸੀਂ ਇਸ ਨੂੰ ਮੁਲਤਵੀ ਕੀਤਾ ਹੈ। ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਮੁੜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ, ਜਿਸ ਵਿਚ ਕਿਸਾਨ ਅੰਦੋਲਨ ਦੀ ਸਮੀਖਿਆ ਕੀਤੀ ਜਾਵੇਗੀ। ਰਾਜੇਵਾਲ ਨੇ ਕਿਹਾ ਕਿ ਅਜੇ ਵੀ ਕਿਸਾਨਾਂ ਦੇ ਕਈ ਸਵਾਲ ਬਾਕੀ ਹਨ ਜੇਕਰ ਇਨ੍ਹਾਂ ਸਵਾਲਾਂ ਦੀ ਕੇਂਦਰ ਸਰਕਾਰ ਵੱਲੋਂ ਪੂਰਤੀ ਨਹੀਂ ਕੀਤੀ ਜਾਂਦੀ ਤਾਂ ਅਸੀਂ ਫਿਰ ਅੰਦੋਲਨ ਕਰਾਂਗੇ। ਕਿਸਾਨ ਆਗੂ ਨੇ ਕਿਹਾ ਕਿ ਇਸ ਤਰ੍ਹਾਂ ਦਾ ਅੰਦੋਲਨ ਕਦੇ ਵੀ ਕਿਤੇ ਨਹੀਂ ਹੋਇਆ, ਜਿਸ ਦੇ ਚਲਦਿਆਂ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਨੂੰਨਾਂ ਨੂੰ ਰੱਦ ਕਰਨਾ ਪਿਆ ਜੋ ਕਿ ਸੰਯੁਕਤ ਕਿਸਾਨ ਮੋਰਚੇ ਦੀ ਇਤਿਹਾਸਕ ਜਿੱਤ ਹੈ। ਰਾਜੇਵਾਲ ਨੇ ਕਿਹਾ ਕਿ ਇਹ ਦੇਸ਼ ਭਰ ਦੇ ਕਿਸਾਨਾਂ ਦਾ ਅੰਦੋਲਨ ਸੀ। ਕਿਸਾਨ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ ਤਿੰਨੋਂ ਖੇਤੀ ਕਾਨੂੰਨਾਂ ਵਾਪਸ ਲੈ ਕੇ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਨੂੰ ਮੰਨਿਆ ਹੈ। ਉਥੇ ਹੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਲਖੀਮਪੁਰ ਖੀਰੀ ਮਾਮਲੇ ਨੂੰ ਛੱਡਿਆ ਨਹੀਂ ਬਲਕਿ ਇਸ ‘ਤੇ ਸੁਪਰੀਮ ਕੋਰਟ ਨੇ ਇਕ ਕਮੇਟੀ ਬਣਾਈ ਹੈ ਜੋ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ, ਜਿਸ ਦੇ ਚਲਦਿਆਂ ਸਰਕਾਰ ਇਸ ਮਾਮਲੇ ‘ਚ ਕੋਈ ਦਖਲਅੰਦਾਜ਼ੀ ਨਹੀਂ ਕਰ ਸਕਦੀ।

 

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …