5.2 C
Toronto
Friday, January 9, 2026
spot_img
Homeਭਾਰਤਸੁਨੀਲ ਜਾਖੜ ਹੋਣਗੇ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ

ਸੁਨੀਲ ਜਾਖੜ ਹੋਣਗੇ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ

ਪ੍ਰਤਾਪ ਬਾਜਵਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਬਣੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਨੇ ਵੀ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਵਿਚ ਪਾਰਟੀ ਨਾਲ ਨਰਾਜ਼ ਚੱਲ ਰਹੇ ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਗਿਆ ਹੈ ਅਤੇ ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਬਣਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅੰਬਿਕਾ ਸੋਨੀ ਨੂੰ ਚੋਣ ਕੋਆਰਡੀਨੇਸ਼ਨ ਕਮੇਟੀ ਅਤੇ ਅਜੇ ਮਾਕਨ ਨੂੰ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿਚ ਪਾਰਟੀ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ। ਪਹਿਲਾਂ ਉਨ੍ਹਾਂ ਨੂੰ ਪ੍ਰਧਾਨਗੀ ਦੀ ਕੁਰਸੀ ਤੋਂ ਹਟਾ ਕੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸੀਐਮ ਬਣਾਉਣ ਲਈ ਬੁਲਾਇਆ ਗਿਆ ਸੀ, ਫਿਰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਜਾਖੜ ਨੇ ਪਾਰਟੀ ਤੋਂ ਦੂਰੀ ਬਣਾ ਲਈ ਸੀ ਅਤੇ ਟਵੀਟ ਦੇ ਜ਼ਰੀਏ ਉਹ ਪਾਰਟੀ ਆਗੂਆਂ ‘ਤੇ ਸਿਆਸੀ ਨਿਸ਼ਾਨੇ ਵੀ ਸਾਧਦੇ ਰਹੇ ਹਨ। ਧਿਆਨ ਰਹੇ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਲਈ ਥੋੜ੍ਹਾ ਸਮਾਂ ਹੀ ਬਚਿਆ ਹੈ, ਪਰ ਅਜੇ ਤੱਕ ਕਿਸੇ ਵੀ ਕਾਂਗਰਸੀ ਉਮੀਦਵਾਰ ਦਾ ਨਾਮ ਨਹੀਂ ਐਲਾਨਿਆ ਗਿਆ।
ਸਕਰੀਨਿੰਗ ਕਮੇਟੀ ਵਿਚ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਚੰਦਨ ਯਾਦਵ ਅਤੇ ਸਕੱਤਰ ਕ੍ਰਿਸ਼ਨਾ ਅਲਵਾਰੂ ਸਹਿਯੋਗੀ ਲਾਏ ਗਏ ਹਨ ਜਦਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਇਸ ਕਮੇਟੀ ਦੇ ਮੈਂਬਰ ਹੋਣਗੇ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਨ੍ਹਾਂ ਕਮੇਟੀਆਂ ਨੂੰ ਹਰੀ ਝੰਡੀ ਦੇ ਕੇ ਪੰਜਾਬ ਚੋਣਾਂ ਲਈ ਤਿਆਰੀ ਦੇ ਸੰਕੇਤ ਦੇ ਦਿੱਤੇ ਹਨ। ਹਾਈਕਮਾਨ ਨੇ ਨਰਾਜ਼ਗੀ ਦੂਰ ਕਰਨ ਲਈ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ ਜਦਕਿ ਪਹਿਲਾਂ ਚੋਣ ਪ੍ਰਚਾਰ ਕਮੇਟੀ ਦੀ ਚੇਅਰਮੈਨੀ ਮੁੱਖ ਮੰਤਰੀ ਜਾਂ ਕਾਂਗਰਸ ਪ੍ਰਧਾਨ ਨੂੰ ਮਿਲਦੀ ਰਹੀ ਹੈ। ਹਾਈਕਮਾਨ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾ ਕੇ ਦਲਿਤ ਅਤੇ ਜੱਟ ਸਿੱਖ ਭਾਈਚਾਰੇ ਨੂੰ ਅਹਿਮ ਪ੍ਰਤੀਨਿਧਤਾ ਪਹਿਲਾਂ ਹੀ ਦੇ ਦਿੱਤੀ ਸੀ। ਹਾਈਕਮਾਨ ਨੇ ਸੁਨੀਲ ਜਾਖੜ ਨੂੰ ਜ਼ਿੰਮੇਵਾਰੀ ਸੌਂਪ ਕੇ ਸੂਬੇ ਦੇ ਹਿੰਦੂ ਭਾਈਚਾਰੇ ਨੂੰ ਨੁਮਾਇੰਦਗੀ ਦੇਣ ਦਾ ਯਤਨ ਕੀਤਾ ਹੈ। ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਅਜੈ ਮਾਕਨ ਵੀ ਹਿੰਦੂ ਭਾਈਚਾਰੇ ਨਾਲ ਸਬੰਧਤ ਹਨ।

 

RELATED ARTICLES
POPULAR POSTS