ਰਵਨੀਤ ਬਿੱਟੂ ਨੇ ਕਿਹਾ, ਭਗਵੰਤ ਮਾਨ ਵੱਲੋਂ ਲਾਏ ਆਰੋਪਾਂ ਬਾਰੇ ਸਥਿਤੀ ਸਪਸ਼ਟ ਕਰੇ ਕੇਂਦਰ ਸਰਕਾਰ
ਨਵੀਂ ਦਿੱਲੀ : ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਵਿੱਚ ਕੇਂਦਰ ਸਰਕਾਰ ਨੂੰ ਸਵਾਲ ਪੁੱਛੇ। ਉੋਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਕ ਸੰਸਦ ਮੈਂਬਰ ਵੱਲੋਂ ਭਾਜਪਾ ‘ਤੇ ਉਸ ਨੂੰ ਖਰੀਦਣ ਦੇ ਆਰੋਪ ਲਗਾਏ ਗਏ ਹਨ ਅਤੇ ਇਸ ਬਾਰੇ ਕੇਂਦਰ ਸਰਕਾਰ ਆਪਣੀ ਸਥਿਤੀ ਸਪੱਸ਼ਟ ਕਰੇ।
ਬਿੱਟੂ ਨੇ ਕਿਹਾ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਇਹ ਬਿਆਨ ਸਦਨ ਦੇ ਬਾਹਰ ਨਹੀਂ ਬਲਕਿ ਅੰਦਰ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਿਆਸੀ ਲੋਕਾਂ ਲਈ ਅਜਿਹੀ ਗੱਲ ਸ਼ਰਮਸਾਰ ਕਰਨ ਵਾਲੀ ਹੈ ਤੇ ਕੇਂਦਰ ਸਰਕਾਰ ਨੂੰ ਭਗਵੰਤ ਮਾਨ ਦੇ ਇਨ੍ਹਾਂ ਆਰੋਪਾਂ ਬਾਰੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਲੰਘੇ ਕੱਲ੍ਹ ਭਾਜਪਾ ‘ਤੇ ਵੱਡਾ ਆਰੋਪ ਲਗਾਇਆ ਸੀ। ਉਨ੍ਹਾਂ ਕਿਹਾ ਸੀ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਨੂੰ ਲਾਲਚ ਦੇ ਕੇ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ ਪ੍ਰੰਤੂ ਉਹ ਸਾਰਿਆਂ ਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਅਜਿਹੇ ਨੋਟ ਅਜੇ ਤੱਕ ਨਹੀਂ ਬਣੇ ਜੋ ਭਗਵੰਤ ਮਾਨ ਨੂੰ ਖਰੀਦ ਸਕਣ। ਉਨ੍ਹਾਂ ਭਾਜਪਾ ਦੀ ਖਰੀਦੋ-ਫਰੋਖਤ ਦੀ ਕੋਸ਼ਿਸ਼ ਦਾ ਖੁਲਾਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਭਾਜਪਾ ਦੇ ਇਕ ਵੱਡੇ ਆਗੂ ਦਾ ਫੋਨ ਆਇਆ ਅਤੇ ਉਸ ਨੇ ਕਿਹਾ ਕਿ ਭਾਜਪਾ ‘ਚ ਆਉਣ ਲਈ ਕਿੰਨੇ ਪੈਸੇ ਲੈਣੇ ਹਨ।
ਮਾਨ ਨੇ ਭਾਜਪਾ ਨਾਲ ਸਾਂਝ ਪਾਉਣ ਵਾਲਿਆਂ ਨੂੰ ਲਿਆ ਲੰਮੇ ਹੱਥੀਂ
ਕਿਹਾ : ਕੈਪਟਨ ਅਮਰਿੰਦਰ ਨੂੰ ਪੰਜਾਬ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਲਈ ਭਾਜਪਾ ਨਾਲ ਗੱਠਜੋੜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਬਣਾ ਕੇ ਭਾਜਪਾ ਨਾਲ ਸਿਆਸੀ ਪਾਰੀ ਖੇਡਣ ਜਾ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਕੈਪਟਨ ਨੇ ਖੁਦ ਵੀ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਅਤੇ ਹੁਣ ਸਿਆਸੀ ਸਾਥ ਵੀ ਉਸ ਭਾਜਪਾ ਦਾ ਲੈ ਰਹੇ ਹਨ, ਜਿਸ ਨੇ ਪੰਜਾਬ ਅਤੇ ਪੰਜਾਬ ਦੇ ਅੰਨਦਾਤਾ ਨੂੰ ਮਿੱਟੀ ‘ਚ ਰੋਲਣ ਦੀ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਕੈਪਟਨ ਨੇ ਕੁਰਸੀ ‘ਤੇ ਬੈਠ ਕੇ ਲੋਕ ਭਲਾਈ ਲਈ ਕੋਈ ਕੰਮ ਨਹੀਂ ਕੀਤਾ ਅਤੇ ਨਾ ਹੀ ਕੋਈ ਚੋਣ ਵਾਅਦਾ ਪੂਰਾ ਕੀਤਾ। ਸੂਬੇ ‘ਚ ਨਸ਼ੇ, ਰੇਤਾ, ਕੇਬਲ ਅਤੇ ਟਰਾਂਸਪੋਰਟ ਮਾਫੀਆ ਜਿਉਂ ਦਾ ਤਿਉਂ ਹੀ ਕਾਇਮ ਰੱਖਿਆ। ‘ਆਪ’ ਆਗੂ ਨੇ ਕਿਹਾ ਕਿ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਰਾਜਨੀਤਕ ਗੱਠਜੋੜ ਬਾਰੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਵੀ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਹ ਪੰਜਾਬ ਨਾਲ ਹਨ ਜਾਂ ਕੁਰਸੀ ਲਈ ਪੰਜਾਬ ਦੇ ਦੋਖੀਆਂ ਨਾਲ ਸਿਆਸੀ ਗੱਠਜੋੜ ਕਰਨਗੇ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਭਾਜਪਾ ਮਿਲ ਕੇ ਪੰਜਾਬ ‘ਚ ਰਾਜਨੀਤਕ ਜ਼ਮੀਨ ਤਲਾਸ਼ਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪੰਜਾਬ ਦੀ ਪਿੱਠ ‘ਚ ਛੁਰਾ ਮਾਰਨ ਵਾਲਿਆਂ ਦਾ ਪੰਜਾਬੀ ਕਦੇ ਵੀ ਸਾਥ ਨਹੀਂ ਦੇਣਗੇ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …