ਕਬੱਡੀ ਖਿਡਾਰੀਆਂ, ਕੋਚਾਂ ਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ
ਬਠਿੰਡਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਅਕਾਲੀ-ਬਸਪਾ ਗੱਠਜੋੜ ਵਾਲੀ ਸਰਕਾਰ ਬਣਨ ‘ਤੇ ਪੰਜਾਬ ਵਿੱਚ ਕਬੱਡੀ ਨੂੰ ਪ੍ਰਫੁੱਲਤ ਕਰਨ ਲਈ ਕਬੱਡੀ ਕੱਪ ਤੇ ਕਬੱਡੀ ਲੀਗ ਸ਼ੁਰੂ ਕੀਤੀ ਜਾਵੇਗੀ ਤੇ ਵਰਲਡ ਕਬੱਡੀ ਕੱਪ ਵੀ ਕਰਵਾਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਬਠਿੰਡਾ ‘ਚ ਸੂਬੇ ਭਰ ਤੋਂ ਪਹੁੰਚੇ 400 ਤੋਂ ਵੱਧ ਖਿਡਾਰੀਆਂ ਤੇ ਕਬੱਡੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰ ਰਹੇ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਵੇਲੇ ਸ਼ੁਰੂ ਕੀਤਾ ਗਿਆ ਕਬੱਡੀ ਦਾ ਵਿਸ਼ਵ ਕੱਪ ਕਾਂਗਰਸ ਸਰਕਾਰ ਨੇ ਬੰਦ ਕਰਵਾ ਦਿੱਤਾ, ਪਰ ਹੁਣ ਪੰਜਾਬ ‘ਚ ਕਬੱਡੀ ਕੱਪ ਕਰਵਾਇਆ ਜਾਵੇਗਾ ਜਿਸ ਵਿੱਚ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈਣਗੀਆਂ ਤੇ ਇਸ ਦੀ ਇਨਾਮੀ ਰਾਸ਼ੀ ਇੱਕ ਕਰੋੜ ਰੁਪਏ ਹੋਵੇਗੀ। ਕਬੱਡੀ ਨੂੰ ਕੌਮੀ ਪੱਧਰ ‘ਤੇ ਲਿਜਾਣ ਲਈ ਕਬੱਡੀ ਲੀਗ ਸ਼ੁਰੂ ਕੀਤੀ ਜਾਵੇਗੀ, ਜਿਸ ਦੀ ਇਨਾਮੀ ਰਾਸ਼ੀ 2 ਕਰੋੜ ਰੁਪਏ ਹੋਵੇਗੀ। ਇਸ ਦੇ ਨਾਲ ਹੀ ਪੰਜ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵਾਲਾ ਕਬੱਡੀ ਵਿਸ਼ਵ ਕੱਪ ਵੀ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਬੱਡੀ ਖਿਡਾਰੀ ਦੀ ਗਰੇਡੇਸ਼ਨ ਕੀਤੀ ਜਾਵੇਗੀ ਤੇ 25 ਲੱਖ ਰੁਪਏ ਦਾ ਬੀਮਾ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਖਰਲੇ ਖਿਡਾਰੀਆਂ ਨੂੰ ਸੇਵਾਮੁਕਤੀ ਮਗਰੋਂ ਕੋਚਾਂ ਵਜੋਂ ਭਰਤੀ ਕੀਤਾ ਜਾਵੇਗਾ। ਇਸ ਮੌਕੇ ਸਿਕੰਦਰ ਸਿੰਘ ਮਲੂਕਾ, ਤੇਜਿੰਦਰ ਸਿੰਘ ਮਿੱਡੂਖੇੜਾ, ਪਰਮਿੰਦਰ ਡੱਲਾ ਤੇ ਹੋਰ ਹਾਜ਼ਰ ਸਨ।
ਸੁਖਬੀਰ ਨੇ ਚੰਨੀ ਨੂੰ ਸਭ ਤੋਂ ਵੱਡਾ ਰੇਤ ਮਾਫੀਆ ਗਰਦਾਨਿਆ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਸੁਨਾਮ ਤੋਂ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਬਲਦੇਵ ਸਿੰਘ ਮਾਨ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਆਰੋਪ ਲਾਇਆ ਕਿ ਕਾਂਗਰਸ ਸਰਕਾਰ ਦੇ ਵਿਧਾਇਕਾਂ ਵੱਲੋਂ ਰੇਤ ਮਾਫੀਆ, ਡਰੱਗ ਮਾਫੀਆ ਤੇ ਸ਼ਰਾਬ ਮਾਫੀਆ ਰਾਹੀਂ ਸੂਬੇ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਸਭ ਤੋਂ ਵੱਡਾ ਰੇਤ ਮਾਫੀਆ ਗਰਦਾਨਿਆ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਦੇ ਲੋਕਾਂ ਨੂੰ ਬਚ ਕੇ ਰਹਿਣ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਲੋਕਾਂ ਨੂੰ ਭਰਮਾ ਕੇ ਪੰਜਾਬ ‘ਤੇ ਆਪਣਾ ਕਬਜ਼ਾ ਕਰਨਾ ਚਾਹੁੰਦਾ ਹੈ ਪਰ ਉਨ੍ਹਾਂ ਦਾ ਸੁਫਨਾ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਹਲਕਾ ਵਾਸੀਆਂ ਨੂੰ ਬਲਦੇਵ ਸਿੰਘ ਮਾਨ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕਰਦਿਆਂ ਆਪਣੀ ਸਰਕਾਰ ਬਣਨ ਉਤੇ ਸੁਨਾਮ ਵਿਚ ਮੈਡੀਕਲ ਕਾਲਜ ਖੋਲ੍ਹਣ ਦੇ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਵਿਦਿਆਰਥੀਆਂ ਲਈ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਦਾ ਐਲਾਨ ਵੀ ਕੀਤਾ।
Check Also
ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਪੰਜਾਬ ਨੂੰ ਅੱਗੇ ਲਿਜਾਣ ਦਾ ਵਿਜ਼ਨ ਕੀਤਾ ਤਿਆਰ
ਕਿਹਾ : ਐਨ.ਆਰ.ਆਈ. ਨਾਗਰਿਕਾਂ ਨੂੰ ਵੀ ਪੰਜਾਬ ’ਚ ਨਿਵੇਸ਼ ਕਰਨ ਦਾ ਸੱਦਾ ਦੇਵੇ ਸਰਕਾਰ ਚੰਡੀਗੜ੍ਹ/ਬਿਊਰੋ …