Breaking News
Home / ਪੰਜਾਬ / ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ

ਲੋਕ ਸਭਾ ‘ਚ ਮੈਂਬਰਾਂ ਨੇ ਗੁਰੂ ਸਾਹਿਬ ਦੇ ਬਲਿਦਾਨ ਨੂੰ ਕੀਤਾ ਸਿਜਦਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ ਅਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ਵਿਚ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦਿੱਤੀ। ਇਸੇ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਮੌਕੇ ਲੋਕ ਸਭਾ ‘ਚ ਮੈਂਬਰਾਂ ਨੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਕੌਮੀ ਰਾਜਧਾਨੀ ਦਿੱਲੀ ‘ਚ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ‘ਚ ਯੂਨੀਵਰਸਿਟੀ ਬਣਾਉਣ ਦੀ ਮੰਗ ਉੱਠੀ। ਪ੍ਰਸ਼ਨਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਅਕਾਲੀ ਦਲ ਦੀ ਮੈਂਬਰ ਹਰਸਿਮਰਤ ਕੌਰ ਬਾਦਲ, ਕਾਂਗਰਸ ਮੈਂਬਰਾਂ ਰਵਨੀਤ ਸਿੰਘ ਬਿੱਟੂ ਤੇ ਜਸਬੀਰ ਸਿੰਘ ਗਿੱਲ ਅਤੇ ਭਾਜਪਾ ਮੈਂਬਰ ਐੱਸ ਐੱਸ ਆਹਲੂਵਾਲੀਆ ਨੇ 9ਵੀਂ ਪਾਤਸ਼ਾਹੀ ਦੇ ਬਲਿਦਾਨ ਨੂੰ ਯਾਦ ਕੀਤਾ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਬਿੱਟੂ ਨੇ ਕਿਹਾ ਕਿ ਮੈਂ ਮੰਗ ਕਰਦਾ ਹਾਂ ਕਿ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਨੂੰ ਦੇਖਦਿਆਂ ਦਿੱਲੀ ‘ਚ ਕੌਮੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇ। ਖਡੂਰ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਠਿਆਲਾ ‘ਚ ਗੁਰੂ ਤੇਗ ਬਹਾਦਰ ਦਸਤਕਾਰੀ ਇੰਸਟੀਚਿਊਟ ਸਥਾਪਤ ਕਰਨ ਲਈ ਸਰਕਾਰ ਨੂੰ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਪਹਿਲਾਂ ਹੀ ਇਸ ਬਾਰੇ ਤਜਵੀਜ਼ ਭੇਜੀ ਹੋਈ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਇੰਸਟੀਚਿਊਟ ਸਥਾਪਤ ਕਰਨ ਲਈ ਜ਼ਮੀਨ ਅਤੇ ਇਮਾਰਤ ਦੇਵੇਗੀ।
ਬਾਅਦ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮਾਂਤਰੀ ਧਾਰਮਿਕ ਆਜ਼ਾਦੀ ਅਤੇ ਸਹਿਣਸ਼ੀਲਤਾ ਦਿਵਸ ਵਜੋਂ ਮਨਾਉਣ ਲਈ ਸੰਯੁਕਤ ਰਾਸ਼ਟਰ ਕੋਲ ਪਹੁੰਚ ਕਰੇ। ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਦੁਨੀਆ ਭਰ ਵਿਚ ਖਾਸ ਤੌਰ ‘ਤੇ ਜਿਥੇ ਪੰਜਾਬੀ ਵੱਡੀ ਗਿਣਤੀ ਵਿਚ ਰਹਿੰਦੇ ਹਨ, ਉਥੇ ਗੁਰੂ ਤੇਗ ਬਹਾਦਰ ਜੀ ਵੱਲੋਂ ਧਰਮ ਦੀ ਆਜ਼ਾਦੀ ਤੇ ਸਹਿਣਸ਼ੀਲਤਾ ਦੇ ਨਾਲ ਨਾਲ ਮਨੁੱਖਤਾ ਦੇ ਮਾਣ ਤੇ ਸਤਿਕਾਰ ਲਈ ਦਿੱਤੀ ਸ਼ਹਾਦਤ ਬਾਰੇ ਸਕੂਲਾਂ ਵਿਚ ਇਕ ਅਧਿਆਏ ਸ਼ੁਰੂ ਕਰਨ ਲਈ ਵੀ ਪਹੁੰਚ ਕਰੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਵਿਚ ਸ਼ਾਮਲ ਕਰਨ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਇਕ ਕੌਮੀ ਐਵਾਰਡ ਵੀ ਸ਼ੁਰੂ ਕੀਤਾ ਜਾਵੇ ਅਤੇ ਇਹ ਪਹਿਲਾ ਪੁਰਸਕਾਰ ਭਗਤ ਪੂਰਨ ਸਿੰਘ ਨੂੰ ਮਿਲਣਾ ਚਾਹੀਦਾ ਹੈ ਜਿਨ੍ਹਾਂ ਗੁਰੂ ਸਾਹਿਬਾਨ ਦੇ ਲੋੜਵੰਦਾਂ ਦੀ ਮਦਦ ਕਰਨ ਅਤੇ ਗੁਰੂ ਸਾਹਿਬ ਦੇ ਫਲਸਫੇ ਨੂੰ ਪ੍ਰਫੁੱਲਤ ਕਰਨ ਵਿਚ ਯੋਗਦਾਨ ਪਾਇਆ।
ਪ੍ਰਧਾਨ ਮੰਤਰੀ ਨੇ ਗੁਰੂ ਤੇਗ ਬਹਾਦਰ ਜੀ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ : ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ‘ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਆਖਰੀ ਦਮ ਤੱਕ ਬੇਇਨਸਾਫ਼ੀ ਖਿਲਾਫ ਜੰਗ ਲੜੀ ਸੀ। ਮੋਦੀ ਨੇ ਟਵੀਟ ਕਰਕੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਾਡੇ ਇਤਿਹਾਸ ਦਾ ਨਾਭੁਲਾਉਣਯੋਗ ਪਲ ਹੈ। ਉਨ੍ਹਾਂ ਆਪਣੇ ਆਖਰੀ ਦਮ ਤੱਕ ਅਨਿਆਂ ਖਿਲਾਫ ਜੰਗ ਲੜੀ ਸੀ।

Check Also

ਪੰਜਾਬ ’ਚ ਚੋਣਾਂ ਦੌਰਾਨ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਹੋਣਗੀਆਂ ਤਾਇਨਾਤ

ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਹੋਵੇਗੀ ਸਖਤ ਸੁਰੱਖਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਚੋਣ ਪ੍ਰਕਿਰਿਆ ਅਮਨ ਸ਼ਾਂਤੀ …