Breaking News
Home / ਪੰਜਾਬ / ਮਾਸਟਰ ਬਲਦੇਵ ਸਿੰਘ ਕਾਂਗਰਸ ਪਾਰਟੀ ‘ਚ ਹੋਏ ਸ਼ਾਮਲ

ਮਾਸਟਰ ਬਲਦੇਵ ਸਿੰਘ ਕਾਂਗਰਸ ਪਾਰਟੀ ‘ਚ ਹੋਏ ਸ਼ਾਮਲ

ਸਾਬਕਾ ਵਿਧਾਇਕ ਨੇ ਲੰਘੇ ਕੱਲ੍ਹ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਭੇਜਿਆ ਸੀ ਅਸਤੀਫ਼ਾ
ਮਾਨਸਾ/ਬਿਊਰੋ ਨਿਊਜ਼ :
ਕਾਂਗਰਸ ਪਾਰਟੀ ਨੂੰ ਪੰਜਾਬ ਵਿਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋ ਆਮ ਆਦਮੀ ਪਾਰਟੀ ਦੇ ਹਲਕਾ ਜੈਤੋ ਤੋਂ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਮਾਨਸਾ ਰੈਲੀ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਸਟਰ ਬਲਦੇਵ ਸਿੰਘ ਨੂੰ ਕਾਂਗਰਸ ਵਿੱਚ ਸ਼ਾਮਲ ਕੀਤਾ। ਸਾਬਕਾ ਵਿਧਾਇਕ ਨੇ ਲੰਘੇ ਕੱਲ੍ਹ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਸੀ। ਜ਼ਿਕਰਯੋਗ ਹੈ ਮਾਸਟਰ ਬਲਦੇਵ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਨੂੰ ਹਰਾਇਆ ਸੀ। ਇਸ ਉਪਰੰਤ ਪਾਰਟੀ ਨਾਲ ਨਾਰਾਜ਼ਗੀ ਦੇ ਚਲਦਿਆਂ ਉਨ੍ਹਾਂ 2019 ਦੀ ਲੋਕ ਸਭਾ ਦੀ ਚੋਣ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਵੱਲੋਂ ਲੜੀ ਅਤੇ ਹਾਰ ਗਏ। ਜਾਣਕਾਰੀ ਅਨੁਸਾਰ ਕੁਝ ਅਰਸਾ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਨੇ ਉਨ੍ਹਾਂ ਨੂੰ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਠਹਿਰਾ ਦਿੱਤਾ ਸੀ। ਉਧਰ ਦੂਜੇ ਪਟਿਆਲਾ ਜ਼ਿਲ੍ਹੇ ਵਿਧਾਨ ਸਭਾ ਹਲਕਾ ਨਾਭਾ ‘ਚ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਮਿਲੀ ਜਦੋਂ ਸ਼੍ਰੋਮਣੀ ਅਕਾਲੀ ਦਲ ਦਾ ਲੰਮਾ ਸਮਾਂ ਹਲਕਾ ਇੰਚਾਰਜ ਰਹੇ ਮੱਖਣ ਸਿੰਘ ਲਾਲਕਾ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਲਾਲਕਾ ਸ਼੍ਰੋਮਣੀ ਅਕਾਲੀ ਦਲ ਬਾਜੀਗਰ ਵਿੰਗ ਦੇ ਮੁਖੀ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਸਮੇਂ ਉਨ੍ਹਾਂ ਦੇ ਨਾਲ ਜਗਜੀਤ ਸਿੰਘ, ਜਥੇਦਾਰ ਲਾਲ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਜਗਦੀਸ਼ ਲਾਲਕਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਹਾਜ਼ਰ ਸਨ। ਲਾਲਕਾ ਨੂੰ ਪਾਰਟੀ ਵਿਚ ਸ਼ਾਮਲ ਕਰਨ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੀ ਮੌਜੂਦ ਸਨ।

 

Check Also

ਜੇਲ੍ਹ ’ਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ 

ਈਡੀ ਦਾ ਆਰੋਪ : ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਹਨ ਮਿੱਠੀਆਂ ਚੀਜ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …