Breaking News
Home / ਪੰਜਾਬ / ਕਿਸਾਨਾਂ ਨੇ ਮੋਰਚਾ ਫਤਿਹ ਕਰਨ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਕਿਸਾਨਾਂ ਨੇ ਮੋਰਚਾ ਫਤਿਹ ਕਰਨ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਐਸਜੀਪੀਸੀ ਨੇ ਕਿਸਾਨ ਆਗੂਆਂ ਦਾ ਕੀਤਾ ਸਨਮਾਨ
ਕਿਸਾਨ ਅੰਦੋਲਨ ਅਜੇ ਵਾਪਸ ਨਹੀਂ ਲਿਆ, ਮੁਲਤਵੀ ਕੀਤਾ : ਬਲਬੀਰ ਸਿੰਘ ਰਾਜੇਵਾਲ
ਅੰਮਿ੍ਰਤਸਰ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਤੋਂ ਬਾਅਦ ਅੱਜ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਇਸੇ ਦੌਰਾਨ ਕਿਸਾਨਾਂ ਦਾ ਪੰਜਾਬ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡਾਂ ਵਿਚ ਭਰਵਾਂ ਸਵਾਗਤ ਵੀ ਹੋਇਆ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਕਿਸਾਨ ਆਗੂਆਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਸੰਘਰਸ਼ ਮੋਰਚਾ ਅਕਾਲ ਪੁਰਖ ਦੀ ਕਿਰਪਾ ਸਦਕਾ ਹੀ ਫ਼ਤਹਿ ਹੋਇਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨ ਮੋਰਚਾ ਅਜੇ ਵਾਪਸ ਨਹੀਂ ਲਿਆ, ਜਦਕਿ ਮੁਲਤਵੀ ਕੀਤਾ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ। ਕਿਸਾਨਾਂ ਦੇ ਕੀਤੇ ਗਏ ਸਨਮਾਨ ਲਈ ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਵੀ ਕੀਤਾ। ਜਲ੍ਹਿਆਂਵਾਲਾ ਬਾਗ ਵਿਚ ਵੀ ਕਿਸਾਨ ਆਗੂਆਂ ਦਾ ਸਨਮਾਨ ਕੀਤਾ ਗਿਆ। ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾਂ ਨੇ ਦੁਰਗਿਆਨਾ ਮੰਦਰ ਅਤੇ ਰਾਮ ਤੀਰਥ ਵਿਖੇ ਵੀ ਮੱਥਾ ਟੇਕਿਆ।
ਜ਼ਿਕਰਯੋਗ ਹੈ ਕਿ ਕਾਲੇ ਖੇਤੀ ਕਾਨੂੰਨ ਹੁਣ ਪੂਰੀ ਤਰ੍ਹਾਂ ਖਤਮ ਹੋ ਚੁੱਕੇ ਹਨ ਅਤੇ ਕਿਸਾਨ ਅੰਦੋਲਨ ਵੀ ਮੁਲਤਵੀ ਹੋ ਚੁੱਕਾ ਹੈ। ਕਿਸਾਨ ਹੁਣ ਦਿੱਲੀ ਦੀਆਂ ਸਰਹੱਦਾਂ ਤੋਂ ਵਾਪਸ ਆਪੋ ਆਪਣੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪਹੁੰਚ ਰਹੇ ਹਨ। ਇਸੇ ਦੌਰਾਨ ਕਿਸਾਨਾਂ ਦਾ ਹਰਿਆਣਾ ਅਤੇ ਪੰਜਾਬ ਵਿਚ ਭਰਵਾਂ ਸਵਾਗਤ ਹੋ ਰਿਹਾ ਹੈ। ਰਸਤੇ ਵਿਚ ਕਿਸਾਨਾਂ ’ਤੇ ਫੁੱਲਾਂ ਦੀ ਵਰਖਾ ਵੀ ਹੋ ਰਹੀ ਹੈ ਅਤੇ ਭੰਗੜੇ ਵੀ ਪਾਏ ਜਾ ਰਹੇ ਹਨ ਅਤੇ ਜਗ੍ਹਾ-ਜਗ੍ਹਾ ਲੰਗਰ ਵੀ ਲਗਾਏ ਗਏ ਹਨ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …