ਹੜਤਾਲੀ ਮੁਲਾਜ਼ਮਾਂ ਨੇ ਮੁੱਖ ਮੰਤਰੀ ਦੇ ਘਰ ਮੂਹਰੇ ਲਾਇਆ ਪੱਕਾ ਧਰਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੀਆਰਟੀਸੀ, ਪੰਜਾਬ ਰੋਡਵੇਜ਼, ਪਨਬਸ ਦੇ ਕੱਚੇ ਕਾਮਿਆਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ 9ਵੇਂ ਦਿਨ ਵੀ ਜਾਰੀ ਰਹੀ। ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਉਮੀਦ ਸੀ ਕਿ ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿਚ ਸ਼ਾਇਦ ਕੋਈ ਹੱਲ ਨਿਕਲ ਆਵੇ ਪ੍ਰੰਤੂ ਲੰਘੇ ਕੱਲ੍ਹ ਹੋਈ ਮੀਟਿੰਗ ਵਿਚ ਵੀ ਸਰਕਾਰ ਵੱਲੋਂ ਕੋਈ ਹੱਲ ਨਹੀਂ ਕੱਢਿਆ ਗਿਆ, ਜਿਸ ਦੇ ਚਲਦਿਆਂ ਸੰਘਰਸ਼ ਕਰ ਰਹੇ ਇਨ੍ਹਾਂ ਕਾਮਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਰੜ ਸਥਿਤ ਘਰ ਮੂਹਰੇ ਪੱਕਾ ਧਰਨਾ ਲਗਾ ਦਿੱਤਾ। ਜਦਕਿ ਸੀਨੀਅਰ ਅਫ਼ਸਰਾਂ ਵੱਲੋਂ ਉਨ੍ਹਾਂ ਨੂੰ ਇਹ ਧਰਨਾ ਚੁੱਕਣ ਲਈ ਵੀ ਕਿਹਾ ਜਾ ਰਿਹਾ ਹੈ ਪ੍ਰੰਤੂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਇਹ ਧਰਨਾ ਇਸੇ ਤਰ੍ਹਾਂ ਚਲਦਾ ਰਹੇਗਾ। ਦੂਜੇ ਪਾਸੇ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੀ ਹੜਤਾਲ ਦੇ ਚਲਦਿਆਂ ਜ਼ਿਆਦਾਤਰ ਬੱਸਾਂ ਦਾ ਚੱਕਾ ਜਾਮ ਹੈ ਅਤੇ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵਾਰੀਆਂ ਬੱਸ ਅੱਡਿਆਂ ’ਤੇ ਖੜ੍ਹੀਆਂ ਦੋ-ਦੋ ਘੰਟਿਆਂ ਤੱਕ ਬੱਸਾਂ ਦਾ ਇੰਤਜ਼ਾਰ ਕਰ ਰਹੀਆਂ ਪ੍ਰੰਤੂ ਕੋਈ ਬੱਸ ਨਹੀਂ ਆ ਰਹੀ ਜਦਕਿ ਪ੍ਰਾਈਵੇਟ ਬੱਸ ਕੰਪਨੀਆਂ ਦੇ ਮਾਲਕ ਸਵਾਰੀਆਂ ਕੋਲੋਂ ਮਨਮਰਜੀ ਦਾ ਕਿਰਾਇਆ ਵਸੂਲ ਰਹੇ ਹਨ।