ਕਿਹਾ : ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਰਲ ਕੇ ਬਚਾਵਾਂਗੇ
ਰਾਏਕੋਟ/ਬਿਊਰੋ ਨਿਊਜ਼
ਲੁਧਿਆਣਾ ਜ਼ਿਲ੍ਹੇ ਵਿਚ ਪੈਂਦੇ ਕਸਬਾ ਰਾਏਕੋਟ ਵਿਚ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦੀ ਚੁਣਾਵੀ ਰੈਲੀ ਨੂੰ ਸੰਬੋਧਨ ਕੀਤਾ। ਨਵਜੋਤ ਸਿੱਧੂ ਨੇ ਰੈਲੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਛੋਟਾ ਭਰਾ ਦੱਸਦੇ ਹੋਏ ਕਿਹਾ ਕਿ ਉਹ ਖੁਦ ਅਤੇ ਚੰਨੀ ਬਲਦਾਂ ਦੀ ਜੋੜੀ ਹਨ ਅਤੇ ਅਸੀਂ ਮਿਲ ਕੇ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਵਾਂਗੇ। ਸਿੱਧੂ ਨੇ ਆਮ ਆਦਮੀ ਪਾਰਟੀ ’ਤੇ ਵੀ ਤਿੱਖੇ ਨਿਸ਼ਾਨੇ ਸਾਧੇ ਅਤੇ ਕੇਜਰੀਵਾਲ ਨੂੰ ਚੁਣਾਵੀ ਟੂਰਿਸਟ ਦੱਸਿਆ।
ਇਸੇ ਦੌਰਾਨ ਸਿੱਧੂ ਨੇ ਸੁਖਬੀਰ ਬਾਦਲ ਅਤੇ ਮਜੀਠੀਆ ਨੂੰ ਵੀ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਅਤੇ ਮਜੀਠੀਆ ਦੀ ਜੀਜਾ ਸਾਲੇ ਦੀ ਜੋੜੀ ਕਦੀ ਵੀ ਪੰਜਾਬ ਦੀ ਸੱਤਾ ’ਚ ਨਹੀਂ ਆ ਸਕਦੀ। ਸਿੱਧੂ ਨੇ ਕਿਹਾ ਕਿ ਇਸ ਵਾਰ ਮੈਂ ਪੰਜਾਬ ਦੀ ਲੜਾਈ ਲੋਕਾਂ ਲਈ ਲੜਨੀ ਹੈ ਅਤੇ ਹਰ ਪੰਜਾਬੀ ਨੂੰ ਸਿਆਸਤ ਦਾ ਹਿੱਸਾ ਬਣਨਾ ਪਵੇਗਾ। ਸਿੱਧੂ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ’ਚ ਕਾਂਗਰਸ ਪਾਰਟੀ ਦੀ ਮੁੜ ਸਰਕਾਰ ਬਣਦੀ ਹੈ ਤਾਂ ਐਮ.ਐਸ.ਪੀ. ’ਤੇ ਕਾਨੂੰਨ ਬਣਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਉਚ ਸਿੱਖਿਆ ਦੇ ਕੇ ਆਤਮ ਸਨਮਾਨ ਵੀ ਦਿੱਤਾ ਜਾਵੇਗਾ। ਨਵਜੋਤ ਸਿੱਧੂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਸੁਪਨਾ ਹੈ ਕਿ ਪੰਜਾਬ ਵਿਚ ਬਿਨਾ ਟੋਲ ਤੋਂ ਗੱਡੀਆਂ ਚੱਲਣ। ਇਸ ਮੌਕੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਕੁਲਜੀਤ ਸਿੰਘ ਨਾਗਰਾ ਸਣੇ ਕਈ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …