ਆਰਮੀ ਚੀਫ ਨੂੰ ਮਿਲੀ ਤਿੰਨ ਸੈਨਾਵਾਂ ਦੀ ਜ਼ਿੰਮੇਵਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਫੌਜ ਮੁਖੀ ਜਨਰਲ ਐਮ.ਐਮ. ਨਰਵਣੇ ਨੇ ਚੀਫ ਆਫ ਸਟਾਫ ਕਮੇਟੀ (ਸੀਓਐਸਸੀ) ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਦੇਸ਼ ਦਾ ਨਵਾਂ ਚੀਫ ਆਫ ਡਿਫੈਂਸ ਸਟਾਫ (ਸੀਡੀਐਸ) ਬਣਾਏ ਜਾਣ ਦੀ ਸੰਭਾਵਨਾ ਸੀ, ਪਰ ਇਸ ਵਿਚਕਾਰ ਉਨ੍ਹਾਂ ਨੂੰ ਚੀਫ ਆਫ ਸਟਾਫ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੌਂਪ ਦਿੱਤਾ ਗਿਆ। ਤਿੰਨਾਂ ਸੈਨਾਵਾਂ ਦੇ ਮੁਖੀਆਂ ਦੀ ਮੌਜੂਦਗੀ ਵਾਲੀ ਕਮੇਟੀ ਦੇ ਚੇਅਰਮੈਨ ਦਾ ਇਹ ਅਹੁਦਾ ਦੇਸ਼ ਦੇ ਪਹਿਲੇ ਸੀਡੀਐਸ ਜਨਰਲ ਬਿਪਿਨ ਰਾਵਤ ਦੇ 8 ਦਸੰਬਰ ਨੂੰ ਹੈਲੀਕਾਪਟਰ ਹਾਦਸੇ ਦੌਰਾਨ ਹੋਏ ਦਿਹਾਂਤ ਤੋਂ ਬਾਅਦ ਖਾਲੀ ਪਿਆ ਸੀ।
ਸੂਤਰਾਂ ਨੇ ਇਹ ਵੀ ਕਿਹਾ ਕਿ ਨਵੇਂ ਸੀਡੀਐਸ ਨੂੰ ਲੈ ਕੇ ਅਜੇ ਤੱਕ ਕੋਈ ਚਰਚਾ ਨਹੀਂ ਹੋਈ ਹੈ। ਪਰ ਜਨਰਲ ਨਰਵਣੇ ਨੂੰ ਤਿੰਨਾਂ ਸੈਨਾਵਾਂ ਦੇ ਮੁਖੀਆਂ ਵਿਚੋਂ ਸਭ ਤੋਂ ਸੀਨੀਅਰ ਹੋਣ ਦੇ ਕਾਰਨ ਸੀਓਐਸਸੀ ਦਾ ਚੇਅਰਮੈਨ ਬਣਾਇਆ ਗਿਆ ਅਤੇ ਇਸ ਨਾਲ ਉਨ੍ਹਾਂ ਦਾ ਅਗਲਾ ਸੀਡੀਐਸ ਬਣਨ ਦਾ ਦਾਅਵਾ ਵੀ ਮਜ਼ਬੂਤ ਹੋ ਗਿਆ ਹੈ। ਸੀਓਐਸਸੀ ਤਿੰਨ ਸੈਨਾਵਾਂ ਦੇ ਮੁਖੀਆਂ ਵਾਲੀ ਕਮੇਟੀ ਹੈ, ਜੋ ਤਿੰਨਾਂ ਸੈਨਾਵਾਂ ਵਿਚਕਾਰ ਤਾਲਮੇਲ ਬਣਾਈ ਰੱਖਣ ਦਾ ਕੰਮ ਕਰਦੀ ਹੈ। ਜਨਰਲ ਨਰਵਣੇ ਉਸੇ ਪੁਰਾਣੀ ਪਰੰਪਰਾ ਦੇ ਤਹਿਤ ਹੀ ਕਮੇਟੀ ਦੇ ਚੇਅਰਮੈਨ ਬਣਾਏ ਗਏ ਹਨ। ਜ਼ਿਕਰਯੋਗ ਹੈ ਕਿ ਦੇਸ਼ ਦੇ ਪਹਿਲੇ ਸੀਡੀਐਸ ਬਿਪਿਨ ਰਾਵਤ ਦਾ ਲੰਘੀ 8 ਦਸੰਬਰ ਨੂੰ ਹੈਲੀਕਾਪਟਰ ਹਾਦਸੇ ਦੌਰਾਨ ਦਿਹਾਂਤ ਹੋ ਗਿਆ ਸੀ। ਇਸ ਹਾਦਸੇ ਵਿਚ ਬਿਪਿਨ ਰਾਵਤ ਦੀ ਪਤਨੀ ਅਤੇ 12 ਹੋਰ ਫੌਜੀ ਅਧਿਕਾਰੀਆਂ ਦੀ ਜਾਨ ਚਲੇ ਗਈ ਸੀ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …