ਮੁਹਾਲੀ : ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਅਤੇ ਧਰਨਾ ਪ੍ਰਦਰਸ਼ਨ 190ਵੇਂ ਦਿਨ ਅਗਲੇ ਹੁਕਮਾਂ ਤਕ ਮੁਲਤਵੀ ਕਰ ਦਿੱਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਭੁੱਖ-ਹੜਤਾਲ ਖ਼ਤਮ ਕਰਵਾਈ। ਇਸ ਤੋਂ ਪਹਿਲਾਂ ਧਰਨਾ ਕੈਂਪਸ ਵਿੱਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਨੂੰਨ ਵਾਪਸ ਲੈਣ ਅਤੇ ਕਿਸਾਨਾਂ ਦੀਆਂ ਹੋਰ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦੇਣ ਤੋਂ ਬਾਅਦ ਹੀ ਕਿਸਾਨੀ ਸੰਘਰਸ਼ ਮੁਲਤਵੀ ਕੀਤਾ ਗਿਆ ਹੈ। ਜੇ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਬਾਕੀ ਮੰਗਾਂ ਮੰਨਣ ਤੋਂ ਟਾਲਾ ਵੱਟਣ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬ ਸਮੇਤ ਦਿੱਲੀ ਦੀਆਂ ਬਰੂਹਾਂ ‘ਤੇ ਦੁਬਾਰਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਨੇ ਆਮ ਲੋਕਾਂ ਨੂੰ ਆਪਣੇ ਹੱਕਾਂ ਖ਼ਾਤਰ ਲੜਨ ਲਈ ਨਵੀਂ ਸੇਧ ਦਿੱਤੀ ਹੈ।