ਚੋਣ ਵਾਅਦੇ ਲਾਗੂ ਕਰਾਉਣ ਲਈ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਜਾਵੇਗਾ ਮੋਰਚਾ : ਉਗਰਾਹਾਂ
ਬਰਨਾਲਾ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਹੁਣ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਜੱਥੇਬੰਦੀ ਨੇ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਅਤੇ ਪਿਛਲੇ ਚੋਣ ਵਾਅਦੇ ਲਾਗੂ ਕਰਨ ਤੋਂ ਇਲਾਵਾ ਹੋਰ ਭਖਦੇ ਮਸਲੇ ਹੱਲ ਕਰਨ ਬਾਰੇ ਅਪਣਾਈ ਗਈ ਵਾਅਦਾ ਖਿਲਾਫੀ ਦੀ ਨੀਤੀ ਵਿਰੁੱਧ 20 ਤੋਂ 24 ਦਸੰਬਰ ਤੱਕ ਡੀਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਬਰਨਾਲਾ ’ਚ ਹੋਈ ਮੀਟਿੰਗ ਵਿੱਚ ਲਿਆ ਗਿਆ। ਉਗਰਾਹਾਂ ਨੇ ਕਿਹਾ ਕਿ ਕਿਸਾਨਾਂ ਦੀ ਆਪਸੀ ਏਕਤਾ ਨੇ ਹੀ ਕੇਂਦਰ ਸਰਕਾਰ ਨੂੰ ਗੋਡੇ ਟੇਕਣ ਲਈ ਮਜਬੂਰ ਕੀਤਾ ਹੈ। ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜਥੇਬੰਦੀ ਦੇ ਆਗੂਆਂ ਨੂੰ ਗੱਲਬਾਤ ਲਈ ਸੱਦ ਕੇ ਮੀਟਿੰਗ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦੀ ਤਾਨਾਸ਼ਾਹ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਗਈ। ਧਿਆਨ ਰਹੇ ਕਿ ਲੰਘੇ ਕੱਲ੍ਹ ਲੌਂਗੋਵਾਲ ਵਿਖੇ ਵੀ ਜੋਗਿੰਦਰ ਸਿੰਘ ਉਗਰਾਹਾਂ ਦਾ ਕਿਸਾਨਾਂ ਵੱਲੋਂ ਸ਼ਾਨਦਾਰ ਸਵਾਗਤ ਅਤੇ ਸਨਮਾਨ ਕੀਤਾ ਗਿਆ ਸੀ।