ਕਿਹਾ : ਏਕਤਾ ਦੀ ਆਵਾਜ਼ ਬੁਲੰਦ ਕਰਨ ਦੀ ਲੋੜ
ਮਾਲੇਰਕੋਟਲਾ/ਬਿਊਰੋ ਨਿਊਜ਼
ਪਹਿਲਾਂ ਅੰਮਿ੍ਰਤਸਰ ਤੇ ਫਿਰ ਕਪੂਰਥਲਾ ’ਚ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਵਿਚ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਦੋਵੇਂ ਹੀ ਮਾਮਲਿਆਂ ’ਚ ਮੁਲਜ਼ਮਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਜੇਕਰ ਕਿਸੇ ਨੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਉਸ ਨੂੰ ਸਭ ਦੇ ਸਾਹਮਣੇ ਫਾਂਸੀ ’ਤੇ ਟੰਗ ਦਿੱਤਾ ਜਾਣਾ ਚਾਹੀਦਾ ਹੈ।
ਮਾਲੇਰਕੋਟਲਾ ’ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਸਾਨੂੰ ਏਕਤਾ ਦੀ ਆਵਾਜ਼ ਬੁਲੰਦ ਕਰਨ ਦੀ ਜ਼ਰੂਰਤ ਹੈ। ਕੱਟੜਪੰਥੀ ਤਾਕਤਾਂ ਸਾਡੀ ਏਕਤਾ ਨੂੰ ਭੰਗ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਭਰ ਵਿਚ ਇਕ ਧਰਮ ਨੂੰ ਉੱਚ ਅਤੇ ਦੂਸਰੇ ਨੂੰ ਨਿਮਨ ਦੇ ਰੂਪ ’ਚ ਪੇਸ਼ ਕੀਤਾ ਜਾਂਦਾ ਹੈ, ਤਾਂ ਪੰਜਾਬ ਹਮੇਸ਼ਾ ਇਸ ਦੇ ਖਿਲਾਫ਼ ਖੜ੍ਹਾ ਹੁੰਦਾ ਹੈ। ਪੰਜਾਬ ’ਚ ਸਭ ਲੋਕ ਸਮਾਨ ਹਨ। ਸਿੱਧੂ ਨੇ ਕਿਹਾ ਕਿ ਜੇਕਰ ਬੇਅਦਬੀ ਦੀ ਘਟਨਾ ਹੁੰਦੀ ਹੈ, ਚਾਹੇ ਉਹ ਕੁਰਾਨ ਸ਼ਰੀਫ ਦੀ ਹੋਵੇ, ਭਗਵਤ ਗੀਤਾ ਜਾਂ ਗੁਰੂ ਗ੍ਰੰਥ ਸਾਹਿਬ ਦੀ ਹੋਵੇ- ਦੋਸ਼ੀਆਂ ਨੂੰ ਜਨਤਕ ਰੂਪ ’ਚ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਸੰਵਿਧਾਨ ਤਹਿਤ ਵੱਧ ਤੋਂ ਵੱਧ ਸਜ਼ਾ ਦੇਣੀ ਚਾਹੀਦੀ ਹੈ ਕਿਉਂਕਿ ਅਜਿਹੀਆਂ ਘਟਨਾਵਾਂ ਸਾਡੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ।