Breaking News
Home / ਪੰਜਾਬ / ਸ਼ੋ੍ਰਮਣੀ ਕਮੇਟੀ ਆਪਣੇ ਤੌਰ ’ਤੇ ਬੇਅਦਬੀ ਘਟਨਾ ਦੀ ਜਾਂਚ ਲਈ ਬਣਾਏਗੀ ਸਿੱਟ

ਸ਼ੋ੍ਰਮਣੀ ਕਮੇਟੀ ਆਪਣੇ ਤੌਰ ’ਤੇ ਬੇਅਦਬੀ ਘਟਨਾ ਦੀ ਜਾਂਚ ਲਈ ਬਣਾਏਗੀ ਸਿੱਟ

ਹਰਿਮੰਦਰ ਸਾਹਿਬ ’ਚ ਹੋਈ ਬੇਅਦਬੀ ਦੀ ਜਾਂਚ ਲਈ ਸਰਕਾਰ ਦੀ ਟੀਮ ’ਤੇ ਭਰੋਸਾ ਨਹੀਂ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹਰਿਮੰਦਰ ਸਾਹਿਬ ਵਿਚ ਬੇਅਦਬੀ ਦੀ ਵਾਪਰੀ ਘਟਨਾ ਬਾਰੇ ਭਾਵੇਂ ਸਰਕਾਰ ਵਲੋਂ ਸਿੱਟ ਦਾ ਗਠਨ ਕੀਤਾ ਗਿਆ ਹੈ ਪਰ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਤੌਰ ’ਤੇ ਵੀ ਸਿੱਟ ਦਾ ਗਠਨ ਕੀਤਾ ਜਾ ਰਿਹਾ ਹੈ, ਜੋ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਦੇਵੇਗੀ। ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਸ਼੍ਰੋਮਣੀ ਕਮੇਟੀ ਨੂੰ ਆਸ ਨਹੀਂ ਕਿ ਸਰਕਾਰ ਵਲੋਂ ਬਣਾਈ ਸਿੱਟ ਕਿਸੇ ਨਤੀਜੇ ’ਤੇ ਪੁੱਜੇ ਕਿਉਂਕਿ ਇਸ ਤੋਂ ਪਹਿਲਾਂ ਵੀ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਬਣੀਆਂ ਜਾਂਚ ਟੀਮਾਂ ਵਲੋਂ ਖਾਨਾਪੂਰਤੀ ਤੋਂ ਇਲਾਵਾ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਆਰੋਪ ਲਾਇਆ ਕਿ ਕਿਸਾਨ ਸੰਘਰਸ਼ ਦੀ ਜਿੱਤ ਤੋਂ ਬਾਅਦ ਬੇਅਦਬੀ ਦੀਆਂ ਘਟਨਾਵਾਂ ਕਿਸੇ ਸਾਜਿਸ਼ ਤਹਿਤ ਕਰਵਾਈਆਂ ਜਾ ਰਹੀਆਂ ਹਨ।
ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਿਛਲੇ ਦਿਨੀਂ ਇਸ ਮਾਮਲੇ ਦੀ ਜਾਂਚ ਕਰਨ ਲਈ ਸਿੱਟ ਬਣਾਈ ਹੈ। ਉਨ੍ਹਾਂ ਕਿਹਾ ਕਿ ਸਿੱਟ ਦੇ ਫੈਸਲੇ ਤੋਂ ਬਾਅਦ ਉਕਤ ਮੁਲਜ਼ਮ ਨਾਲ ਸਬੰਧਤ ਵੀਡੀਓ ਨੂੰ ਜਨਤਕ ਕੀਤਾ ਜਾਵੇਗਾ ਕਿ ਟਾਸਕ ਫੋਰਸ ਵਲੋਂ ਉਸ ਨੂੰ ਕਿੰਨੀ ਵਾਰ ਅੰਦਰ ਦਾਖਲ ਹੋਣ ਤੋਂ ਰੋਕਿਆ ਗਿਆ। ਕਪੂਰਥਲਾ ਵਿਚ ਵੀ ਹੋਈ ਬੇਅਦਬੀ ਦੀ ਘਟਨਾ ਬਾਰੇ ਉਨ੍ਹਾਂ ਕਿਹਾ ਕਿ ਪੁਲਿਸ ਤੱਥਾਂ ਦੇ ਅਧਾਰ ’ਤੇ ਕਾਰਵਾਈ ਕਰੇ।

 

Check Also

ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਪੈਰਿਸ ਓਲੰਪਿਕਸ ਵਿਚ ਮਿਲੀ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੈਰਿਸ …