ਰੇਲਵੇ ਟਰੈਕਾਂ ’ਤੇ ਲਗਾਏ ਕਿਸਾਨਾਂ ਨੇ ਪੱਕੇ ਮੋਰਚੇ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕਿਸਾਨਾਂ ਦਾ ਅੱਜ ਦੂਜੇ ਦਿਨ ਵੀ ਪ੍ਰਦਰਸ਼ਨ ਜਾਰੀ ਰਿਹਾ ਅਤੇ ਰੇਲਾਂ ਨੂੰ ਚੱਲਣ ਨਹੀਂ ਦਿੱਤਾ ਗਿਆ। ਕਿਸਾਨਾਂ ਵੱਲੋਂ ਸਮੁੱਚੇ ਪੰਜਾਬ ਦੇ 13 ਜ਼ਿਲ੍ਹਿਆਂ ਅੰਦਰ ਪੈਂਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅਤੇ ਰੇਲਵੇ ਟਰੈਕਾਂ ’ਤੇ ਪੱਕੇ ਮੋਰਚੇ ਲਗਾ ਦਿੱਤੇ ਹਨ। ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਵੱਲੋ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੂੰ ਦਫ਼ਤਰ ’ਚ ਹੀ ਬੰਦ ਕਰ ਦਿੱਤਾ ਅਤੇ ਸਕੱਤਰੇਤ ਦੇ ਸਾਰੇ ਗੇਟਾਂ ਅੱਗੇ ਕਿਸਾਨ ਧਰਨਾ ਲਗਾ ਕੇ ਬੈਠ ਗਏ। ਇਸ ਮੌਕੇ ਕਿਸਾਨਾਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆਂ ਤਾਂ ਉਹ ਇਥੇ ਦਿਨ-ਰਾਤ ਦਾ ਪੱਕਾ ਧਰਨਾ ਲਗਾ ਦੇਣਗੇ। ਇਹ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ ’ਤੇ ਕੀਤੇ ਜਾ ਰਹੇ ਹਨ। ਕਿਸਾਨਾਂ ਦੀ ਸਰਕਾਰ ਕੋਲੋਂ ਮੰਗ ਹੈ ਕਿ ਉਨ੍ਹਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ, ਡਾ. ਸਵਾਮੀਨਾਥ ਦੀ ਰਿਪੋਰਟ ਅਨੁਸਾਰ ਵਸਤਾਂ ਦੇ ਰੇਟ ਤੈਅ ਕੀਤੇ ਜਾਣ, ਕਿਸਾਨਾਂ ਖਿਲਾਫ਼ ਦਰਜ ਸਾਰੇ ਮਾਮਲੇ ਰੱਦ ਕੀਤੇ ਜਾਣ, ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਗੰਨੇ ਦੇ ਨਵੇਂ ਭਾਅ 350 ਰੁਪਏ ਪ੍ਰਤੀ ਕੁਇੰਟਲ ਦੇ ਅਨੁਸਾਰ ਕਿਸਾਨਾਂ ਨੂੰ ਪਿਛਲੀ ਅਦਾਇਗੀ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਇਹ ਸੰਘਰਸ਼ ਵਿੱਢਿਆ ਗਿਆ, ਜੋ ਇਸ ਸਮੇਂ ਸਮੁੱਚੇ ਪੰਜਾਬ ਵਿਚ ਚੱਲ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ 24 ਦਸੰਬਰ ਤੱਕ ਇਸੇ ਤਰ੍ਹਾਂ ਪੱਕੇ ਮੋਰਚੇ ’ਤੇ ਬੈਠ ਰਹਿਣਗੇ। ਜੇਕਰ ਫਿਰ ਵੀ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …