ਗਜੇਂਦਰ ਸਿੰਘ ਸ਼ੇਖਾਵਤ ਤੇ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼
ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ, ਜਿਸ ਦੇ ਚਲਦਿਆਂ ਅੱਜ ਕਾਂਗਰਸ ਪਾਰਟੀ ਦੇ ਸਾਬਕਾ ਖੇਡ ਮੰਤਰੀ ਰਹੇ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ਵਿਚ ਸ਼ਾਮਲ ਹੋ ਗਏ। ਉਹ ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂ ਹਰਸਹਾਏ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਐਮ ਐਲ ਏ ਹਨ ਅਤੇ ਉਨ੍ਹਾਂ ਅੱਜ ਹੀ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ, ਜਿਸ ਨਾਲ ਪੰਜਾਬ ਕਾਂਗਰਸ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ। ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ’ਚ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਹੁਸ਼ਿਆਪੁਰ ਤੋਂ ਲੋਕ ਸਭਾ ਮੈਂਬਰ ਸੋਮ ਪ੍ਰਕਾਸ਼, ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਗਜੇਂਦਰ ਸ਼ੇਖਾਵਤ ਨੇ ਉਨ੍ਹਾਂ ਦਾ ਭਾਜਪਾ ਵਿਚ ਆਉਣ ’ਤੇ ਸਵਾਗਤ ਕੀਤਾ ਅਤੇ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਸਨਮਾਨ ਦੇਣ ਦੀ ਗੱਲ ਵੀ ਆਖੀ। ਇਸ ਮੌਕੇ ਬੋਲਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਸਾਲਾਂ ਵਿਚ ਸਾਬਤ ਕਰ ਦਿੱਤਾ ਹੈ ਕਿ ਜੇਕਰ ਦੇਸ਼ ਨੂੰ ਕੋਈ ਪਾਰਟੀ ਅੱਗੇ ਲਿਜਾ ਸਕਦੀ ਹੈ ਤਾਂ ਉਹ ਹੈ ਭਾਰਤੀ ਜਨਤਾ ਪਾਰਟੀ। ਉਨ੍ਹਾਂ ਪਾਰਟੀ ਜਨਤਾ ਨੂੰ ਜੁਆਇਨ ਕਰਨ ਤੋਂ ਬਾਅਦ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਵੀ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਤਹਿਸ-ਨਹਿਸ ਕਰਕੇ ਰੱਖ ਦਿੱਤਾ ਹੈ। ਰਾਣਾ ਸੋਢੀ ਪਿਛਲੇ ਕਾਫ਼ੀ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸਨ।

