ਸੁਖਬੀਰ ਨੇ ਕਿਹਾ, ਮਜੀਠੀਆ ਖਿਲਾਫ ਕਾਂਗਰਸ ਨੇ ਝੂਠਾ ਕੇਸ ਤਿਆਰ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ’ਤੇ ਨਸ਼ਿਆਂ ਦੇ ਮਾਮਲੇ ’ਚ ਦਰਜ ਹੋਏ ਕੇਸ ਦਾ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਦਲਾਖ਼ੋਰੀ ਦੀ ਰਾਹ ’ਤੇ ਚੱਲ ਰਹੀ ਹੈ। ਬਾਦਲ ਨੇ ਕਿਹਾ ਕਿ ਇਹ ਕੋਈ ਪਹਿਲੀ ਮਿਸਾਲ ਨਹੀਂ, ਉਨਾਂ ’ਤੇ ਵੀ ਸੈਂਕੜੇ ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਹਰ ਸੰਭਵ ਕਾਨੂੰਨੀ ਲੜਾਈ ਲੜੀ ਜਾਵੇਗੀ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੰਮਿ੍ਰਤਸਰ ’ਚ ਆਖਿਆ ਕਿ ਸੂਬੇ ਵਿੱਚ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ’ਤੇ ਝੂਠੇ ਕੇਸ ਦਰਜ ਕਰਨ ਵਾਲੇ ਪੁਲਿਸ ਅਧਿਕਾਰੀ ਅਤੇ ਝੂਠੇ ਕੇਸ ਬਣਵਾਉਣ ਵਾਲੇ ਸਿਆਸੀ ਆਗੂ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਆਰੋਪ ਲਾਇਆ ਕਿ ਸੂਬੇ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਡੀਜੀਪੀ ਨੇ ਬਿਕਰਮ ਮਜੀਠੀਆ ਖਿਲਾਫ ਝੂਠਾ ਕੇਸ ਤਿਆਰ ਕੀਤਾ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਬਦਲਾਖੋਰੀ ਦੀ ਰਾਜਨੀਤੀ ਚੱਲ ਰਹੀ ਹੈ। ਚੰਦੂੁਮਾਜਰਾ ਹੋਰਾਂ ਕਿਹਾ ਕਿ ਬਿਕਰਮ ਮਜੀਠੀਆ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਹੈ ਅਤੇ ਕਾਂਗਰਸੀ ਇਸ ਸਮੇਂ ਆਪ ਹੀ ਜੱਜ ਅਤੇ ਆਪ ਹੀ ਵਕੀਲ ਬਣੇ ਹੋਏ ਹਨ।