ਰਵਾਇਤੀ ਪਾਰਟੀਆਂ ਤੋਂ ਪੰਜਾਬ ਨੂੰ ਵੱਡਾ ਖਤਰਾ : ਹਰਪਾਲ ਚੀਮਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਾਫੀ ਸਮਾਂ ਪਹਿਲਾਂ ਤੋਂ ਵਾਪਰ ਰਹੀਆਂ ਹਨ। ਹਰਪਾਲ ਚੀਮਾ ਨੇ ਕਿਹਾ ਕਿ ਸਾਲ 2015 ਵਿਚ ਪੰਜਾਬ ’ਚ ਵੱਡੀ ਸਿਆਸੀ ਸਾਜਿਸ਼ ਦੇ ਅਧੀਨ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਅਤੇ ਇਸ ਤੋਂ ਬਾਅਦ ਪੰਜਾਬ ਵਿਚ ਕਰੀਬ ਡੇਢ ਸਾਲ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਰਹੀ, ਪਰ ਇਕ ਵੀ ਦੋਸ਼ੀ ਫੜਿਆ ਨਹੀਂ ਗਿਆ।
‘ਆਪ’ ਆਗੂੁ ਹਰਪਾਲ ਚੀਮਾ ਨੇ ਕਿਹਾ ਕਿ 2017 ਵਿਚ ਕਾਂਗਰਸ ਦੀ ਸਰਕਾਰ ਬਣੀ ਅਤੇ ਲੋਕਾਂ ਨਾਲ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਹੁਣ 5 ਸਾਲਾਂ ਬਾਅਦ ਵੀ ਲੋਕਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਅਜਿਹੀਆਂ ਹੋਰ ਘਟਨਾਵਾਂ ਚੋਣਾਂ ਨੇੜੇ ਸਿਰਫ ਇਸ ਲਈ ਹੁੰਦੀਆਂ ਹਨ ਕਿ ਲੋਕਾਂ ਨੂੰ ਡਰਾ ਧਮਕਾ ਕੇ ਵੋਟਾਂ ਲਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅੱਜ ਰਵਾਇਤੀ ਪਾਰਟੀਆਂ ਕੋਲੋਂ ਪੰਜਾਬ ਨੂੰ ਵੱਡਾ ਖਤਰਾ ਖੜ੍ਹਾ ਹੋ ਗਿਆ ਹੈ ਅਤੇ ਪੰਜਾਬ ਨੂੰ ਵੰਡਣ ਦਾ ਕੰਮ ਰਵਾਇਤੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ ਹੈ ਤਾਂ ਜੋ ਸੱਤਾ ਹਾਸਲ ਕੀਤੀ ਜਾ ਸਕੇ। ਹਰਪਾਲ ਚੀਮਾ ਨੇ ਪੰਜਾਬ ਦੇ ਲੋਕਾਂ ਨੂੰ ਆਪਸੀ ਭਾਈਚਾਰਾ ਬਣਾ ਕੇ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਅਜਿਹੀਆਂ ਘਟਨਾਵਾਂ ਤੋਂ ਸੁਚੇਤ ਹੋਣ ਦੀ ਲੋੜ ਹੈ।