ਚੰਨੀ ਅਤੇ ਸਿੱਧੂ ਨੇ ਇਸ ਨੂੰੂ ਦੱਸਿਆ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿਚ ਹੋਏ ਧਮਾਕੇ ਤੋਂ ਬਾਅਦ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਸ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਏਜੰਸੀਆਂ ਪੰਜਾਬ ਵਿਚ ਮਾਹੌਲ ਕਰ ਰਹੀਆਂ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਬੇਅਦਬੀ ਅਤੇ ਧਮਾਕੇ ਦੀ ਘਟਨਾ ਨਾਲ ਪੰਜਾਬ ਵਿਚ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਧਰ ਦੂਜੇ ਪਾਸੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਲਾਅ ਐਂਡ ਆਰਡਰ ’ਤੇ ਧਿਆਨ ਨਹੀਂ ਹੈ। ਸੁਖਬੀਰ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨੇ ਪੁਲਿਸ ਨੂੰ ਰਾਜਨੀਤਕ ਬਦਲਾਖੋਰੀ ਦੀ ਕਾਰਵਾਈ ਲਈ ਲਗਾ ਕੇ ਰੱਖਿਆ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਲੋਕ ਪੰਜਾਬ ਵਿਚ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੁਧਿਆਣਾ ਵਿਚ ਹੋਏ ਧਮਾਕੇ ਦੇ ਮਾਮਲੇ ਵਿਚ ਪੁਲਿਸ ਨੂੰ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ। ਧਿਆਨ ਰਹੇ ਕਿ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿਚ ਅੱਜ ਹੋਏ ਧਮਾਕੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਪੰਜ ਵਿਅਕਤੀ ਜ਼ਖ਼ਮੀ ਹੋ ਗਏ ਸਨ।

