ਢੀਂਡਸਾ ਦੀ ਭਾਜਪਾ ਨਾਲ ਸਾਂਝ ਤੋਂ ਬ੍ਰਹਮਪੁਰਾ ਹੋਏ ਨਰਾਜ਼
ਚੰਡੀਗੜ੍ਹ/ਬਿਊਰੋ ਨਿਊਜ਼ : ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਕਰਨ ਲਈ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਸਮੇਤ ਸੀਨੀਅਰ ਲੀਡਰਸ਼ਿਪ ਬ੍ਰਹਮਪੁਰਾ ਦੀ ਰਿਹਾਇਸ਼ ਵਿਖੇ ਪੁੱਜੀ ਹੋਈ ਸੀ, ਜਿੱਥੇ ਉਨ੍ਹਾਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕੀਤਾ ਗਿਆ। ਇਸ ਮੌਕੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਾਲ ਉਜਾਗਰ ਸਿੰਘ ਬਡਾਲੀ, ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਦਲ ਸੰਯੁਕਤ ਦੇ ਆਗੂ ਤੇ ਵਰਕਰ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸੇ ਦੌਰਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਗੁਜ਼ਾਰੇ ਸਮੇਂ ਨੂੰ ਵੀ ਯਾਦ ਕੀਤਾ। ਸੁਖਬੀਰ ਸਿੰਘ ਬਾਦਲ ਨੇ ਬ੍ਰਹਮਪੁਰਾ ਦੇ ਪੈਰ ਛੂਹ ਕੇ ਉਨ੍ਹਾਂ ਦਾ ਅਸ਼ੀਰਵਾਦ ਵੀ ਲਿਆ। ਧਿਆਨ ਰਹੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੁਖਬੀਰ ਸਿੰਘ ਬਾਦਲ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਅਕਾਲੀ ਦਲ ਨੂੰ ਛੱਡ ਦਿੱਤਾ ਸੀ। ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਗਠਨ ਕੀਤਾ ਸੀ ਪ੍ਰੰਤੂ ਉਹ ਹੁਣ ਢੀਂਡਸਾ ਵੱਲੋਂ ਭਾਜਪਾ ਨਾਲ ਗੱਠਜੋੜ ਕਰਨ ਦੇ ਚਲਦਿਆਂ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ।