18.5 C
Toronto
Sunday, September 14, 2025
spot_img
Homeਹਫ਼ਤਾਵਾਰੀ ਫੇਰੀਕਿਸਾਨ ਸੰਘਰਸ਼ ਨੇ ਪੰਜਾਬ ਦੀ ਪੰਜਾਬੀਅਤ ਜਗਾਈ : ਰਾਜੇਵਾਲ

ਕਿਸਾਨ ਸੰਘਰਸ਼ ਨੇ ਪੰਜਾਬ ਦੀ ਪੰਜਾਬੀਅਤ ਜਗਾਈ : ਰਾਜੇਵਾਲ

ਕਿਹਾ, ਆਉਣ ਵਾਲੇ ਸਮੇਂ ‘ਚ ਚੰਗੇ ਨਤੀਜੇ ਸਾਹਮਣੇ ਆਉਣਗੇ
ਲੁਧਿਆਣਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਲਈ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ, ਜਿਸ ਦਾ ਆਉਣ ਵਾਲੇ ਸਮੇਂ ਵਿਚ ਚੰਗਾ ਨਤੀਜਾ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਨੇ ਪੰਜਾਬ ਦੀ ਪੰਜਾਬੀਅਤ ਨੂੰ ਜਗਾਉਣ ਦਾ ਕੰਮ ਕੀਤਾ ਹੈ। ਰਾਜੇਵਾਲ ਨੇ ਲੁਧਿਆਣਾ ‘ਚ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਭਗੌੜੇ ਹੋ ਗਏ ਹਨ, ਜੋ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਆਪਣੇ ਹਿੱਤ ਪੂਰ ਰਹੇ ਹਨ। ਧਿਆਨ ਰਹੇ ਕਿ ਕਾਲੇ ਖੇਤੀ ਕਾਨੂੰਨ ਵਾਪਸ ਹੋ ਚੁੱਕੇ ਹਨ ਅਤੇ ਕਿਸਾਨਾਂ ਦੀ ਵੱਡੀ ਜਿੱਤ ਵੀ ਹੋਈ ਹੈ। ਹੁਣ ਕਿਸਾਨ ਆਗੂਆਂ ਵਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾ ਸਕੇ।
ਜ਼ਿਕਰਯੋਗ ਹੈ ਕਿ ਸਨਅਤੀ ਸ਼ਹਿਰ ਲੁਧਿਆਣਾ ਦੇ ਸਨਅਤਕਾਰਾਂ ਦੇ ‘ਪੰਜਾਬ ਮੁਕਤੀ ਮੋਰਚਾ’ ਵੱਲੋਂ ਕਿਸਾਨੀ ਮੋਰਚੇ ਦੇ ਆਗੂਆਂ ਦੇ ਸਨਮਾਨ ਲਈ ਵਿਸ਼ੇਸ਼ ਸਨਮਾਨ ਪ੍ਰੋਗਰਾਮ ਕੀਤਾ ਗਿਆ, ਜਿਸ ਵਿੱਚ ਕਿਸਾਨੀ ਮੋਰਚੇ ਵਿੱਚ ਸਾਥ ਦੇਣ ਵਾਲੇ ਆਗੂ ਤੇ ਸਮਾਜਿਕ ਜਥੇਬੰਦੀਆਂ ਤੇ ਸੰਤ ਸਮਾਜ ਦੇ ਆਗੂਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਕਿਸੇ ਵਿਅਕਤੀ ਜਾਂ ਕਿਸੇ ਜਥੇਬੰਦੀ ਨਾਲ ਨਹੀਂ ਹੈ, ਬਲਕਿ ਸਿਸਟਮ ਨਾਲ ਹੈ। ਲੁਧਿਆਣਾ ਦੇ ਪੈਲੇਸ ਵਿੱਚ ਪੰਜਾਬ ਮੁਕਤੀ ਮੋਰਚਾ ਵੱਲੋਂ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨੇ ਸਿਆਸਤ ‘ਚ ਦਾਖ਼ਲੇ ਸਬੰਧੀ ਉਨ੍ਹਾਂ ਕਿਹਾ ਕਿ ਹਾਲੇ ਇਸ ਸਬੰਧੀ ਕਿਸਾਨ ਜਥੇਬੰਦੀਆਂ ਵੱਲੋਂ ਚਰਚਾ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ‘ਚ ਇਸ ‘ਤੇ ਫ਼ੈਸਲਾ ਲਿਆ ਜਾਵੇਗਾ। ਇਸ ਮੌਕੇ ਸਾਬਕਾ ਜਥੇਦਾਰ ਜਸਵੀਰ ਸਿੰਘ ਰੋਡੇ, ਅਦਾਕਾਰ ਮੰਗਲ ਢਿੱਲੋਂ, ਦੀਪਕ ਸ਼ਰਮਾ ਚਨਾਰਥਲ ਅਤੇ ਅਮਿਤੋਜ ਮਾਨ ਨੇ ਵੀ ਸੰਬੋਧਨ ਕੀਤਾ।
ਮੋਦੀ ਸਰਕਾਰ ਖੇਤੀ ਸੈਕਟਰ ਨੂੰ ਪੂੰਜੀਪਤੀਆਂ ਦੇ ਹੱਥਾਂ ‘ਚ ਦੇਣ ਲਈ ਕਾਹਲੀ: ਉਗਰਾਹਾਂ
ਇਸੇ ਦੌਰਾਨ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਜਥੇਬੰਦੀ ਵੱਲੋਂ ਬਠਿੰਡਾ ਅਤੇ ਬਰਨਾਲਾ ਵਿੱਚ ਲਾਏ ਧਰਨਿਆਂ ਸੰਬੋਧਨ ਕੀਤਾ। ਉਨ੍ਹਾਂ ਕਿਸਾਨਾਂ ਮਜ਼ਦੂਰਾਂ ਨੂੰ ਦਿੱਲੀ ਮੋਰਚੇ ਦੀ ਜਿੱਤ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਕਿਉਂਕਿ ਵੋਟਾਂ ਵੱਡੀ ਪੱਧਰ ‘ਤੇ ਇਸ ਸਾਂਝ ਨੂੰ ਤੋੜਦੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕੇਂਦਰ ‘ਚ ਨਰਿੰਦਰ ਮੋਦੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਉਸ ਸਮੇਂ ਤੋਂ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥ ਤੇਜ਼ੀ ਨਾਲ ਸੌਂਪਿਆ ਜਾ ਰਿਹਾ ਹੈ ਤੇ ਮੋਦੀ ਸਰਕਾਰ ਖੇਤੀ ਸੈਕਟਰ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥੀਂ ਸੌਂਪਣ ਲਈ ਕਾਹਲੀ ਪਈ ਹੋਈ ਹੈ।

 

RELATED ARTICLES
POPULAR POSTS