ਕਿਸਾਨਾਂ ਨੇ ਮੋਗਾ ਅਤੇ ਫਾਜ਼ਿਲਕਾ ਰੇਲਵੇ ਸਟੇਸ਼ਨ ‘ਤੇ ਵੀ ਪੱਕੇ ਮੋਰਚੇ ਲਾਏ
ਚੰਡੀਗੜ੍ਹ : ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ‘ਚ ਡਿਪਟੀ ਕਮਿਸ਼ਨਰਾਂ ਤੇ 2 ਜ਼ਿਲ੍ਹਿਆਂ ਵਿੱਚ ਐੱਸਡੀਐੱਮ ਦੇ ਦਫ਼ਤਰਾਂ ਦਾ ਘਿਰਾਓ ਜਾਰੀ ਹੈ। ਉਧਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲ ਪਟੜੀਆਂ ‘ਤੇ ਧਰਨੇ 4 ਜ਼ਿਲ੍ਹਿਆਂ ਤੋਂ ਵਧਾ ਕੇ 6 ਜ਼ਿਲ੍ਹਿਆਂ ‘ਚ ਕਰ ਦਿੱਤੇ ਹਨ। ਜਥੇਬੰਦੀ ਨੇ ਮੋਗਾ ਅਤੇ ਫਾਜ਼ਿਲਕਾ ਰੇਲਵੇ ਸਟੇਸ਼ਨ ‘ਤੇ ਵੀ ਪੱਕਾ ਮੋਰਚਾ ਲਗਾ ਦਿੱਤਾ ਹੈ। ਜਥੇਬੰਦੀ ਵੱਲੋਂ ਧਰਨਾ ਸਥਾਨਾਂ ‘ਤੇ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਵੀ ਮਨਾਇਆ ਗਿਆ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਚੱਲ ਰਹੇ ਇਨ੍ਹਾਂ ਧਰਨਿਆਂ ਦੌਰਾਨ ਕਿਸਾਨਾਂ ਨੇ ਚੰਨੀ ਸਰਕਾਰ ਤੋਂ ਮੁਕੰਮਲ ਕਰਜ਼ਾ ਮੁਆਫ਼ੀ ਅਤੇ ਕਿਸਾਨੀ ਦੀਆਂ ਹੋਰ ਮੰਗਾਂ ਮੰਨਣ ਲਈ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਹੈ। ਧਰਨਿਆਂ ਮੌਕੇ ਵੱਖ-ਵੱਖ ਥਾਵਾਂ ‘ਤੇ ਇਕੱਠਾਂ ਨੂੰ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਸ੍ਰੀ ਦਰਬਾਰ ਸਾਹਿਬ ‘ਚ ਵਾਪਰੀ ਬੇਅਦਬੀ ਦੀ ਘਟਨਾ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਸਮੇਤ ਸਮੂਹ ਕਿਰਤੀ ਲੋਕਾਂ ਨੂੰ ਆਪਸੀ ਫਿਰਕੂ ਏਕਤਾ ਉੱਤੇ ਦਿੱਲੀ ਅੰਦੋਲਨ ਵਾਂਗ ਹੀ ਡਟਵਾਂ ਪਹਿਰਾ ਦੇਣ ਅਤੇ ਪਾਰਟੀਆਂ ਦੀ ‘ਪਾੜੋ ਤੇ ਰਾਜ ਕਰੋ ਨੀਤੀ’ ਤੋਂ ਸੁਚੇਤ ਰਹਿਣ ਅਤੇ ਸੰਘਰਸ਼ ਨੂੰ ਘੇਰਾ ਵਿਸ਼ਾਲ ਕਰਨ ਦਾ ਸੱਦਾ ਵੀ ਦਿੱਤਾ।
ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ
ਕਿਸਾਨਾਂ ਦਾ ਦੋ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ : ਵੀਰਵਾਰ ਨੂੰ ਕਿਸਾਨ ਆਗੂਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਮਿਆਨ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਿਰ ਚੜ੍ਹਿਆ 2 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਨਸ਼ੇ ਫੈਲਾਅ ਰਿਹਾ ਹੈ ਅਤੇ ਬੇਅਦਬੀਆਂ ਕਰਵਾ ਰਿਹਾ ਹੈ ਤਾਂ ਜੋ ਪੰਜਾਬ ਦੇ ਮਾਹੌਲ ਨੂੰ ਖਰਾਬ ਕੀਤਾ ਜਾ ਸਕੇ। ਉਧਰ ਦੂਜੇ ਪਾਸੇ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਕਈ ਮੰਗਾਂ ‘ਤੇ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਲ ਪਹਿਲਾਂ ਮੰਨੀਆਂ ਗਈਆਂ ਮੰਗਾਂ ਬਾਰੇ ਗੱਲਬਾਤ ਕੀਤੀ ਗਈ। ਇਸ ਤੋਂ ਇਲਾਵਾ ਪੂਰਨ ਕਰਜ਼ਾ ਮੁਆਫ਼ੀ ਬਾਰੇ ਵੀ ਮੁੱਖ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਹੁਣ 29 ਦਸੰਬਰ ਨੂੰ ਮੁੜ ਮੁੱਖ ਮੰਤਰੀ ਨਾਲ ਮੁਲਾਕਾਤ ਹੋਵੇਗੀ।