Breaking News
Home / ਪੰਜਾਬ / ਲੁਧਿਆਣਾ ਦੇ ਅਦਾਲਤੀ ਕੰਪਲੈਕਸ ਵਿੱਚ ਵੱਡਾ ਧਮਾਕਾ

ਲੁਧਿਆਣਾ ਦੇ ਅਦਾਲਤੀ ਕੰਪਲੈਕਸ ਵਿੱਚ ਵੱਡਾ ਧਮਾਕਾ

ਇਕ ਵਿਅਕਤੀ ਦੀ ਮੌਤ ਤੇ ਪੰਜ ਗੰਭੀਰ ਜ਼ਖ਼ਮੀ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿਚ ਅੱਜ ਵੀਰਵਾਰ ਨੂੰ ਜ਼ੋਰਦਾਰ ਧਮਾਕਾ ਹੋਇਆ ਹੈ। ਇਹ ਧਮਾਕਾ ਅਦਾਲਤ ਦੀ ਤੀਜੀ ਮੰਜ਼ਿਲ ‘ਤੇ ਹੋਇਆ ਅਤੇ ਇਸ ਧਮਾਕੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 5 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਅਦਾਲਤ ਦੀ ਤੀਜੀ ਮੰਜ਼ਿਲ ‘ਤੇ ਇਕ ਬਾਥਰੂਮ ਵਿਚ ਹੋਇਆ ਹੈ। ਸੂਤਰਾਂ ਨੇ ਦੱਸਿਆ ਕਿ ਬਾਥਰੂਮ ਵਿਚੋਂ ਇਕ ਵਿਅਕਤੀ ਦੀ ਬੁਰੀ ਤਰ੍ਹਾਂ ਝੁਲਸੀ ਹੋਈ ਲਾਸ਼ ਮਿਲੀ ਹੈ, ਜਿਸ ਨੂੰ ਲੈ ਕੇ ਕਈ ਤਰ੍ਹਾਂ ਦੇ ਖਦਸ਼ੇ ਜ਼ਾਹਰ ਕੀਤੇ ਜਾ ਰਹੇ ਹਨ।
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਇਸ ਧਮਾਕੇ ਵਿਚ ਜਿਸ ਵਿਅਕਤੀ ਦੇ ਚੀਥੜੇ ਉਡੇ ਹਨ, ਉਸਦੇ ਸਰੀਰ ਨਾਲ ਬੰਬ ਬੰਨ੍ਹਿਆ ਹੋਇਆ ਹੋ ਸਕਦਾ ਸੀ। । ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆ ਅਤੇ ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਵੀ ਘਟਨਾ ਸਥਾਨ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਵਲੋਂ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।
ਲੁਧਿਆਣਾ ‘ਚ ਹੋਏ ਧਮਾਕੇ ਤੋਂ ਬਾਅਦ ਗਰਮਾਈ ਸਿਆਸਤ
ਚੰਨੀ ਅਤੇ ਸਿੱਧੂ ਨੇ ਇਸ ਨੂੂੰ ਦੱਸਿਆ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼
ਲੁਧਿਆਣਾ : ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿਚ ਹੋਏ ਧਮਾਕੇ ਤੋਂ ਬਾਅਦ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਸ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਏਜੰਸੀਆਂ ਪੰਜਾਬ ਵਿਚ ਮਾਹੌਲ ਕਰ ਰਹੀਆਂ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਬੇਅਦਬੀ ਅਤੇ ਧਮਾਕੇ ਦੀ ਘਟਨਾ ਨਾਲ ਪੰਜਾਬ ਵਿਚ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਲਾਅ ਐਂਡ ਆਰਡਰ ‘ਤੇ ਧਿਆਨ ਨਹੀਂ ਹੈ। ਸੁਖਬੀਰ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਨੇ ਪੁਲਿਸ ਨੂੰ ਰਾਜਨੀਤਕ ਬਦਲਾਖੋਰੀ ਦੀ ਕਾਰਵਾਈ ਲਈ ਲਗਾ ਕੇ ਰੱਖਿਆ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਲੋਕ ਪੰਜਾਬ ਵਿਚ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੁਧਿਆਣਾ ਵਿਚ ਹੋਏ ਧਮਾਕੇ ਦੇ ਮਾਮਲੇ ਵਿਚ ਪੁਲਿਸ ਨੂੰ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ। ਧਿਆਨ ਰਹੇ ਕਿ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿਚ ਅੱਜ ਹੋਏ ਧਮਾਕੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਪੰਜ ਵਿਅਕਤੀ ਜ਼ਖ਼ਮੀ ਹੋ ਗਏ ਸਨ।

Check Also

ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਅਤੇ ਸੁਖਪਾਲ ਖਹਿਰਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਗਾਂਧੀ ਪਟਿਆਲਾ ਤੋਂ ਅਤੇ ਖਹਿਰਾ ਸੰਗਰੂਰ ਤੋਂ ਹਨ ਚੋਣ ਮੈਦਾਨ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ …