ਪੰਜਾਬ ਸਰਕਾਰ ਖਿਲਾਫ਼ ਜਮ ਕੇ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਡਰੱਗ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ‘ਤੇ ਦਰਜ ਕੀਤੇ ਗਏ ਕੇਸ ਦੇ ਵਿਰੋਧ ‘ਚ ਅਕਾਲੀ ਦਲ ਵੱਲੋਂ ਅੱਜ ਸਮੁੱਚੇ ਪੰਜਾਬ ਦੇ ਐਸਐਸਪੀ ਦਫ਼ਤਰਾਂ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਣਾਂ ਨੇੜੇ ਆਉਂਦੇ ਹੀ ਸਿਆਸੀ ਲਾਹਾ ਲੈਣ ਲਈ ਮਜੀਠੀਆ ‘ਤੇ ਇਹ ਮਾਮਲਾ ਦਰਜ ਕੀਤਾ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਬੇਅਦਬੀਆਂ ਵਾਲੇ ਮਾਮਲੇ ਤੋਂ ਪੰਜਾਬ ਦੇ ਲੋਕਾਂ ਦਾ ਧਿਆਨ ਹਟਾਉਣ ਲਈ ਮਜੀਠੀਆ ‘ਤੇ ਮਾਮਲਾ ਦਰਜ ਕੀਤਾ ਗਿਆ ਹੈ ਪ੍ਰੰਤੂ ਅਕਾਲੀ ਦਲ ਪੰਜਾਬ ਸਰਕਾਰ ਦੀ ਇਸ ਧੱਕੇਸ਼ਾਹੀ ਦੇ ਖਿਲਾਫ ਸਿਆਸੀ ਅਤੇ ਕਾਨੂੰਨੀ ਲੜਾਈ ਲੜੇਗਾ। ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਕਿ 2007 ਵਿੱਚ ਵੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਵੀ ਪਰਚੇ ਦਰਜ ਕੀਤੇ ਗਏ ਸਨ, ਪਰ ਓਦੋਂ ਵੀ ਜਿੱਤ ਅਕਾਲੀ ਦਲ ਦੀ ਹੀ ਹੋਈ ਸੀ। ਇਸ ਮਾਮਲੇ ਵਿੱਚ ਵੀ ਅਕਾਲੀ ਦਲ ਡਟ ਕੇ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਖਿਲਾਫ ਲੜੇਗਾ ਅਤੇ ਜਿੱਤ ਹਾਸਲ ਕਰੇਗਾ।