ਕਤਲ ਦੇ ਦੋਸ਼ ਹੇਠ ਗੁਰਦੁਆਰੇ ਦਾ ਮੁੱਖ ਪ੍ਰਬੰਧਕ ਅਮਰਜੀਤ ਸਿੰਘ ਗ੍ਰਿਫ਼ਤਾਰ
ਕਪੂਰਥਲਾ/ਬਿਊਰੋ ਨਿਊਜ਼
ਕਪੂਰਥਲਾ ਜ਼ਿਲ੍ਹੇ ਦੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ 19 ਦਸੰਬਰ ਨੂੰ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੇ ਚਲਦਿਆਂ ਬੇਅਦਬੀ ਕਰਨ ਆਏ ਨੌਜਵਾਨਾਂ ਦੀ ਗੁੱਸੇ ‘ਚ ਆਏ ਲੋਕਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ, ਜਿਸ ਦੌਰਾਨ ਉਸ ਦੀ ਮੌਤ ਹੋ ਗਈ ਸੀ। ਪ੍ਰੰਤੂ ਇਸ ਸਾਰੇ ਘਟਨਾਕ੍ਰਮ ਨੂੰ ਧਿਆਨ ‘ਚ ਰੱਖਦੇ ਹੋਏ ਪੁਲਿਸ ਨੇ ਅੱਜ ਕਤਲ ਦਾ ਮਾਮਲਾ ਕਰ ਲਿਆ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਾਬਾ ਅਮਰਜੀਤ ਸਿੰਘ ਨੂੰ ਇਸ ਸਬੰਧੀ ਧਾਰਾ 302 ਤੇ ਹੋਰ ਵੱਖ-ਵੱਖ ਧਾਰਾਵਾਂ ਤਹਿਜ ਦਰਜ ਕੀਤੇ ਗਏ ਮਾਮਲੇ ਵਿਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਸੀ ਕਿ ਪੁਲਿਸ ਨੇ ਨਿਜ਼ਾਮਪੁਰ ਵਾਲਾ ਮਸਲਾ ਹੱਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਨਿਜ਼ਾਮਪੁਰ ਵਿਖੇ ਵਾਪਰੀ ਘਟਨਾ ‘ਚ ਬੇਅਦਬੀ ਦਾ ਕੋਈ ਸਬੂਤ ਸਾਹਮਣੇ ਨਹੀਂ ਆਇਆ ਅਤੇ ਇਹ ਮਾਮਲਾ ਕਤਲ ਦਾ ਹੈ। ਇਸ ਮਾਮਲੇ ਦੀ ਜਾਂਚ ਹੋ ਚੁੱਕੀ ਹੈ ਅਤੇ ਮਾਮਲਾ ਵੀ ਟਰੇਸ ਹੋ ਚੁੱਕਿਆ ਹੈ। ਨਵੇਂ ਫੈਕਟ ਤੋ ਬਾਅਦ ਹੁਣ ਐਫ ਆਈ ਆਰ ਵਿਚ ਸੋਧ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਐਲਾਨ ਤੋਂ ਮਹਿਜ ਇਕ ਘੰਟੇ ਬਾਅਦ ਹੀ ਗੁਰਦੁਆਰੇ ਦੇ ਪ੍ਰਬੰਧਕ ਬਾਬਾ ਅਮਰਜੀਤ ਸਿੰਘ ਦੀ ਗ੍ਰਿਫ਼ਤਾਰੀ ਹੋ ਗਈ ਹੈ। ਧਿਆਨ ਰਹੇ ਕਿ ਐਸ ਐਸ ਪੀ ਹਰਕੰਵਲਪ੍ਰੀਤ ਸਿੰਘ ਖੱਖ ਨੇ ਘਟਨਾ ਵਾਲੇ ਦਿਨ ਹੀ ਕਿਹਾ ਸੀ ਕਿ ਮਾਰੇ ਗਏ ਨੌਜਵਾਨ ਵਿਰੁੱਧ ਬੇਅਦਬੀ ਦੀ ਕੋਸ਼ਿਸ਼ ਅਤੇ ਉਸ ਦੇ ਕਤਲ ਦਾ ਕੇਸ ਦਰਜ ਕੀਤਾ ਜਾਵੇਗਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …