Breaking News
Home / ਪੰਜਾਬ / ਮਜੀਠੀਆ ਨੇ ਹਾਈਕੋਰਟ ਦਾ ਬੂਹਾ ਖੜਕਾਇਆ

ਮਜੀਠੀਆ ਨੇ ਹਾਈਕੋਰਟ ਦਾ ਬੂਹਾ ਖੜਕਾਇਆ

ਵਕੀਲ ਨੇ ਮਜੀਠੀਆ ਲਈ ਹਾਈਕੋਰਟ ’ਚ ਅਗਾਊਂ ਜ਼ਮਾਨਤ ਦੀ ਅਰਜ਼ੀ ਕੀਤੀ ਦਾਇਰ
ਮੁਹਾਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਰਾਹਤ ਲੈਣ ਲਈ ਹਾਈਕੋਰਟ ਦਾ ਬੂਹਾ ਖੜਕਾਇਆ। ਮਜੀਠੀਆ ਨੇ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਧਿਆਨ ਰਹੇ ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ। ਮਜੀਠੀਆ ਖ਼ਿਲਾਫ਼ ਕੁੱਝ ਦਿਨ ਪਹਿਲਾਂ ਹੀ ਮੁਹਾਲੀ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਿਆ ਸੀ। ਪੰਜਾਬ ਸਰਕਾਰ ਅਤੇ ਪੁਲਿਸ ਨੂੰ ਮਜੀਠੀਆ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਹੈ। ਇਸ ਸਬੰਧੀ ਪੰਜਾਬ ਪੁਲਿਸ ਨੇ ਅਕਾਲੀ ਆਗੂ ਖ਼ਿਲਾਫ਼ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਹੈ ਪਰ ਹੁਣ ਤੱਕ ਮਜੀਠੀਆ ਪੁਲਿਸ ਦੇ ਹੱਥ ਨਹੀਂ ਲੱਗਿਆ ਹੈ। ਪੁਲੀਸ ਅਤੇ ਖ਼ੁਫ਼ੀਆ ਏਜੰਸੀਆਂ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

Check Also

ਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

1 ਜੂਨ ਨੂੰ ਪੰਜਾਬ ’ਚ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ …