Breaking News
Home / ਪੰਜਾਬ / ਨਵਜੋਤ ਸਿੱਧੂ ਦੀ ਇਤਰਾਜ਼ਯੋਗ ਟਿੱਪਣੀ ਨਾਲ ਫਿਰ ਉਠਿਆ ਬਵਾਲ

ਨਵਜੋਤ ਸਿੱਧੂ ਦੀ ਇਤਰਾਜ਼ਯੋਗ ਟਿੱਪਣੀ ਨਾਲ ਫਿਰ ਉਠਿਆ ਬਵਾਲ

ਪੁਲਿਸ ਅਧਿਕਾਰੀਆਂ ਨੇ ਸਿੱਧੂ ਦੀ ਟਿੱਪਣੀ ਦੀ ਕੀਤੀ ਨਿੰਦਾ
ਬਟਾਲਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਇਤਰਾਜ਼ਯੋਗ ਟਿੱਪਣੀ ’ਤੇ ਫਿਰ ਬਵਾਲ ਸ਼ੁਰੂ ਹੋ ਗਿਆ ਹੈ। ਪੰਜਾਬ ਪੁਲਿਸ ਦੇ ਜਲੰਧਰ ’ਚ ਤੈਨਾਤ ਐਸ.ਆਈ. ਬਲਬੀਰ ਸਿੰਘ ਨੇ ਸਿੱਧੂ ਦੀ ਟਿੱਪਣੀ ਦੀ ਨਿੰਦਾ ਕੀਤੀ ਹੈ। ਐਸ.ਆਈ. ਨੇ ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆ ਨੂੰ ਗੁਹਾਰ ਲਗਾਈ ਕਿ ਪੁਲਿਸ ਦੀ ਦਿੱਖ ਖਰਾਬ ਨਾ ਹੋਣ ਦਿੱਤੀ ਜਾਵੇ। ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਵੀ ਸਿੱਧੂ ਦੀਆਂ ਟਿੱਪਣੀਆਂ ’ਤੇ ਇਤਰਾਜ਼ ਕੀਤਾ ਸੀ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਬਟਾਲਾ ਵਿਚ ਕਾਂਗਰਸੀ ਆਗੂ ਅਸ਼ਵਨੀ ਸ਼ੇਖੜੀ ਦੇ ਹੱਕ ਵਿਚ ਕੀਤੀ ਗਈ ਰੈਲੀ ’ਚ ਪਹੁੰਚੇ ਸਿੱਧੂ ਨੇ ਕਿਹਾ ਸੀ ਕਿ ਸ਼ੇਖੜੀ ਇਕ ਖੰਗੂਰਾ ਮਾਰੇ ਤਾਂ ਥਾਣੇਦਾਰ ਪੈਂਟ ਗਿੱਲੀ ਕਰ ਦੇਵੇਗਾ। ਸਿੱਧੂ ਦੀ ਇਸ ਟਿੱਪਣੀ ’ਤੇ ਪੁਲਿਸ ਅਧਿਕਾਰੀਆਂ ਵਲੋਂ ਇਤਰਾਜ਼ ਕੀਤਾ ਜਾ ਰਿਹਾ ਹੈ। ਧਿਆਨ ਰਹੇ ਕਿ ਲੁਧਿਆਣਾ ਤੋਂ ਕਾਂਗਰਸ ਦੇ ਐਮਪੀ ਰਵਨੀਤ ਸਿੰਘ ਬਿੱਟੂ ਨੇ ਸਿੱਧੂ ਵਲੋਂ ਪੁਲਿਸ ਮੁਲਾਜ਼ਮਾਂ ਪ੍ਰਤੀ ਕੀਤੀਆਂ ਟਿੱਪਣੀਆਂ ਲਈ ਮੁਆਫੀ ਵੀ ਮੰਗੀ ਹੈ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਲੋਂ ਪੁਲਿਸ ਅਫ਼ਸਰਾਂ ਖ਼ਿਲਾਫ਼ ਲਗਾਤਾਰ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ, ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਚੁੱਪ ਬੈਠੇ ਹੋਏ ਹਨ। ਦਲਜੀਤ ਚੀਮਾ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਕਾਂਗਰਸ ਦੇ ਆਗੂ ਨੂੰ ਸਮਝਾਉਣ ਕਿ ਵਰਦੀਧਾਰੀ ਪੁਲਿਸ ਦੇ ਖ਼ਿਲਾਫ਼ ਬਿਆਨਬਾਜ਼ੀ ਤੇ ਮਨੋਬਲ ਡੇਗਣ ਵਾਲੀਆਂ ਟਿੱਪਣੀਆਂ ਤੋਂ ਗੁਰੇਜ਼ ਕੀਤਾ ਜਾਵੇ।

 

Check Also

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ

ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …