ਹਾਈਕੋਰਟ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ 5 ਜਨਵਰੀ ਤੱਕ ਟਾਲੀ
ਚੰਡੀਗੜ੍ਹ/ਬਿਊਰੋ ਨਿਊਜ਼
ਡਰੱਗ ਮਾਮਲੇ ’ਚ ਫਸੇ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਮਜੀਠੀਆ ਵੱਲੋਂ ਦਾਇਰ ਕੀਤੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਨੂੰ 5 ਜਨਵਰੀ ਤੱਕ ਟਾਲ ਦਿੱਤਾ। ਇਸ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਪੀ. ਚਿਦੰਬਰਮ ਅਤੇ ਮਜੀਠੀਆ ਦੇ ਪੱਖ ’ਚ ਐਡਵੋਕੇਟ ਮੁਕੁਲ ਰੋਹਤਗੀ ਨੇ ਬਹਿਸ ਕਰਨੀ ਸੀ। ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕਰਨ ਦੀ ਮੰਗ ਕੀਤੀ ਗਈ ਸੀ ਪ੍ਰੰਤੂ ਹਾਈ ਕੋਰਟ ਨੇ ਫਿਜੀਕਲ ਸੁਣਵਾਈ ਦੇ ਲਈ ਕਿਹਾ, ਜਿਸ ’ਚ ਦੋਵੇਂ ਪੱਖਾਂ ਦੇ ਸੀਨੀਅਰ ਵਕੀਲ ਪੇਸ਼ ਨਹੀਂ ਹੋ ਸਕੇ। ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਦੋਵੇਂ ਪੱਖਾਂ ਦੀ ਸਹਿਮਤੀ ਤੋਂ ਬਾਅਦ ਮਜੀਠੀਆ ਖਿਲਾਫ ਹੋਣ ਵਾਲੀ ਸੁਣਵਾਈ ਨੂੰ ਟਾਲ ਦਿੱਤਾ ਗਿਆ। ਧਿਆਨ ਰਹੇ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਮਜੀਠੀਆ ਵੱਲੋਂ ਜ਼ਮਾਨਤ ਲਈ ਪਾਈ ਗਈ ਪਟੀਸ਼ਨ ਨੂੰ ਪਹਿਲਾਂ ਹੀ ਖਾਰਜ ਕਰ ਚੁੱਕੀ ਹੈ। ਬਿਕਰਮ ਸਿੰਘ ਮਜੀਠੀਆ ਖਿਲਾਫ ਮੋਹਾਲੀ ਦੇ ਕ੍ਰਾਈਮ ਬ੍ਰਾਂਚ ਪੁਲਿਸ ਥਾਣੇ ’ਚ 20 ਦਸੰਬਰ ਨੂੰ ਕੇਸ ਦਰਜ ਕੀਤਾ ਗਿਆ ਸੀ। ਐਨਡੀਪੀਐਸ ਐਕਟ ਦੀ ਧਾਰਾ 25, 27 ਏ ਅਤੇ 29 ਦੇ ਤਹਿਤ ਦਰਜ ਕੇਸ ’ਚ ਆਰੋਪ ਹੈ ਕਿ ਮਜੀਠੀਆ ਨੇ ਨਸ਼ਾ ਤਸਕਰਾਂ ਨੂੰ ਪਨਾਹ ਦਿੱਤੀ ਸੀ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੂੰ ਗੱਡੀ ਅਤੇ ਗੰਨਮੈਨ ਦੇਣ ਦੇ ਨਾਲ-ਨਾਲ ਨਸ਼ਾ ਸਪਲਾਈ ਕਰਨ ਦੀ ਸੈਟਲਮੈਂਟ ਵੀ ਕਰਵਾਈ ਸੀ। ਕੇਸ ਦਰਜ ਹੋਣ ਤੋਂ ਮਜੀਠੀਆ ਅੰਡਰ ਗਰਾਊਂਡ ਹੋ ਗਏ ਅਤੇ ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ’ਚ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮਜੀਠੀਆ ਖਿਲਾਫ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਜਾ ਚੁੱਕਿਆ ਹੈ ਤਾਂ ਕਿ ਉਹ ਵਿਦੇਸ਼ ਨਾ ਭੱਜ ਸਕੇ।