-2.2 C
Toronto
Tuesday, January 6, 2026
spot_img
Homeਮੁੱਖ ਲੇਖਕੀ ਪੰਜਾਬ ਵੀ ਯੂ.ਪੀ.ਦੀਆਂ ਰਾਹਾਂ 'ਤੇ ਤੋਰ ਦਿੱਤਾ ਜਾਏਗਾ?

ਕੀ ਪੰਜਾਬ ਵੀ ਯੂ.ਪੀ.ਦੀਆਂ ਰਾਹਾਂ ‘ਤੇ ਤੋਰ ਦਿੱਤਾ ਜਾਏਗਾ?

ਗੁਰਮੀਤ ਸਿੰਘ ਪਲਾਹੀ
ਵਾਰਾਨਸੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿੰਦੂ ਧਰਮ ਅਤੇ ਭਗਵਾਨ ਸ਼ਿਵ ਦੇ ਦਾਰਸ਼ਨਿਕ ਪੱਖ ਦੀ ਗੱਲ ਨਹੀਂ ਕੀਤੀ, ਸਗੋਂ ਸਿੱਧੇ-ਸਿੱਧੇ ਔਰੰਗਜ਼ੇਬ ਅਤੇ ਸਾਲਾਰ ਮਸੂਦ ਦਾ ਨਾਂ ਲੈ ਕੇ ਸੰਪਰਦਾਇਕ ਵੰਡ ਦਾ ਦਾਅ ਚੱਲਿਆ ਹੈ। ਯੂ.ਪੀ. ਦੀਆਂ ਚੋਣਾਂ ਜਿੱਤਣ ਲਈਂ ਹਿੰਦੂ ਧਰਮ ਦੇ ਰਖਵਾਲੇ ‘ਡਬਲ ਇੰਜਨ’ ‘ਮੋਦੀ ਤੇ ਜੋਗੀ’ ਦੱਸ ਰਹੇ ਕਿ ਉਹਨਾਂ ਰਾਮ ਮੰਦਿਰ ਦਾ ਨਿਰਮਾਣ ਕੀਤਾ ਹੈ। ਵਿਸ਼ਵਾਨਾਥ ਮੰਦਿਰ ਦਾ ਵਿਹੜਾ ਸਜਾਇਆ ਹੈ।
ਮੋਦੀ ਤੇ ਯੋਗੀ ਸੰਦੇਸ਼ ਦੇ ਰਹੇ ਹਨ ਕਿ ਧਾਰਮਿਕ ਆਸਥਾ ਤੋਂ ਬਿਨਾ ਦੇਸ਼ ਭਗਤੀ ਕਾਹਦੀ? ਉਹਨਾਂ ਦੇ ਇਹਨਾਂ ਪਰਵਚਨਾਂ ਤੋਂ ਪ੍ਰਭਾਵਤ ਹੋ ਕੇ ਅਰਧ ਸਿਖਿਅਤ ਹਿੰਦੂ, ਮੁਸਲਮਾਨਾਂ ਨੂੰ ਔਰੰਗਜ਼ੇਬ ਦੇ ਕੀਤੇ ਜ਼ੁਲਮਾਂ ਕਾਰਨ ਦੰਡਿਤ ਕਰਨਾ ਚਾਹੁੰਦੇ ਹਨ। ਮੋਦੀ ਤੇ ਜੋਗੀ ਯੂਪੀ ਦੇ ਲੋਕਾਂ ਨੂੰ ਇਹ ਅਹਿਸਾਸ ਕਰਾਉਣਾ ਚਾਹੁੰਦੇ ਹਨ ਅਤੇ ਕਹਿ ਰਹੇ ਹਨ ਭੁਲ ਜਾਓ ਯੂ.ਪੀ. ਵਾਲਿਓ ਕਿ ਕੁਝ ਮਹੀਨੇ ਪਹਿਲਾਂ ਗੰਗਾ ਜੀ ‘ਚ ਲਾਸ਼ਾਂ ਵਹਿ ਰਹੀਆਂ ਸਨ। ਭੁਲ ਜਾਉ ਕਿ ਹਸਪਤਾਲਾਂ ‘ਚ ਮਹਾਂਮਾਰੀ ਵੇਲੇ ਬਿਸਤਰ ਨਹੀਂ ਸਨ, ਦਵਾਈਆਂ ਨਹੀਂ ਸਨ, ਆਕਸੀਜਨ ਨਹੀਂ ਸੀ ਅਤੇ ਹਾਥਰਸ, ਲਖੀਮਪੁਰ ਦੀ ਘਟਨਾ ਵੀ ਭੁਲ ਜਾਉ। ਉਹ ਅਯੁੱਧਿਆ ਅਤੇ ਕਾਸ਼ੀ ਦਾ ਇੰਜ ਪ੍ਰਚਾਰ ਕਰ ਰਹੇ ਹਨ ਕਿ ਲੋਕਾਂ ਨੂੰ ਕੱਪੜੇ, ਮਕਾਨ, ਰੋਟੀ ਦੀ ਚਿੰਤਾ ਘੱਟ ਰਹੇ ਅਤੇ ਮਜ਼ਹਬ ਦੀ ਚਿੰਤਾ ਵੱਧ ਰਹੇ ਅਤੇ ਉਹ ਮੁਸਲਮਾਨ ਅਤੇ ਹੋਰ ਘੱਟ ਗਿਣਤੀਆਂ ਤੋਂ ਦੂਰੀ ਬਣਾ ਕੇ ਸਿਰਫ਼ ਤੇ ਸਿਰਫ਼ ਭਾਜਪਾ ਨੂੰ ਯੂ.ਪੀ. ‘ਚ ਵੋਟ ਦੇਣ। ਇਸੇ ਕਿਸਮ ਦਾ ਧਾਰਮਿਕ ਧਰੁਵੀਕਰਨ ਮੋਦੀ ਦੀ ਭਾਜਪਾ ਨੇ ਪਿਛਲੀਆਂ ਚੋਣਾਂ ‘ਚ ਪੈਦਾ ਕਰ ਦਿੱਤਾ ਸੀ ਅਤੇ ਵਿਧਾਨ ਸਭਾ ਚੋਣਾਂ ਵੇਲੇ ਵੀ ਅਤੇ ਲੋਕ ਸਭਾ ਚੋਣਾਂ ਵੇਲੇ ਵੀ ਵੱਡੀ ਜਿੱਤ ਪ੍ਰਾਪਤ ਕੀਤੀ ਸੀ।
ਪੰਜਾਬ ਅਤੇ ਬੇਅਦਬੀ ਦੀਆਂ ਘਟਨਾਵਾਂ : ਕੀ ਪੰਜਾਬ ਵੀ ਉਸੇ ਰਾਹ ‘ਤੇ ਹਾਕਮਾਂ ਵਲੋਂ ਤੋਰ ਦਿੱਤਾ ਜਾਏਗਾ। ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਕੀ ਇਹੋ ਸੰਦੇਸ਼ ਤਾਂ ਨਹੀਂ ਪ੍ਰਗਟ ਕਰ ਰਹੀਆਂ। ਸ੍ਰੀ ਹਰਮਿੰਦਰ ਸਾਹਿਬ ‘ਚ ਘਿਨੋਣੇ ਢੰਗ ਨਾਲ ਬੇਅਦਬੀ ਦਾ ਯਤਨ, ਜਿਸ ਨਾਲ ਹਿਰਦੇ ਵਲੂੰਦਰੇ ਗਏ ਹਨ, ਕੀ ਕੋਈ ਡੂੰਘੀ ਸਾਜ਼ਿਸ਼ ਤਾਂ ਨਹੀਂ ਹੈ? ਪੰਜਾਬ ਵਿੱਚ ਪਹਿਲਾਂ ਵਾਪਰੀਆਂ ਹਿਰਦੇ ਵਰਧਕ ਬੇਅਦਬੀ ਦੀਆਂ ਘਟਨਾਵਾਂ ਵਿਚ ਸ਼ਾਮਲ ਲੋਕਾਂ ਨੂੰ ਸਾਹਮਣੇ ਲਿਆਉਣ ਦੀ ਥਾਂ ਸਿਆਸੀ ਖੇਡ ਖੇਡੀ ਜਾ ਰਹੀ ਹੈ। ਇੰਨੇ ਸਾਲ ਬੀਤਣ ਬਾਅਦ ਵੀ ਦੋਸ਼ੀਆਂ ਦੇ ਚਿਹਰੇ ਨੰਗੇ ਨਹੀਂ ਹੋਏ, ਉਹਨਾਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ। ਸਿੱਟੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਅਤੇ ਫਿਰ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿਚ ਵਾਪਰੀ ਘਟਨਾ ਕਾਰਨ ਲੋਕਾਂ ‘ਚ ਭਾਰੀ ਰੋਹ ਵੇਖਣ ਨੂੰ ਮਿਲਿਆ ਅਤੇ ਉਥੇ ਹਾਜ਼ਰ ਲੋਕਾਂ ਨੇ ਪੁਲਿਸ ਪ੍ਰਸ਼ਾਸ਼ਨ ਜਾਂ ਸਰਕਾਰ ਉਤੇ ਯਕੀਨ ਕਰਨ ਦੀ ਥਾਂ, ਆਪ ਸਿੱਧੀ ਕਾਰਵਾਈ ਕਰਨ ਨੂੰ ਤਰਜ਼ੀਹ ਦਿੱਤੀ।
ਪੰਜਾਬ ਦਾ ਮਾਹੌਲ ਇਹਨਾਂ ਘਟਨਾਵਾਂ ਨਾਲ ਬਹੁਤ ਹੀ ਭਾਵੁਕ ਹੋ ਚੁੱਕਾ ਹੈ। ਇਹ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਹਨ। ਲੋਕ ਲਗਾਤਾਰ ਮੰਗ ਕਰ ਰਹੇ ਹਨ ਕਿ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਹਨਾਂ ਘਟਨਾਵਾਂ ਪਿੱਛੇ ਕਿਹੜੀਆਂ ਤਾਕਤਾਂ ਹਨ? ਉਹਨਾਂ ਦਾ ਪਰਦਾਫਾਸ਼ ਕੀਤਾ ਜਾਣਾ ਚਾਹੀਦਾ ਹੈ।
ਸਵਾਲ ਇਹ ਵੀ ਉੱਠਦਾ ਹੈ ਕਿ ਚੋਣਾਂ ਤੋਂ ਐਨ ਪਹਿਲਾਂ ਇਹੋ ਜਿਹੀਆਂ ਘਟਨਾਵਾਂ ਆਖ਼ਿਰ ਕਿਉਂ ਵਾਪਰਦੀਆਂ ਹਨ?ਮਾਹੌਲ ਨੂੰ ਫ਼ਿਰਕੂ ਰੰਗਤ ਦੇਣ ਜਾਂ ਸਰਹੱਦਾਂ ਉਤੇ ਮਾਹੌਲ ਵਿਚ ਤਣਾਅ ਕਿਉਂ ਵੱਧ ਜਾਂਦਾ ਹੈ?ਡਰੋਨ ਹਮਲੇ ਕਿਉਂ ਤੇਜ਼ ਹੋ ਜਾਂਦੇ ਹਨ? ਕੀ ਇਹ ਵਿਦੇਸ਼ੀ ਤਾਕਤਾਂ ਦਾ ਕੋਈ ਕਾਰਾ ਹੈ ਜਾਂ ਦੇਸੀ ਤਾਕਤਾਂ ਦਾ ਕਾਰਾ ਹੈ, ਜਿਹੜੀਆਂ ਸਿਆਸੀ ਲਾਹਾ ਲੈਣ ਦੀ ਤਾਕ ਵਿੱਚ ਬੈਠੀਆਂ ਹਨ ਅਤੇ ਪੰਜਾਬ ਦੀ ਧਰਤੀ ਦੇ ਲੋਕਾਂ ਨੂੰ ਫ਼ਿਰਕੂ ਰੰਗ ਵਿਚ ਰੰਗ ਕੇ ਇਥੋਂ ਦੇ ਭਾਈਚਾਰਕ ਤਾਣੇ-ਬਾਣੇ ਨੂੰ ਤਹਿਸ-ਨਹਿਸ ਕਰਕੇ ਸਭ ਕੁਝ ਆਪਣੇ ਹੱਥਾਂ ਵਿੱਚ ਕਰ ਲੈਣਾ ਚਾਹੁੰਦੀਆਂ ਹਨ।
ਸਿਆਸਤਦਾਨਾਂ ਦੀਆਂ ਚਾਲਾਂ : ਅੱਜ ਪੰਜਾਬ ਸਿਆਸਤਦਾਨਾਂ ਦੀਆਂ ਸਿਆਸੀ ਚਾਲਾਂ ਕਾਰਨ ਬੁਰੀ ਤਰ੍ਹਾਂ ਤਬਾਹ ਹੋ ਰਿਹਾ ਹੈ। ਕੇਂਦਰੀ ਹਾਕਮਾਂ ਨੇ ਸਮੇਂ ਸਮੇਂ ਘੁੱਗ ਵਸਦੇ ਪੰਜਾਬ ਦੀ ਤਬਾਹੀ ਦੀ ਦਾਸਤਾਨ ਲਿਖੀ ਹੈ। ਪੰਜਾਬ ਲਈ ’47 ਲਿਖਿਆ, ’84 ਪੱਲੇ ਪਾਇਆ, ਖਾੜਕੂਵਾਦ ਵਾਲੇ ਹਾਲਾਤ ਪੈਦਾ ਕੀਤੇ, ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਪਾਇਆ ਅਤੇ ਫਿਰ ਖੇਤੀ ਕਾਨੂੰਨ ਲਾਗੂ ਕਰਕੇ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਖੋਹਣ ਦੀ ਸਾਜ਼ਿਸ਼ ਰਚੀ। ਸਿੱਟੇ ਵਜੋਂ ਪੰਜਾਬ ਦੀ ਆਰਥਿਕਤਾ ਤਬਾਹੀ ਦੇ ਕੰਢੇ ਪਈ ਹੈ।
ਪੰਜਾਬ ਦੀ ਡਾਵਾਂਡੋਲ ਆਰਥਿਕ ਸਥਿਤੀ : ਪੰਜਾਬ ਦੀ ਆਰਥਿਕਤਾ ਅੱਜ ਐਨੀ ਡਾਵਾਂਡੋਲ ਹੋ ਗਈ ਹੈ ਕਿ ਵਿਦੇਸ਼ੀ ਨਿਵੇਸ਼, ਨਿਰਯਾਤ, ਘਰੇਲੂ ਉਤਪਾਦਨ, ਜੀ.ਡੀ.ਪੀ., ਬੇਰੁਜ਼ਗਾਰੀ ਤੇ ਜੀ.ਐਸ.ਟੀ. ਦੀ ਉਗਰਾਹੀ ਵਿੱਚ ਪੰਜਾਬ ਦੇਸ਼ ਦੇ ਹੋਰ ਰਾਜਾਂ ਤੋਂ ਪੱਛੜ ਗਿਆ ਹੈ। ਕਿਸਾਨਾਂ ਨੂੰ ਜਦੋਂ ਅੰਦੋਲਨ ਦੇ ਰਸਤੇ ਕੇਂਦਰ ਦੀ ਸਰਕਾਰ ਨੇ ਮਜ਼ਬੂਰਨ ਤੋਰ ਦਿੱਤਾ ਤਾਂ ਇਸ ਇੱਕ ਸਾਲ ਦੇ ਅਰਸੇ ਵਿਚ ਦੇਸ਼ ਦੇ ਸਨਅੱਤਕਾਰਾਂ, ਵਪਾਰੀਆਂ ਤੇ ਕਾਰੋਬਾਰੀਆਂ ਨੂੰ 60 ਹਜ਼ਾਰ ਕਰੋੜ ਦਾ ਨੁਕਸਾਨ ਹੋਇਆ। ਇਸ ਨੁਕਸਾਨ ਦਾ ਵੱਡਾ ਹਿੱਸਾ ਪੰਜਾਬ ਨੂੰ ਝੱਲਣਾ ਪਿਆ ਹੈ। ਇਸ ਵੇਲੇ ਪੰਜਾਬ ਦੀ ਸਲਾਨਾ ਮਿਸ਼ਰਤ ਵਿਕਾਸ ਦਰ 6.31 ਫ਼ੀਸਦੀ ਹੈ ਜਦਕਿ ਦਿੱਲੀ ਦੀ 7.70 ਫ਼ੀਸਦੀ ਅਤੇ ਉਤਰਪ੍ਰਦੇਸ਼ ਦੀ 11.39 ਫ਼ੀਸਦੀ ਹੈ। ਵਿਦੇਸ਼ੀ ਨਿਵੇਸ਼ ਹਰਿਆਣਾ ਵਿੱਚ 91.9 ਅਰਬ ਡਾਲਰ ਹੋਇਆ, ਦਿੱਲੀ ਵਿੱਚ 101.88 ਅਰਬ ਡਾਲਰ ਹੋਇਆ ਪਰ ਪੰਜਾਬ ਵਿਚ ਬਹੁਤਾ ਨਿਵੇਸ਼ ਨਹੀਂ ਹੋਇਆ। ਪੰਜਾਬ ਹਰ ਪੱਖੋਂ ਪਛੜਿਆ : ਪੰਜਾਬ ਜੀ.ਡੀ.ਪੀ. ਵਿਚ ਇੱਕ ਨੰਬਰ ਤੋਂ 17ਵੇਂ ਨੰਬਰ ‘ਤੇ ਪੁੱਜ ਗਿਆ। ਪ੍ਰਤੀ ਵਿਅਕਤੀ ਆਮਦਨ ਵਿੱਚ ਪੰਜਾਬ ਕਦੇ ਤੀਜੇ ਨੰਬਰ ‘ਤੇ ਸੀ, ਹੁਣ ਪੱਛੜ ਕੇ 19ਵੇਂ ਨੰਬਰ ‘ਤੇ ਚਲੀ ਗਈ ਹੈ। ਪੰਜਾਬ ਵਿਚ ਕਰਜ਼ੇ ਦਾ ਬੋਝ 2007 ਤੋਂ 2017 ਤੱਕ 51009 ਕਰੋੜ ਸੀ, ਜਦੋਂ ਹੁਣ 2018 ਤੋਂ 2021 ਤੱਕ 2,82,000 ਕਰੋੜ ਹੋ ਗਿਆ ਹੈ। ਪੰਜਾਬ ਬੇਰਜ਼ੁਗਾਰੀ ਵਿੱਚ ਉਪਰਲੇ ਪੰਜ ਸੂਬਿਆਂ ਵਿਚ ਸ਼ੁਮਾਰ ਹੋ ਗਿਆ ਹੈ। ਪੰਜਾਬ ਅੰਦਰ 2010 -11 ਵਿੱਚ ਵੈਟ ਦੀ ਉਗਰਾਹੀ 12,200 ਕਰੋੜ ਸੀ ਅਤੇ ਹਰਿਆਣਾ ਵਿਚ 11,082 ਕਰੋੜ। ਹੁਣ 2021 ਵਿੱਚ ਹਰਿਆਣਾ ‘ਚ ਉਗਰਾਹੀ 66000 ਕਰੋੜ ਹੈ ਅਤੇ ਪੰਜਾਬ ਵਿਚ ਹਾਲੀ ਵੀ 16000 ਕਰੋੜ ਹੈ। ਭਾਰਤ ਤੇ ਹੋਰਨਾਂ ਰਾਜਾਂ ਵਿੱਚ ਬਿਜਲੀ ਡਿਊਟੀ ਤੋਂ ਆਮਦਨ ਤਿੰਨ ਫ਼ੀਸਦੀ ਹੈ ਜਦਕਿ ਪੰਜਾਬ ਵਿੱਚ ਬਿਜਲੀ ਡਿਊਟੀਆਂ ਤੇ ਹੋਰ ਖ਼ਰਚਿਆਂ ਤੋਂ 10 ਫ਼ੀਸਦੀ ਆਮਦਨ ਪ੍ਰਾਪਤ ਕਰਦਾ ਹੈ। ਇਸੇ ਕਰਕੇ ਸੂਬੇ ਪੰਜਾਬ ਅੰਦਰ 14000 ਤੋਂ ਵੱਧ ਸਨਅੱਤੀ ਬਿਜਲੀ ਕੁਨੈਕਸ਼ਨ ਘੱਟ ਗਏ ਹਨ। ਸਨਅੱਤਕਾਰ ਪੰਜਾਬ ਛੱਡ ਰਹੇ ਹਨ।
ਪੰਜਾਬ ਜਦੋਂ ਇਹੋ ਜਿਹੀ ਆਰਥਿਕ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ। ਬੇਰੁਜ਼ਗਾਰੀ ਸੂਬੇ ਵਿੱਚ ਅੰਤਾਂ ਦੀ ਹੈ। ਲੋਕਾਂ ਦਾ ਵਿਸ਼ਵਾਸ਼ ਸਰਕਾਰ, ਪ੍ਰਸ਼ਾਸ਼ਨ, ਸਿਆਸਤਦਾਨਾਂ ਤੋਂ ਉੱਠ ਗਿਆ ਹੈ ਤਾਂ ਲੋਕ ਪੰਜਾਬ ਵਿੱਚ ਕਿਸ ਆਸਰੇ ਜੀਊਣ? ਕਿਧਰ ਜਾਣ? ਪ੍ਰਵਾਸ ਨੇ ਉਹਨਾ ਦੇ ਮਨਾਂ ਵਿਚ ਥਾਂ ਮੱਲ ਲਈ ਹੋਈ ਹੈ। ਜੋ ਪੰਜਾਬੀਆਂ ਦੇ ਲਈ ਘਾਤਕ ਵੀ ਸਾਬਤ ਹੋ ਰਹੀ ਹੈ।
ਦਿੱਲੀ ਦੇ ਹਾਕਮਾਂ ਦਾ ਪੰਜਾਬ ਨਾਲ ਵਿਤਕਰਾ : ਉਂਜ ਵੀ ਦੇਸ਼ ਦਾ ਦਿੱਲੀ ਹਾਕਮ ਚਾਹੇ ਉਹ ਕਾਂਗਰਸ ਵੇਲੇ ਸੀ, ਜਾਂ ਹੁਣ ਭਾਜਪਾ ਵੇਲੇ ‘ਸੋਨੇ ਦੀ ਚਿੜੀ’ ਪੰਜਾਬ ਨੂੰ ਸਬਕ ਸਿਖਾਉਣਾ ਚਾਹੁੰਦਾ ਹੈ। ਉਹ ਸਬਕ ਉਹਨਾਂ 1984 ਵਿਚ ਵੀ ਸਿਖਾਇਆ ਅਤੇ ਸਮੇਂ-ਸਮੇਂ ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਕੇ ਵੀ। ਪੰਜਾਬ ਨੂੰ ਕੋਈ ਵੱਡੀ ਸਨਅੱਤ ਨਹੀਂ ਦਿੱਤੀ। ਪੰਜਾਬ ਦੇ ਖੇਤੀ ਉਤਪਾਦਨ ਨੂੰ ਸੰਭਾਲਣ ਲਈ ਪਿੰਡਾਂ ਵਿਚ ਕੋਈ ਕਾਰਖ਼ਾਨੇ ਨਹੀਂ ਲਗਾਏ, ਸਿਰਫ਼ ਪੰਜਾਬ ਦੇ ਕੱਚੇ ਮਾਲ ‘ਖੇਤੀ ਉਪਜ’ ਨੂੰ ਵਰਤ ਕੇ ਪੰਜਾਬ ਨੂੰ ਲੁੱਟਿਆ ਹੀ ਹੈ। ਇਸੇ ਗੱਲ ਦਾ ਸਿੱਟਾ ਹੀ ਹੈ ਕਿ ਅੱਜ ਪੰਜਾਬ ਤਬਾਹੀ ਦੀਆਂ ਬਰੂਹਾਂ ‘ਤੇ ਖੜ੍ਹਾ ਵਿਖਾਈ ਦਿੰਦਾ ਹੈ।
ਪੰਜਾਬ ਦਾ ਮੌਜੂਦਾ ਚੋਣ ਦ੍ਰਿਸ਼ : ਅੱਜ ਪੰਜਾਬ ਦਾ ਚੋਣ ਦ੍ਰਿਸ਼ ਵੇਖਣ ਦੀ ਲੋੜ ਹੈ। ਸਿਆਸੀ ਪਾਰਟੀਆਂ ਲਈ ਪੰਜਾਬ ਦੇ ਮੁੱਦੇ, ਮਸਲੇ ਅਹਿਮ ਨਹੀਂ ਹਨ। ਪੰਜਾਬ ਦੀ ਕਾਂਗਰਸ ਲੋਕ ਹਿੱਤਾਂ ਦੀ ਗੱਲ ਕਰਦੀ ਹੈ, ਪਰ ਉਸ ਵਿੱਚ ਪਾਟੋ-ਧਾੜ ਹੈ, ਉਸਦੇ ਪੰਜ ਛੇ ਧੜੇ ਬਣੇ ਹੋਏ ਹਨ, ਜੋ ਸਿਰਫ਼ ਕੁਰਸੀ ਪ੍ਰਾਪਤੀ ਲਈ ਇੱਕ-ਦੂਜੇ ਦੀਆਂ ਲੱਤਾਂ ਖਿਚ ਰਹੇ ਹਨ। ਲੋਕ ਸਰੋਕਾਰ ਇਹਨਾਂ ਤੋਂ ਦੂਰ ਹਨ। ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਆਪਸੀ ਗੱਠਜੋੜ ਬੇਜੋੜ ਹੈ, ਸਿਰਫ਼ ਆਪਸੀ ਹਿੱਤਾਂ ਦੀ ਪੂਰਤੀ ਕਰਕੇ ਸਿਆਸੀ ਤਾਕਤ ਹਥਿਆਉਣ ਤੱਕ ਸੀਮਤ ਹੈ। ਆਮ ਆਦਮੀ ਪਾਰਟੀ ਗਰੰਟੀ ਦੇਣ ਦੀ ਰਾਜਨੀਤੀ ਕਰਦੀ ਹੈ, ਦਿੱਲੀ ਦਾ ਮੁੱਖ ਮੰਤਰੀ ਪੰਜਾਬ ਵਿਚ ਮਹਿਲਾਵਾਂ ਨੂੰ ਇੱਕ-ਇੱਕ ਹਜ਼ਾਰ ਮਹੀਨਾ ਦੇਣ ਦਾ ਵਾਅਦਾ ਕਰਦਾ ਹੈ, ਦੂਜੀਆਂ ਪਾਰਟੀਆਂ ਪੂਰੇ ਪਰਿਵਾਰ ਨੂੰ ਪੰਜ-ਪੰਜ ਹਜ਼ਾਰ ਦੇਣ ਦੀ ਗੱਲ ਕਰਦੀਆਂ ਹਨ। ਹਾਕਮ ਧਿਰ ਕਾਂਗਰਸ ਨੇ ਤਾਂ ਰਿਆਇਤਾਂ ਦੀ ਝੜੀ ਹੀ ਲਾ ਦਿੱਤੀ ਹੋਈ ਹੈ। ਇਹ ਪੈਸੇ ਕਿਥੋਂ ਆ ਰਹੇ ਹਨ? ਅੱਗੋਂ ਰਿਆਇਤਾਂ ਲਈ ਪੈਸੇ ਕਿਥੋਂ ਆਉਣਗੇ? ਕੇਜਰੀਵਾਲ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਗੱਲ ਕਰਦਾ ਹੈ, ਪਰ ਜੋ ਭ੍ਰਿਸ਼ਟਾਚਾਰ ਦਿੱਲੀ ਵਿਚ ਉਹਦੇ ਰਾਜ ਵਿੱਚ ਹੋ ਰਿਹਾ ਹੈ, ਉਸ ਬਾਰੇ ਚੁੱਪ ਹੈ। ਭਾਜਪਾ ਹੁਣ ਦੂਜੀਆਂ ਪਾਰਟੀਆਂ ਵਿਚੋਂ ਨਿਰਾਸ਼, ਦਾਗੀ, ਸਿਆਸਤਦਾਨਾਂ ਨੂੰ ਨਿੱਤ ਦਿਹਾੜੇ ਆਪਣੇ ਨਾਲ ਜੋੜ ਰਹੀ ਹੈ।

RELATED ARTICLES
POPULAR POSTS