ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਰਾਜਸੀ ਕਾਨਫਰੰਸ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਦੂਸਰੇ ਦਿਨ ਰਾਜਸੀ ਕਾਨਫਰੰਸ ਦੌਰਾਨ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ, ਮਾਤਾ ਗੁਜਰੀ ਅਤੇ ਬਾਬਾ ਮੋਤੀ ਰਾਮ ਮਹਿਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਜਬਰ-ਜ਼ੁਲਮ ਅਤੇ ਵਿਤਕਰਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਪ੍ਰੇਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਰਾਜ ਕਾਇਮ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ।
ਉਨ੍ਹਾਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ, ਪੰਜਾਬੀਅਤ ਅਤੇ ਸਿੱਖ ਕੌਮ ਵਿਰੋਧੀ ਕਾਂਗਰਸ, ਭਾਜਪਾ, ਬਾਦਲ ਦਲ ਅਤੇ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦੇਣ ਲਈ ਅਕਾਲੀ ਦਲ ਅੰਮ੍ਰਿਤਸਰ ਨੂੰ ਸਹਿਯੋਗ ਦੇਣ ਦੀ ਵਕਾਲਤ ਕੀਤੀ। ਕੇਂਦਰ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਤਿੰਨ ਖੇਤੀ ਕਾਨੂੰਨ ਰੱਦ ਹੋ ਗਏ ਹਨ ਪਰ ਜਦੋਂ ਤਕ ਫ਼ਸਲਾਂ ਦੀ ਐੱਮਐੱਸਪੀ ਨੂੰ ਕਾਨੂੰਨੀ ਮਾਨਤਾ ਅਤੇ ਸਰਹੱਦਾਂ ਖੋਲ੍ਹ ਕੇ ਵਪਾਰ ਦੀ ਆਗਿਆ ਨਹੀਂ ਮਿਲਦੀ, ਉਦੋਂ ਤਕ ਲੜਾਈ ਜਾਰੀ ਰੱਖਣ ਦੀ ਲੋੜ ਹੈ। ਉਨ੍ਹਾਂ ਪਾਸਪੋਰਟ, ਆਧਾਰ ਕਾਰਡ ਅਤੇ ਵੋਟਰ ਕਾਰਡ ਤੋਂ ਬਿਨਾਂ ਪਾਕਿਸਤਾਨ ਦੇ ਗੁਰੂ ਘਰਾਂ ਦੇ ਦਰਸ਼ਨ ਖੋਲ੍ਹਣ ਦੀ ਮੰਗ ਵੀ ਕੀਤੀ।
ਇਸ ਮੌਕੇ 18 ਮਤੇ ਪਾਸ ਕਰਵਾਏ ਗਏ, ਜਿਨ੍ਹਾਂ ਵਿਚ ਇਨਸਾਫ਼ ਮਿਲਣ ਤਕ ਬਰਗਾੜੀ ਮੋਰਚਾ ਜਾਰੀ ਰੱਖਣ, ਦਰਬਾਰ ਸਾਹਿਬ, ਕੇਸਗੜ੍ਹ ਸਾਹਿਬ ਅਤੇ ਕਪੂਰਥਲਾ ‘ਚ ਬੇਅਦਬੀਆਂ ਦੀ ਨਿਰਪੱਖ ਜਾਂਚ ਕਰਨ ਸਮੇਤ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਕਰਵਾਉਣ ਦੀਆਂ ਮੰਗਾਂ ਸ਼ਾਮਲ ਹਨ। ਇਸ ਮੌਕੇ ਪਾਰਟੀ ਇਕਬਾਲ ਸਿੰਘ ਟਿਵਾਣਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਕੁਸ਼ਲਪਾਲ ਸਿੰਘ ਮਾਨ, ਗੁਰਸੇਵਕ ਸਿੰਘ ਜਵਾਹਰਕੇ ਤੇ ਹੋਰ ਹਾਜ਼ਰ ਸਨ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …