Breaking News
Home / ਪੰਜਾਬ / ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਪ੍ਰਣਾਮ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਪ੍ਰਣਾਮ

ਦੇਸ਼ ਵਿਦੇਸ਼ ‘ਚੋਂ ਫਤਿਹਗੜ੍ਹ ਸਾਹਿਬ ਪਹੁੰਚੀਆਂ ਸੰਗਤਾਂ ਨਗਰ ਕੀਰਤਨ ‘ਚ ਹੋਈਆਂ ਸ਼ਾਮਲ
ਸ੍ਰੀ ਫਤਿਹਗੜ੍ਹ ਸਾਹਿਬ : ਮਹਾਨ ਸ਼ਹੀਦਾਂ ਦੀ ਸ਼ਹਾਦਤ ਲਈ ਜਾਣੀ ਜਾਂਦੀ ਇਤਿਹਾਸਕ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 317ਵੇਂ ਸ਼ਹੀਦੀ ਜੋੜ ਮੇਲ ਦਾ ਸੋਮਵਾਰ ਨੂੰ ਅਖੀਰਲਾ ਦਿਨ ਸੀ। ਇਹ ਸ਼ਹੀਦੀ ਜੋੜ ਮੇਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੀ। ਸ਼ਹੀਦੀ ਜੋੜ ਮੇਲ ਮੌਕੇ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ।
ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਈਆਂ। ਤਿੰਨ ਦਿਨ ਤੱਕ ਚੱਲੇ ਇਸ ਸ਼ਹੀਦੀ ਜੋੜ ਮੇਲ ਦੌਰਾਨ ਦੇਸ਼ ਅਤੇ ਵਿਦੇਸ਼ਾਂ ਵਿਚੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ ਅਤੇ ਸੰਗਤਾਂ ਨੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਨਗਰ ਕੀਰਤਨ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਸਣੇ ਹੋਰ ਕਈ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਵਿੱਚ ਸੇਵਾ ਸੁਸਾਇਟੀਆਂ ਤੇ ਵੱਖ-ਵੱਖ ਸਕੂਲ ਕਾਲਜਾਂ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ। ਵੱਖ-ਵੱਖ ਗੱਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ।
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਇਕਜੁੱਟ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਸਿੱਖ ਪਰੰਪਰਾਵਾਂ ਉਪਰ ਹਮਲਿਆਂ ਨੂੰ ਰੋਕਣ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਸਮੁੱਚੀ ਸਿੱਖ ਕੌਮ ਗੁਰੂ ਨਾਨਕ ਦੇਵ ਜੀ ਵੱਲੋਂ ਬਖ਼ਸ਼ੇ ਸ਼ਬਦ ਗੁਰਬਾਣੀ ਦੇ ਸਿਧਾਂਤ ਨਾਲ ਜੁੜੇ।

 

Check Also

ਚੰਡੀਗੜ੍ਹ ਗਰਨੇਡ ਹਮਲੇ ਦਾ ਪੰਜ ਲੱਖ ਰੁਪਏ ’ਚ ਹੋਇਆ ਸੀ ਸੌਦਾ

ਬਲਾਸਟ ਤੋਂ ਬਾਅਦ ਜੰਮੂ ਭੱਜਣ ਵਾਲੇ ਸਨ ਹਮਲਾਵਰ, ਪਾਕਿਸਤਾਨ ਆਏ ਸਨ ਹਥਿਆਰ ਚੰਡੀਗੜ੍ਹ/ਬਿਊਰੋ ਨਿਊਜ਼ : …