ਕਰੋਨਾ ਇਕ ਵਾਰ ਫਿਰ ਲੱਗਾ ਡਰਾਉਣ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ 15 ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ਨੂੰ ਅੱਜ ਸੋਮਵਾਰ ਤੋਂ ਕਰੋਨਾ ਰੋਕੂ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਕਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕਰੋਨ ਦੇ ਵਧਦੇ ਪ੍ਰਕੋਪ ਵਿਚਾਲੇ ਇਸ ਉਮਰ ਵਰਗ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਸਣੇ ਸਮੁੱਚੇ ਭਾਰਤ ਵਿਚ ਇਹ ਟੀਕਾਕਰਨ ਸ਼ੁਰੂ ਹੋ ਗਿਆ ਹੈ।
ਸਿਹਤ ਵਿਭਾਗ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੇ ਜਲਦੀ ਤੋਂ ਜਲਦੀ ਵੈਕਸੀਨ ਲਗਵਾਉਣ ਤਾਂ ਜੋ ਕੋਵਿਡ-19 ਦੀ ਤੀਜੀ ਲਹਿਰ ਦੌਰਾਨ ਬੱਚੇ ਸੁਰੱਖਿਅਤ ਰਹਿ ਸਕਣ। ਇਸੇ ਦੌਰਾਨ ਕਰੋਨਾ ਦੇ ਵਧਦੇ ਖਤਰੇ ਨੂੰ ਦੇਖਦਿਆਂ ਚੰਡੀਗੜ੍ਹ ’ਚ ਯੂਟੀ ਪ੍ਰਸ਼ਾਸਨ ਨੇ ਸਖਤੀ ਹੋਰ ਵਧਾ ਦਿੱਤੀ ਹੈ। ਇਹ ਵੀ ਕਿਹਾ ਗਿਆ ਹੈ ਕਿ ਜਿਹੜਾ ਵਿਅਕਤੀ ਨਿਰਦੇਸ਼ਾਂ ਦੀ ਉਲੰਘਣਾ ਕਰੇਗਾ, ਉਸਦਾ ਚਲਾਨ ਕਟਿਆ ਜਾਵੇਗਾ। ਧਿਆਨ ਰਹੇ ਕਿ ਪੰਜਾਬ ਅਤੇ ਚੰਡੀਗੜ੍ਹ ਵਿਚ ਕਰੋਨਾ ਦੇ ਮਾਮਲੇ ਵਧ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੰਮਿ੍ਰਤਸਰ ’ਚ ਪੰਜਾਬ ਦੇ ਡਿਪਟੀ ਸੀਐਮ ਓਪੀ ਸੋਨੀ ਨੇ ਅੱਜ ਬੱਚਿਆਂ, ਜਿਨ੍ਹਾਂ ਦੀ ਉਮਰ 15 ਤੋਂ 18 ਸਾਲ ਦੇ ਵਿਚਕਾਰ ਹੈ, ਨੂੰ ਕੋਰੋਨਾ ਤੋਂ ਬਚਣ ਲਈ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਸਾਰੇ ਬੱਚਿਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਦੀ ਆ ਰਹੀ ਤੀਸਰੀ ਲਹਿਰ ਤੋਂ ਆਪਣੇ ਬੱਚਿਆਂ ਨੂੰ ਬਚਾਉਣ ਲਈ ਵੈਕਸੀਨ ਜ਼ਰੂਰ ਲਗਾਉਣ।