ਆਮ ਆਦਮੀ ਪਾਰਟੀ ਨੇ ਹੁਣ ਤੱਕ 101 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੇ ਨਾਵਾਂ ਦੀ ਸੱਤਵੀਂ ਲਿਸਟ ਜਾਰੀ ਕਰ ਦਿੱਤੀ ਹੈ। ਜਿਸ ਵਿਚ ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੂੰ ਮਜੀਠਾ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਇਸ ਹਲਕੇ ਤੋਂ ਅਕਾਲੀ ਦਲ ਦੇ ਬਿਕਰਮ ਮਜੀਠੀਆ ਵਿਧਾਇਕ ਹਨ। ਧਿਆਨ ਰਹੇ ਕਿ ਪਿਛਲੇ ਵਾਰ ਲਾਲੀ ਮਜੀਠੀਆ ਕਾਂਗਰਸ ਦੀ ਟਿਕਟ ’ਤੇ ਮਜੀਠਾ ਹਲਕੇ ਤੋਂ ਚੋਣ ਲੜੇ ਸਨ ਅਤੇ ਬਿਕਰਮ ਮਜੀਠੀਆ ਕੋਲੋਂ ਚੋਣ ਹਾਰ ਗਏ ਸਨ।
ਇਸ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਸਾਧੂ ਸਿੰਘ ਦੀ ਬੇਟੀ ਡਾ. ਬਲਜੀਤ ਕੌਰ ਨੂੰ ਵੀ ਮਲੋਟ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਉਹ ਵੀ ਲਾਲੀ ਮਜੀਠੀਆ ਦੇ ਨਾਲ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਇਸੇ ਤਰ੍ਹਾਂ ਅੰਮਿ੍ਰਤਸਰ ਕੇਂਦਰੀ ਹਲਕੇ ਤੋਂ ਡਾ. ਅਜੇ ਗੁਪਤਾ, ਜਲੰਧਰ ਕੈਂਟ ਹਲਕੇ ਤੋਂ ਸੁਰਿੰਦਰ ਸਿੰਘ ਸੋਢੀ ਅਤੇ ਤਰਨਤਾਰਨ ਹਲਕੇ ਤੋਂ ਡਾ. ਕਸ਼ਮੀਰ ਸਿੰਘ ਸੋਹਲ ਨੂੰ ਆਮ ਆਦਮੀ ਪਾਰਟੀ ਨੇ ਟਿਕਟ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਹੋਣ ਵਾਲੀਆਂ ਚੋਣਾਂ ਲਈ ਹੁਣ ਤੱਕ 101 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਅਜੇ ਤੱਕ ਸੀਐਮ ਚਿਹਰੇ ਦੇ ਨਾਮ ਦਾ ਐਲਾਨ ਨਹੀਂ ਕੀਤਾ ਅਤੇ ਸਭ ਦੀਆਂ ਨਜ਼ਰਾਂ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ’ਤੇ ਹੀ ਟਿਕੀਆਂ ਹੋਈਆਂ ਹਨ।