ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਲਈ ਬਹੁਤ ਘੱਟ ਸਮਾਂ ਰਹਿ ਗਿਆ ਹੈ ਅਤੇ ਕਿਸੇ ਵੇਲੇ ਵੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਇਸ ਵਾਰ ਪੰਜਾਬ ਵਿਚ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਵਿਚਕਾਰ ਤਿਕੋਣਾ ਮੁਕਾਬਲਾ ਹੋਵੇਗਾ। ਇਸੇ ਦੌਰਾਨ ਆਮ ਆਦਮੀ ਪਾਰਟੀ ਵਲੋਂ ਬਹੁਤ ਅਹਿਮ ਖਬਰ ਸਾਹਮਣੇ ਆ ਰਹੀ ਹੈ। ਸਿਆਸੀ ਹਲਕਿਆਂ ਵਿਚ ਚਰਚਾ ਚੱਲ ਰਹੀ ਹੈ ਕਿ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਪੰਜਾਬ ਵਿਚ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਚੋਣ ਲੜਨੀ ਹੈ। ਧਿਆਨ ਰਹੇ ਕਿ ਭਗਵੰਤ ਮਾਨ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਹਨ ਅਤੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਵੀ ਹਨ। ਸੂਤਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਭਗਵੰਤ ਮਾਨ ਨੂੰ ਪੰਜਾਬ ’ਚ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਜਾ ਰਹੀ ਹੈ ਅਤੇ ਪਾਰਟੀ ਦੀ ਸਰਵਉੱਚ ਕਮੇਟੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਸਹਿਮਤ ਵੀ ਹੋ ਗਈ ਹੈ। ਜਾਣਕਾਰੀ ਮਿਲ ਰਹੀ ਹੈ ਕਿ ਹਾਲ ਹੀ ਵਿੱਚ ਹੋਈ ਕਮੇਟੀ ਦੀ ਮੀਟਿੰਗ ’ਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਭਗਵੰਤ ਮਾਨ ਦੇ ਨਾਂ ’ਤੇ ਮੋਹਰ ਲੱਗ ਗਈ ਹੈ, ਪਰ ਅਜੇ ਅਧਿਕਾਰਤ ਐਲਾਨ ਹੋਣਾ ਬਾਕੀ ਹੈ।