Breaking News
Home / ਪੰਜਾਬ / ਨਰਿੰਦਰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਹਾਈ ਲੈਵਲ ਕਮੇਟੀ ਬਣਾਈ

ਨਰਿੰਦਰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਪੰਜਾਬ ਸਰਕਾਰ ਨੇ ਹਾਈ ਲੈਵਲ ਕਮੇਟੀ ਬਣਾਈ

ਤਿੰਨਾਂ ਦਿਨਾਂ ’ਚ ਕਮੇਟੀ ਦੇਵੇਗੀ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਲਾਪਰਵਾਹੀ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਹਾਈ ਲੈਵਲ ਕਮੇਟੀ ਬਣਾ ਦਿੱਤੀ ਹੈ। ਇਸ ਕਮੇਟੀ ਵਿਚ ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਗ੍ਰਹਿ ਅਤੇ ਨਿਆਂ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਰੱਖਿਆ ਗਿਆ ਹੈ। ਇਹ ਕਮੇਟੀ ਤਿੰਨ ਦਿਨ ਵਿਚ ਆਪਣੀ ਰਿਪੋਰਟ ਸੌਂਪੇਗੀ। ਇਸੇ ਦੌਰਾਨ ਜਸਟਿਸ ਮਹਿਤਾਬ ਸਿੰਘ ਗਿੱਲ ਨੇ ਇਸ ਮਾਮਲੇ ਨੂੰ ਬਹੁਤ ਗੰਭੀਰ ਕਰਾਰ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ’ਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਕਮੇਟੀ ਪਹਿਲਾਂ ਇਸ ਮਾਮਲੇ ਦੀ ਘੋਖ ਕਰੇਗੀ। ਧਿਆਨ ਰਹੇ ਕਿ ਲੰਘੇ ਕੱਲ੍ਹ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਰੈਲੀ ਵਿਚ ਜਾਂਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਲਾਈ ਓਵਰ ’ਤੇ 15 ਤੋਂ 20 ਮਿੰਟਾਂ ਤੱਕ ਘਿਰੇ ਰਹੇ ਸਨ।
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਪੰਜਾਬ ਵਿਚ ਹੋਈ ਲਾਪਰਵਾਹੀ ਦੇ ਮਾਮਲੇ ਵਿਚ ਸੁਪਰੀਮ ਕੋਰਟ ’ਚ ਅਰਜ਼ੀ ਵੀ ਦਾਇਰ ਕੀਤੀ ਗਈ ਹੈ। ਸੀਨੀਅਰ ਐਡਵੋਕੇਟ ਮਨਿੰਦਰ ਸਿੰਘ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕਰਕੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਜ਼ਿਲ੍ਹਾ ਅਤੇ ਸੈਸਨ ਜੱਜ ਨੂੰ ਨਿਰਦੇਸ਼ ਦਿੱਤੇ ਜਾਣ ਕਿ ਇਸ ਮਾਮਲੇ ਵਿਚ ਪੁਲਿਸ ਵਲੋਂ ਵਰਤੀ ਗਈ ਕੋਤਾਹੀ ਨਾਲ ਜੁੜੇ ਸਾਰੇ ਸਬੂਤ ਇਕੱਠੇ ਕੀਤੇ ਜਾਣ। ਇਸ ਮਾਮਲੇ ’ਤੇ ਚੀਫ ਜਸਟਿਸ ਦੀ ਬੈਂਚ ਭਲਕੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ।

 

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …