Breaking News
Home / Special Story / ਭਾਜਪਾ ਦੀ ਫਿਰੋਜ਼ਪੁਰ ‘ਚ ਰੈਲੀ ਹੋਣ ਤੋਂ ਪਹਿਲਾਂ ਹੀ ਹੋਈ ਫਲਾਪ

ਭਾਜਪਾ ਦੀ ਫਿਰੋਜ਼ਪੁਰ ‘ਚ ਰੈਲੀ ਹੋਣ ਤੋਂ ਪਹਿਲਾਂ ਹੀ ਹੋਈ ਫਲਾਪ

ਵੱਖੋ-ਵੱਖ ਸਿਆਸੀ ਆਗੂਆਂ ਦੀ ਵੱਖ-ਵੱਖ ਰਾਏ ‘ਤੇ ਇਕ ਨਜ਼ਰ
ਮੁੜ ਪੰਜਾਬ ਆਓ, ਕੋਈ ਮੁਸ਼ਕਲ ਨਹੀਂ ਆਵੇਗੀ: ਚੰਨੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਮੁੜ ਪੰਜਾਬ ਦੌਰਾ ਕਰਨ, ਚੰਗੇ ਪ੍ਰਬੰਧ ਕੀਤੇ ਜਾਣਗੇ ਅਤੇ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਖ਼ੁਦ ਪ੍ਰਧਾਨ ਮੰਤਰੀ ਦੀ ਸਵਾਗਤ ਲਈ ਤਿਆਰੀ ਕੀਤੀ ਹੋਈ ਸੀ ਅਤੇ ਪ੍ਰਧਾਨ ਮੰਤਰੀ ਦੀ ਆਮਦ ਤੋਂ ਪੰਜਾਬ ਨੂੰ ਕੁੱਝ ਮਿਲਣ ਦੀ ਹੀ ਉਮੀਦ ਸੀ। ਚੰਨੀ ਨੇ ਕਿਹਾ ਕਿ ਕੋਈ ਖ਼ਤਰੇ ਵਾਲੀ ਗੱਲ ਹੁੰਦੀ ਤਾਂ ਉਹ ਖ਼ੁਦ ਉਨ੍ਹਾਂ ਤੋਂ ਪਹਿਲਾਂ ਆਪਣਾ ਖ਼ੂਨ ਡੋਲਣਗੇ, ਨਾਲੇ ਪੰਜਾਬੀਆਂ ਦੇ ਸੁਭਾਅ ਵਿਚ ਹੀ ਨਹੀਂ ਕਿ ਮਹਿਮਾਨ ‘ਤੇ ਕੋਈ ਹਮਲਾ ਕੀਤਾ ਜਾਵੇ। ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਨੇ ਫ਼ੋਨ ਕਰਕੇ ਪ੍ਰਧਾਨ ਮੰਤਰੀ ਦੇ ਵਾਪਸ ਮੁੜਨ ਦੇ ਫ਼ੈਸਲੇ ਤੋਂ ਜਾਣੂ ਕਰਾਇਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਠਿੰਡਾ ਤੋਂ ਫ਼ਿਰੋਜ਼ਪੁਰ ਹਵਾਈ ਰਸਤੇ ਜਾਣਾ ਸੀ ਪਰ ਪ੍ਰਧਾਨ ਮੰਤਰੀ ਦੀ ਸੜਕੀ ਰਸਤੇ ਜਾਣ ਦੀ ਯੋਜਨਾ ਪੰਜਾਬ ਸਰਕਾਰ ਨਾਲ ਆਖ਼ਰੀ ਸਮੇਂ ‘ਤੇ ਸਾਂਝੀ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸ਼ੁਰੂਆਤੀ ਟੂਰ ਪ੍ਰੋਗਰਾਮ ਵਿਚ ਸੜਕੀ ਰਸਤੇ ਜਾਣ ਦਾ ਕੋਈ ਜ਼ਿਕਰ ਨਹੀਂ ਸੀ ਪਰ ਫਿਰ ਉਨ੍ਹਾਂ ਨੇ ਮੰਗਲਵਾਰ ਰਾਤ ਹੀ ਸੜਕੀ ਰਸਤੇ ਕਲੀਅਰ ਕਰਾ ਦਿੱਤੇ ਸਨ।
ਰੈਲੀ ਫਲਾਪ ਹੁੰਦੀ ਦੇਖ ਕੇ ਮੋਦੀ ਵਾਪਸ ਮੁੜੇ : ਵੇਰਕਾ
ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਅਸਲ ਵਿਚ ਭਾਜਪਾ ਦੀ ਫ਼ਿਰੋਜ਼ਪੁਰ ਰੈਲੀ ਵਿਚ ਲੋਕ ਨਹੀਂ ਪਹੁੰਚੇ ਸਨ ਜਿਸ ਕਰਕੇ ਪ੍ਰਧਾਨ ਮੰਤਰੀ ਵਾਪਸ ਮੁੜੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤਾਂ ਖ਼ੁਦ ਹੀ ਰੈਲੀ ਵਿਚ ਜਾਣਾ ਨਹੀਂ ਚਾਹੁੰਦੇ ਸਨ ਕਿਉਂਕਿ ਰੈਲੀ ਫਲਾਪ ਸੀ। ਇਸੇ ਦੌਰਾਨ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਦਾ ਫ਼ਿਰੋਜ਼ਪੁਰ ਦੌਰਾ ਰੱਦ ਹੋਣ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਰੱਬ ਨੇ ਇਹ ਤਾਂ ਭਾਜਪਾ ਨੂੰ ਟਰੇਲਰ ਹੀ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਵਾ ਸਾਲ ਦਿੱਲੀ ਦੀਆਂ ਹੱਦਾਂ ‘ਤੇ ਗਰਮੀ-ਸਰਦੀ ਝੱਲ ਕੇ ਆਏ ਹਨ।
ਭਾਰਤੀ ਜਨਤਾ ਪਾਰਟੀ ਨੂੰ ਲੋਕਾਂ ਨੇ ਸ਼ੀਸ਼ਾ ਦਿਖਾਇਆ : ਪਰਗਟ ਸਿੰਘ
ਕੈਬਨਿਟ ਮੰਤਰੀ ਪਰਗਟ ਸਿੰਘ ਨੇ ਟਵਿੱਟਰ ‘ਤੇ ਫ਼ਿਰੋਜ਼ਪੁਰ ਰੈਲੀ ਵਿਚ ਖ਼ਾਲੀ ਪਈਆਂ ਕੁਰਸੀਆਂ ਦੀ ਤਸਵੀਰ ਸਾਂਝੀ ਕਰਦਿਆਂ ਕਿਹਾ ਕਿ ‘ਮੋਦੀ ਜੀ ਦਾ ਰੈਲੀ ਵਿਚ ਨਾ ਜਾਣ ਦਾ ਕਾਰਨ ਇਹ ਖ਼ਾਲੀ ਕੁਰਸੀਆਂ ਹਨ, ਨਾ ਕਿ ਹੋਰ ਗੱਲਾਂ, ਜੋ ਭਾਜਪਾ ਕਰ ਰਹੀ ਹੈ। ਪੰਜਾਬ ਦੇ ਲੋਕਾਂ ਨੇ ਰੈਲੀ ਵਿਚ ਨਾ ਪਹੁੰਚ ਕੇ ਭਾਜਪਾ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ।’
ਜੋ ਕੁਝ ਹੋਇਆ, ਉਹ ਪੰਜਾਬੀਅਤ ਦੇ ਵਿਰੁੱਧ ਹੋਇਆ: ਸੁਨੀਲ ਜਾਖੜ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਨੂੰ ਲੈ ਕੇ ਆਪਣੀ ਹੀ ਸਰਕਾਰ ‘ਤੇ ਸੁਆਲ ਖੜ੍ਹੇ ਕੀਤੇ ਹਨ। ਜਾਖੜ ਨੇ ਟਵੀਟ ਕਰਕੇ ਕਿਹਾ ‘ਅੱਜ ਜੋ ਕੁਝ ਹੋਇਆ ਹੈ, ਉਹ ਪ੍ਰਵਾਨਯੋਗ ਨਹੀਂ ਹੈ, ਪੰਜਾਬੀਅਤ ਦੇ ਵਿਰੁੱਧ ਹੈ। ਪ੍ਰਧਾਨ ਮੰਤਰੀ ਵਾਸਤੇ ਸੁਰੱਖਿਅਤ ਰਸਤਾ ਯਕੀਨੀ ਬਣਾਇਆ ਜਾਣਾ ਚਾਹੀਦਾ ਸੀ।’
ਚੰਨੀ ਤੇ ਰੰਧਾਵਾ ਅਸਤੀਫਾ ਦੇਣ: ਅਮਰਿੰਦਰ
ਫਿਰੋਜ਼ਪੁਰ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵੱਲੋਂ ਵਿਉਂਤੀ ਰੈਲੀ ਦੀ ਸਟੇਜ ਤੋਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਪੰਜਾਬ ਦੇ ਲੋਕਾਂ ਨੂੰ ਸਿਰਫ਼ ਗੁੰਮਰਾਹ ਕਰਨ ਲਈ ਲਗਾਤਾਰ ਬਿਆਨਬਾਜ਼ੀ ਕਰ ਰਹੇ ਹਨ ਜਦੋਂਕਿ ਚੋਣ ਮੈਨੀਫੈਸਟੋ ਵਿਚਲੇ 92 ਫੀਸਦ ਵਾਅਦੇ ਉਨ੍ਹਾਂ ਦੇ ਕਾਰਜਕਾਲ ਵਿੱਚ ਹੀ ਪੂਰੇ ਹੋਏ ਸਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ‘ਤੇ ਮੁੱਖ ਮੰਤਰੀ ਚੰਨੀ ਅਤੇ ਗ੍ਰਹਿ ਮੰਤਰੀ ਰੰਧਾਵਾ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ ਕਿ ‘ਜੇਕਰ ਤੁਸੀਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਹੀਂ ਕਰ ਸਕਦੇ ਹੋ ਤਾਂ ਤੁਹਾਨੂੰ ਸੱਤਾ ਵਿਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਤੁਹਾਨੂੰ ਸੱਤਾ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ ਕਿਉਂਕਿ ਇਹ ਘਟਨਾ ਕੌਮਾਂਤਰੀ ਸੀਮਾ ਦੇ ਨੇੜੇ ਹੋਈ ਹੈ।’
ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜੀ: ਸੁਖਬੀਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੁਸੈਨੀਵਾਲਾ ਜਾਣ ਸਮੇਂ ਰਾਹ ਵਿੱਚ ਸੁਰੱਖਿਆ ‘ਚ ਸੰਨ੍ਹ ਲੱਗਣ ਨੇ ਸਾਬਤ ਕੀਤਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ, ਜਿਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਮੁੱਖ ਮੰਤਰੀ ਸੂਬੇ ਨੂੰ ਚਲਾਉਣ ਦੇ ਯੋਗ ਤੇ ਸਮਰੱਥ ਨਹੀਂ ਹਨ, ਜਿਸ ਲਈ ਉਨ੍ਹਾਂ ਨੂੰ ਅਹੁਦੇ ‘ਤੇ ਬਣੇ ਰਹਿਣ ਦਾ ਹੁਣ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਘੱਟੋਂ-ਘੱਟ ਇਹ ਆਸ ਰੱਖੀ ਜਾ ਰਹੀ ਸੀ ਕਿ ਸੂਬੇ ਵਿੱਚ ਪ੍ਰਧਾਨ ਮੰਤਰੀ ਦਾ ਦੌਰਾ ਸੁਰੱਖਿਅਤ ਨੇਪਰੇ ਚੜ੍ਹੇਗਾ ਪਰ ਇਸ ਦੇ ਫੇਲ੍ਹ ਹੋਣ ਨੇ ਸਾਬਤ ਕਰ ਦਿੱਤਾ ਹੈ ਕਿ ਸੂਬੇ ਵਿੱਚ ਆਮ ਆਦਮੀ ਵੀ ਸੁਰੱਖਿਅਤ ਨਹੀਂ। ਸੁਖਬੀਰ ਨੇ ਕਿਹਾ ਕਿ ਇਹ ਹਾਲਾਤ ਪੰਜਾਬ ਕਾਂਗਰਸ ਨੇ ਖੁਦ ਬਣਾਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਖਿਲਾਫ ਬਦਲਾਖੋਰੀ ਵਾਸਤੇ ਝੂਠੇ ਮੁਕੱਦਮੇ ਦਰਜ ਕਰਨ ਦੇ ਚੱਕਰ ਵਿੱਚ ਕਾਂਗਰਸ ਪਾਰਟੀ ਨੇ ਪੁਲਿਸ ਫੋਰਸ ਅਤੇ ਇਸਦੀ ਕਮਾਂਡ ਚੇਨ ਹੀ ਤਬਾਹ ਕਰ ਲਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦੋ ਵਾਰ ਡੀਜੀਪੀ ਬਦਲੇ ਗਏ ਤੇ ਸਿਖ਼ਰਲੇ ਪੱਧਰ ‘ਤੇ ਤਬਦੀਲੀਆਂ ਵੱਖਰੀਆਂ ਹੋਈਆਂ।
ਰੈਲੀ ਨੂੰ ਅਸਫਲ ਬਣਾਉਣ ਪਿੱਛੇ ਪੰਜਾਬ ਸਰਕਾਰ ਦਾ ਹੱਥ : ਅਸ਼ਵਨੀ ਸ਼ਰਮਾ
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਫਿਰੋਜ਼ਪੁਰ ਰੈਲੀ ਨੂੰ ਅਸਫ਼ਲ ਬਣਾਉਣ ਪਿੱਛੇ ਪੰਜਾਬ ਸਰਕਾਰ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਸ਼ਾਮਲ ਹੋਣ ਲਈ ਦੂਰ-ਦੂਰ ਤੋਂ ਲੱਖਾਂ ਲੋਕ ਆ ਰਹੇ ਸਨ, ਪਰ ਪੰਜਾਬ ਸਰਕਾਰ ਨੇ ਘਬਰਾਹਟ ਵਿਚ ਆ ਕੇ ਇਸ ਰੈਲੀ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਕੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕਰੇਗੀ। ਭਾਜਪਾ ਪ੍ਰਧਾਨ ਨੇ ਚੰਨੀ ਸਰਕਾਰ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਇਹ ਸਰਕਾਰ ਜਨਤਾ ਨਾਲ ਝੂਠੇ ਵਾਅਦੇ ਕਰਕੇ ਮੁੜ ਤੋਂ ਸੱਤਾ ਹਥਿਆਉਣਾ ਚਾਹੁੰਦੀ ਹੈ।
ਕਾਂਗਰਸੀ ਲੀਡਰਸ਼ਿਪ ਦੇਸ਼ ਦੇ ਲੋਕਾਂ ਤੋਂ ਮੁਆਫ਼ੀ ਮੰਗੇ: ਸ਼ਾਹ
ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਦੀ ‘ਸੁਰੱਖਿਆ ‘ਚ ਹੋਈ ਉਕਾਈ’ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਨੂੰ ਭੰਡਦਿਆਂ ਕਿਹਾ ਕਿ ਪਾਰਟੀ ਦੇ ਆਗੂਆਂ ਨੂੰ ‘ਆਪਣੇ ਇਸ ਕਾਰੇ’ ਲਈ ਭਾਰਤ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਸ਼ਾਹ ਨੇ ਲੜੀਵਾਰ ਟਵੀਟਾਂ ‘ਚ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸੁਰੱਖਿਆ ਪ੍ਰਬੰਧ ‘ਚ ਅਜਿਹੀ ਕੁਤਾਹੀ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ ਤੇ ਇਸ ਲਈ ਜਵਾਬਦੇਹੀ ਨਿਰਧਾਰਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ‘ਚ ਜੋ ਕਰ ਵਿਖਾਇਆ ਹੈ, ਉਹ ਇਸ ਗੱਲ ਦਾ ਟਰੇਲਰ ਹੈ ਕਿ ਪਾਰਟੀ ਕਿਵੇਂ ਸੋਚਦੀ ਤੇ ਕੰਮ ਕਰਦੀ ਹੈ। ਲੋਕਾਂ ਵੱਲੋਂ ਲਗਾਤਾਰ ਖਾਰਜ ਕੀਤੇ ਜਾਣ ਕਰਕੇ ਉਹ ਅਗਿਆਨਤਾ ਦੇ ਰਾਹ ਪੈ ਗਏ ਹਨ।
ਚੰਨੀ ਨੇ ਲੋਕਾਂ ਨੂੰ ਰੈਲੀ ‘ਚ ਜਾਣ ਤੋਂ ਰੋਕਣ ਲਈ ਪੁਲਿਸ ਨੂੰ ਨਿਰਦੇਸ਼ ਦਿੱਤੇ : ਨੱਢਾ
ਨਵੀਂ ਦਿੱਲੀ : ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਚੋਣ ਹਾਰ ਦੇ ਡਰੋਂ ਸੂਬੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮਾਂ ਨੂੰ ਸਾਬੋਤਾਜ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਨ ਦਾ ਆਰੋਪ ਲਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਵੱਡੀ ਕੁਤਾਹੀ ਹੋਈ ਹੈ। ਨੱਢਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ੋਨ ‘ਤੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਤੇ ਸੂਬਾ ਪੁਲਿਸ ਨੂੰ ਪ੍ਰਧਾਨ ਮੰਤਰੀ ਦੀ ਰੈਲੀ ‘ਚ ਲੋਕਾਂ ਨੂੰ ਜਾਣ ਤੋਂ ਰੋਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਕ ਵਾਰ ਵੀ ਨਹੀਂ ਸੋਚਿਆ ਕਿ ਪ੍ਰਧਾਨ ਮੰਤਰੀ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀਆਂ ਦੇਣ ਲਈ ਜਾ ਰਹੇ ਹਨ ਤੇ ਉਨ੍ਹਾਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣੇ ਹਨ।
ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਅਣਗਹਿਲੀ ਚਿੰਤਾਜਨਕ: ਭਗਵੰਤ ਮਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਅਣਗਹਿਲੀ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਟਵੀਟ ਕਰਦਿਆਂ ਇਸ ਘਟਨਾ ਲਈ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ‘ਪੰਜਾਬ ਦੇ ਇਕ-ਇਕ ਵਿਅਕਤੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਬਣਦੀ ਹੈ, ਭਾਵੇਂ ਕਿੰਨੇ ਵੀ ਸਿਆਸੀ ਮੱਤਭੇਦ ਕਿਉਂ ਨਾ ਹੋਣ। ਪਰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਬਹੁਤ ਚਿੰਤਾਜਨਕ ਹੈ।’ ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਬਹੁਤ ਹੀ ਅਸਥਿਰ ਅਤੇ ਕਮਜ਼ੋਰ ਸਰਕਾਰ ਹੈ ਅਤੇ ਕਾਂਗਰਸ ਦੀ ਆਪਸੀ ਫੁੱਟ ਕਾਰਨ ਪੰਜਾਬ ਦੀ ਸੁਰੱਖਿਆ ਵਿਵਸਥਾ ਢਹਿ-ਢੇਰੀ ਹੋ ਗਈ ਹੈ।
ਰੈਲੀ ਰੱਦ ਤਾਂ ਕੀਤੀ ਕਿਉਂਕਿ ਮੋਦੀ ਜੀ ਨੂੰ ਸੁਣਨ ਵਾਲਾ ਕੋਈ ਨਹੀਂ ਸੀ : ਸੂਰਜੇਵਾਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਜਵੀਜ਼ਤ ਫਿਰੋਜ਼ਪੁਰ ਫੇਰੀ ਰੱਦ ਹੋਣ ਨੂੰ ਲੈ ਕੇ ਛਿੜੀ ਵੱਡੀ ਸਿਆਸੀ ਜੰਗ ਦਰਮਿਆਨ ਕਾਂਗਰਸ ਨੇ ਕਿਹਾ ਕਿ ਭਾਜਪਾ ਵੱਲੋਂ ਵਿਉਂਤੀ ਇਸ ਰੈਲੀ ਵਿੱਚ ‘ਮੋਦੀ ਜੀ’ ਨੂੰ ਸੁਣਨ ਲਈ ਕੋਈ ਭੀੜ ਨਹੀਂ ਸੀ। ਕਾਂਗਰਸ ਦੇ ਜਨਰਲ ਸਕੱਤਰ ਤੇ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਭਾਜਪਾ ਪ੍ਰਧਾਨ ਜੇ.ਪੀ.ਨੱਢਾ ਦੂਜੇ ਸਿਰ ਦੋਸ਼ ਮੜ੍ਹਨਾ ਬੰਦ ਕਰਨ ਤੇ ਇਸ ਦੀ ਥਾਂ ਭਗਵਾ ਪਾਰਟੀ ਆਪਣੇ ‘ਕਿਸਾਨ ਵਿਰੋਧੀ’ ਰਵੱਈਏ ਨੂੰ ਲੈ ਕੇ ਅੰਤਰਝਾਤ ਮਾਰੇ। ਨੱਢਾ ਨੇ ਆਰੋਪ ਲਾਇਆ ਸੀ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਗਾਮੀ ਚੋਣਾਂ ਵਿੱਚ ਆਪਣੀ ਹਾਰ ਦੇ ਡਰੋਂ ਸੂਬੇ ਵਿੱਚ ਮੋਦੀ ਦੇ ਪ੍ਰੋਗਰਾਮਾਂ ਨੂੰ ਨਾਕਾਮ ਬਣਾਉਣ ਲਈ ਹਰ ਸੰਭਵ ਹਰਬਾ ਵਰਤ ਰਹੀ ਹੈ।
ਸੁਰਜੇਵਾਲਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਦਾ ਬਚਾਅ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਸਾਰੇ ਸੁਰੱਖਿਆ ਪ੍ਰਬੰਧ ਐੱਸਪੀਜੀ ਤੇ ਹੋਰਨਾਂ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਗਏ ਸਨ। ਸੁਰਜੇਵਾਲਾ ਨੇ ਟਵੀਟ ਕੀਤਾ, ”ਨੱਢਾ ਜੀ ਆਪਾ ਨਾ ਗੁਆਓ ਤੇ ਮਰਿਆਦਾ ਵਿੱਚ ਰਹੋ। ਯਾਦ ਰਹੇ ਕਿ ਪ੍ਰਧਾਨ ਮੰਤਰੀ ਦੀ ਰੈਲੀ ਲਈ 10,000 ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਸਨ। ਸਾਰੇ ਪ੍ਰਬੰਧ ਐੱਸਪੀਜੀ ਤੇ ਹੋਰਨਾਂ ਏਜੰਸੀਆਂ ਨਾਲ ਮਿਲ ਕੇ ਕੀਤੇ ਗਏ ਸਨ।” ਸੀਨੀਅਰ ਕਾਂਗਰਸ ਆਗੂ ਨੇ ਦਾਅਵਾ ਕੀਤਾ ਕਿ ਹਰਿਆਣਾ ਤੇ ਰਾਜਸਥਾਨ ਤੋਂ ਭਾਜਪਾ ਵਰਕਰਾਂ ਦੀਆਂ ਬੱਸਾਂ ਲਈ ਵਿਸ਼ੇਸ਼ ਤੌਰ ‘ਤੇ ਰੂਟ ਤਿਆਰ ਕੀਤੇ ਗਏ ਸਨ ਤੇ ਪ੍ਰਧਾਨ ਮੰਤਰੀ ਨੇ ਹੁਸੈਨੀਵਾਲਾ ਜਾਣ ਲਈ ਸੜਕੀ ਰਸਤੇ ਨੂੰ ਚੁਣਿਆ। ਸੁਰਜੇਵਾਲਾ ਨੇ ਕਿਹਾ, ”ਸੜਕੀ ਰਸਤੇ ਸਫ਼ਰ ਕਰਨਾ ਪ੍ਰਧਾਨ ਮੰਤਰੀ ਦੇ ਅਸਲ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਸੀ। ਅਖੀਰ ਨੂੰ ਰੈਲੀ ਰੱਦ ਕਰਨ ਦਾ ਮੁੱਖ ਕਾਰਨ ਇਹ ਸੀ ਕਿ ਮੋਦੀ ਜੀ ਨੂੰ ਸੁਣਨ ਲਈ ਕੋਈ ਭੀੜ ਨਹੀਂ ਸੀ। ਦੋਸ਼ ਮੜ੍ਹਨੇ ਬੰਦ ਕਰੋ ਤੇ ਭਾਜਪਾ ਦੇ ਕਿਸਾਨ ਵਿਰੋਧੀ ਰਵੱਈਏ ਨੂੰ ਲੈ ਕੇ ਅੰਤਰਝਾਤ ਮਾਰੀ ਜਾਵੇ। ਰੈਲੀਆਂ ਕਰੋ, ਪਰ ਪਹਿਲਾਂ ਕਿਸਾਨਾਂ ਦੀ ਸੁਣੋ!”

Check Also

ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਦੇਸ਼-ਵਿਦੇਸ਼ਾਂ ‘ਚ ਭੁੱਖ ਹੜਤਾਲ

ਭਾਰਤ ਦੀ ਆਜ਼ਾਦੀ ਅਤੇ ਸੰਵਿਧਾਨ ਖ਼ਤਰੇ ‘ਚ : ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ : ਪੰਜਾਬ …