Breaking News
Home / ਪੰਜਾਬ / ਬਜ਼ੁਰਗਾਂ ਤੇ ਵਿਧਵਾਵਾਂ ਦੀ ਸਹਾਇਤਾ ਕਰੇਗੀ ਪੰਜਾਬ ਸਰਕਾਰ

ਬਜ਼ੁਰਗਾਂ ਤੇ ਵਿਧਵਾਵਾਂ ਦੀ ਸਹਾਇਤਾ ਕਰੇਗੀ ਪੰਜਾਬ ਸਰਕਾਰ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਕਈ ਫੈਸਲੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਨੇ ਸੂਬੇ ਦੀ ਭਲਾਈ ਲਈ ਕਈ ਅਹਿਮ ਫੈਸਲੇ ਲਏ ਹਨ। ਇਸੇ ਦੌਰਾਨ ਪੰਜਾਬ ਕੈਬਨਿਟ ਨੇ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਬਜ਼ੁਰਗ ਅਤੇ ਵਿਧਵਾ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਹੈ ਅਤੇ ਇਹ ਰਾਸ਼ੀ ਸਿਰਫ਼ ਇੱਕੋ ਵਾਰੀ ਦਿੱਤੀ ਜਾਵੇਗੀ।
ਧਿਆਨ ਰਹੇ ਕਿ ਕਿ ਆਮ ਆਦਮੀ ਪਾਰਟੀ ਵੱਲੋਂ ਹਰ ਮਹਿਲਾ ਨੂੰ ਇੱਕ ਹਜ਼ਾਰ ਰੁਪਏ ਦਾ ਚੋਣ ਵਾਅਦਾ ਕੀਤਾ ਗਿਆ ਹੈ ਜਿਸ ਤੋਂ ਪਹਿਲਾਂ ਹੀ ਕੈਬਨਿਟ ਨੇ ਬਜ਼ੁਰਗ ਤੇ ਵਿਧਵਾ ਔਰਤਾਂ ਨੂੰ ਮਾਲੀ ਮਦਦ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਹੋਈ ਕੈਬਨਿਟ ਮੀਟਿੰਗ ਵਿਚ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਆਸਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਸਿਰਫ਼ ਇਕ ਵਾਰ ਲਈ 1000 ਰੁਪਏ ਪ੍ਰਤੀ ਲਾਭਪਾਤਰੀ ਤੁਰੰਤ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਜਦੋਂ ਕਿ ਇਨ੍ਹਾਂ ਮਹਿਲਾਵਾਂ ਨੂੰ ਪਹਿਲਾਂ ਮਿਲਦੀ ਪ੍ਰਤੀ ਮਹੀਨਾ ਪੈਨਸ਼ਨ 1500 ਰੁਪਏ ਜਾਰੀ ਰਹੇਗੀ।
ਇਸੇ ਤਰ੍ਹਾਂ ਮੰਤਰੀ ਮੰਡਲ ਨੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ 31 ਦਸੰਬਰ, 2021 ਨੂੰ ਜਲੰਧਰ ਜ਼ਿਲ੍ਹੇ ਲਈ ਵਿਸ਼ੇਸ਼ ਕੇਸ ਵਜੋਂ ਇਕ ਵਾਰ ਲਈ ਯੋਜਨਾਬੰਦੀ ਵਿਭਾਗ ਵੱਲੋਂ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀਆਂ ਦੇ ਵਿਕਾਸ ਤੇ ਭਲਾਈ ਲਈ ਪ੍ਰਸਤਾਵਿਤ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦਾ ਵਿਕਾਸ ਤੇ ਭਲਾਈ (ਯੋਜਨਾਬੰਦੀ, ਨਿਰਧਾਰਨ ਅਤੇ ਵਿੱਤੀ ਸੋਮਿਆਂ ਦੀ ਵਰਤੋਂ) ਉਪ-ਵੰਡ ਆਰਡੀਨੈਂਸ-2022’ ਦੀ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਨਵਾਂ ਕਾਨੂੰਨ ਅਨੁਸੂਚਿਤ ਜਾਤੀਆਂ ਸਬ ਪਲਾਨ (ਐਸ.ਸੀ.ਐਸ.ਪੀ.) ਨੂੰ ਹਰ ਪੱਧਰ ਉਤੇ ਲਾਗੂ ਕਰਨ ਸਬੰਧੀ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨੂੰ ਯਕੀਨੀ ਬਣਾਵੇਗਾ। ਪੰਜਾਬ ਮੰਤਰੀ ਮੰਡਲ ਨੇ ਸਕੂਲ ਸਿੱਖਿਆ ਵਿਭਾਗ ਦੇ ਭਰਤੀ ਵਿੰਗ ਡਾਇਰੈਕਟੋਰੇਟ ਵੱਲੋਂ 29200 ਰੁਪਏ ਪ੍ਰਤੀ ਮਹੀਨਾ ਤਨਖਾਹ ਮੈਟ੍ਰਿਕਸ ਨਾਲ ਫਿਜ਼ੀਕਲ ਟਰੇਨਿੰਗ ਇੰਸਟ੍ਰਕਟਰ (ਪੀ.ਟੀ.ਆਈ.) ਦੀਆਂ 2000 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਨਵੇਂ ਮੰਤਰੀ

ਸੀਐਮ ਮਾਨ ਨੇ ਮੰਤਰੀਆਂ ਨੂੰ ਸੰਜੀਦਗੀ ਨਾਲ ਕੰਮ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …