Breaking News
Home / ਪੰਜਾਬ / ਸੰਯੁਕਤ ਸਮਾਜ ਮੋਰਚੇ ਨੂੰ ਮਿਲਿਆ 45 ਜਥੇਬੰਦੀਆਂ ਦਾ ਸਮਰਥਨ

ਸੰਯੁਕਤ ਸਮਾਜ ਮੋਰਚੇ ਨੂੰ ਮਿਲਿਆ 45 ਜਥੇਬੰਦੀਆਂ ਦਾ ਸਮਰਥਨ

ਰਵਾਇਤੀ ਰਾਜਨੀਤਕ ਪਾਰਟੀਆਂ ਤੋਂ ਖਹਿੜਾ ਛੁਡਾਉਣ ਦਾ ਸਮਾਂ : ਧਰਮਵੀਰ ਗਾਂਧੀ
ਜਲੰਧਰ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਲਈ ਬਣਾਏ ਗਏ ਸੰਯੁਕਤ ਸਮਾਜ ਮੋਰਚੇ ਦੇ ਸਮਰਥਨ ਵਿੱਚ 45 ਹੋਰ ਜਥੇਬੰਦੀਆਂ ਨੇ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ। ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਕੀਤੇ ਗਏ ਇੱਕਠ ਮਗਰੋਂ ਗੱਲਬਾਤ ਕਰਦਿਆਂ ਮੋਰਚੇ ਦੇ ਪ੍ਰਮੁੱਖ ਆਗੂਆਂ ਨੇ ਇਕਜੁੱਟ ਹੁੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਚਿਰੋਕਣੀ ਮੰਗ ‘ਤੇ ਬਦਲਵੀਂ ਅਤੇ ਲੋਕ ਪੱਖੀ ਨੀਤੀਆਂ ਵਾਲੀ ਰਾਜਸੀ ਧਿਰ ਖੜ੍ਹੀ ਕਰਕੇ ਚੋਣਾਂ ਲੜੀਆਂ ਜਾਣਗੀਆਂ।
ਕਿਸਾਨ ਆਗੂ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੀ ਸੰਯੁਕਤ ਸਮਾਜ ਮੋਰਚਾ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਐੱਮਐੱਸਪੀ ਕਮੇਟੀ ਵਿੱਚ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਵਾਲੇ ਆਗੂਆਂ ਦੇ ਨਾਵਾਂ ਵਿੱਚ ਫੇਰਬਦਲ ਕੀਤਾ ਜਾ ਸਕਦਾ ਹੈ। ਸੰਯੁਕਤ ਸਮਾਜ ਮੋਰਚੇ ਵੱਲੋਂ ਜਿਹੜੇ ਆਗੂ ਚੋਣਾਂ ਲੜਨਗੇ, ਉਨ੍ਹਾਂ ਨੂੰ ਕਮੇਟੀ ਤੋਂ ਬਾਹਰ ਰਹਿਣ ਲਈ ਕਿਹਾ ਜਾਵੇਗਾ। ਸੰਧੂ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸੰਯੁਕਤ ਸਮਾਜ ਮੋਰਚੇ ਦੇ ਸਮਰਥਨ ਵਿੱਚ ਆਉਣਗੀਆਂ। ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਰਵਾਇਤੀ ਰਾਜਨੀਤਕ ਪਾਰਟੀਆਂ ਤੋਂ ਖਹਿੜਾ ਛੁਡਵਾਇਆ ਜਾ ਸਕੇ।
ਇਸ ਤੋਂ ਪਹਿਲਾਂ ਦੇਸ਼ ਭਗਤ ਯਾਦਗਾਰ ਜਲੰਧਰ ਦੇ ਵਿਸ਼ਨੂੰ ਗਣੇਸ਼ ਪਿੰਗਲੇ ਆਡੀਟੋਰੀਅਮ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੋਰਚੇ ਦੀ ਮਜ਼ਬੂਤੀ ਅਤੇ ਵਿਸਥਾਰ ਦੇ ਉਦੇਸ਼ ਨਾਲ ਇੱਕ ਸੂਬਾ ਪੱਧਰੀ ਨੁਮਾਇੰਦਾ ਇਕੱਤਰਤਾ ਸੱਦੀ ਗਈ ਸੀ।
ਡਾ. ਸਵੈਮਾਨ ਸਿੰਘ ਸਮੇਤ ਹੋਰ ਬੁਲਾਰਿਆਂ ਨੇ ਮੋਰਚੇ ਦਾ ਉਦੇਸ਼ ਸਪੱਸ਼ਟ ਕਰਦਿਆਂ ਕਿਹਾ ਕਿ ਮੋਰਚਾ ਧਰਮ ਨਿਰਪੱਖਤਾ, ਲੋਕ ਰਾਜ ਅਤੇ ਫੈਡਰਲਿਜ਼ਮ ਨੂੰ ਖਤਮ ਕਰਨ ਦੀਆਂ ਮੋਦੀ ਸਰਕਾਰ ਵੱਲੋਂ ਰਚੀਆਂ ਜਾ ਰਹੀਆਂ ਸਾਜਿਸ਼ਾਂ ਖਿਲਾਫ ਡਟਵੀਂ ਲੋਕ ਰਾਇ ਕਾਇਮ ਕਰੇਗਾ। ਇਸ ਮੌਕੇ ਬੋਘ ਸਿੰਘ ਮਾਨਸਾ, ਭਗਵੰਤ ਸਿੰਘ ਸਮਾਓਂ, ਉਦਯੋਗ ਅਤੇ ਵਪਾਰ ਸੰਘ ਪੰਜਾਬ ਦੇ ਪ੍ਰਧਾਨ ਤਰੁਣ ਜੈਨ ਬਾਵਾ, ਲੋਕ ਅਧਿਕਾਰ ਲਹਿਰ ਤੋਂ ਬਲਵਿੰਦਰ ਸਿੰਘ, ਕੁਲਵਰਨ ਸਿੰਘ, ਲਖਵਿੰਦਰ ਸਿੰਘ ਜੌਹਲ ਵੀ ਹਾਜ਼ਰ ਸਨ।

 

Check Also

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ …