ਕਿਹਾ : ਰੂਟ ਕਲੀਅਰ ਕਰਵਾ ਦਿੱਤਾ ਗਿਆ ਸੀ, ਅਚਾਨਕ ਸਾਹਮਣੇ ਆਏ ਪ੍ਰਦਰਸ਼ਨਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਆਪਣੀ ਪਹਿਲੀ ਰਿਪੋਰਟ ਭੇਜ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਰਿਪੋਰਟ ‘ਚ ਕਿਹਾ ਗਿਆ ਹੈ ਕਿ ਸਰਕਾਰ ਨੇ ਦੇਰ ਰਾਤ ਤੱਕ ਰੂਟ ਨੂੰ ਬਿਲਕੁਲ ਕਲੀਅਰ ਕਰਵਾ ਦਿੱਤਾ ਸੀ। ਪ੍ਰੰਤੂ ਪ੍ਰਧਾਨ ਮੰਤਰੀ ਦੇ ਕਾਫਲੇ ਅੱਗੇ ਅਚਾਨਕ ਉਥੇ ਪ੍ਰਦਰਸ਼ਨਕਾਰੀ ਆ ਗਏ, ਜਿਨ੍ਹਾਂ ਨੇ ਰੋਡ ਜਾਮ ਕਰ ਦਿੱਤਾ। ਇਸ ਮਾਮਲੇ ‘ਚ ਕਿਸ ਵੱਲੋਂ ਲਾਪਰਵਾਹੀ ਵਰਤੀ ਗਈ, ਇਸ ਦੀ ਜਾਂਚ ਲਈ ਕਮੇਟੀ ਬਣਾਈ ਗਈ ਹੈ। ਉਥੇ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਪੰਜਾਬ ਪੁਲਿਸ ਦੇ ਅਫ਼ਸਰਾਂ ‘ਤੇ ਕਾਰਵਾਈ ਕਰ ਸਕਦੀ ਹੈ ਅਤੇ ਉਨ੍ਹਾਂ ਨੂੰ ਦਿੱਲੀ ਤਲਬ ਕੀਤਾ ਜਾ ਸਕਦਾ ਹੈ। ਇਸ ਦੇ ਲਈ ਐਸਜੀਪੀ ਐਕਟ ਦੇ ਉਸ ਸੈਕਸ਼ਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ‘ਚ ਪ੍ਰਧਾਨ ਦੀ ਸੁਰੱਖਿਆ ਦਾ ਜਿੰਮਾ ਰਾਜ ਦੀ ਪੁਲਿਸ ਦਾ ਹੁੰਦਾ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਕੋਲੋਂ 24 ਘੰਟੇ ਦੇ ਅੰਦਰ ਰਿਪੋਰਟ ਮੰਗੀ ਸੀ। ਧਿਆਨ ਰਹੇ ਪੰਜਾਬ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਦੋ ਮੈਂਬਰੀ ਕਮੇਟੀ ਬਣਾਈ ਹੈ, ਜਿਸ ‘ਚ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਪੰਜਾਬ ਦੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ।