ਜ਼ਮਾਨਤ ਤੋਂ ਬਾਅਦ ਮਜੀਠੀਆ ਨੇ ਕੀਤੀ ਪ੍ਰੈਸ ਕਾਨਫਰੰਸ
ਚੰਡੀਗੜ੍ਹ/ਬਿਊਰੋ ਨਿਊਜ਼
ਡਰੱਗ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਆਗੂ ਬਿਕਰਮ ਮਜੀਠੀਆ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਏ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਨਵਜੋਤ ਸਿੱਧੂ ਦਾ ਫਿਊਜ਼ ਉਡ ਗਿਆ ਹੈ। ਮਜੀਠੀਆ ਨੇ ਕਿਹਾ ਕਿ ਉਹ ਸਿੱਧੂ ਖਿਲਾਫ ਵੀ ਚੋਣ ਲੜਨ ਲਈ ਤਿਆਰ ਹਨ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਖਿਲਾਫ ਸਾਜਿਸ਼ ਰਚੀ ਗਈ ਸੀ ਅਤੇ ਉਨ੍ਹਾਂ ਖਿਲਾਫ ਕਾਰਵਾਈ ਲਈ ਪੰਜਾਬ ਵਿਚ ਚਾਰ ਡੀਜੀਪੀ ਬਦਲੇ ਗਏ। ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਝੂਠੇ ਮਾਮਲੇ ਵਿਚ ਫਸਾਉਣ ਲਈ ਸਾਜਿਸ਼ ਰਚੀ ਹੈ, ਇਥੋਂ ਤੱਕ ਕਿ ਸਰਕਾਰ ਵਲੋਂ ਪੁਲਿਸ ਅਫਸਰਾਂ ਨੂੰ ਕਰੋੜਾਂ ਰੁਪਏ ਦੀ ਆਫਰ ਵੀ ਕੀਤੀ ਸੀ। ਅਕਾਲੀ ਆਗੂ ਮਜੀਠੀਆ ਨੇ ਕਿਹਾ ਕਿ ਅਗਾਊਂ ਜ਼ਮਾਨਤ ਸਭ ਦਾ ਅਧਿਕਾਰ ਹੈ ਅਤੇ ਇਸ ਲਈ ਉਹ ਵੀ ਅਦਾਲਤ ਪਹੁੰਚੇ ਅਤੇ ਉਨ੍ਹਾਂ ਨੂੰ ਰਾਹਤ ਮਿਲੀ ਹੈ।