ਅਰਵਿੰਦ ਖੰਨਾ ਤੇ ਗੁਰਦੀਪ ਸਿੰਘ ਗੋਸ਼ਾ ਵੀ ਗਏ ਭਾਜਪਾ ’ਚ
ਪੰਜਾਬ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਚ ਆਉਂਦੀ 14 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਦਲ ਬਦਲੀਆਂ ਦਾ ਕੰਮ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ। ਇਸ ਦੇ ਚੱਲਦਿਆਂ ਸਾਬਕਾ ਕਾਂਗਰਸੀ ਵਿਧਾਇਕ ਅਰਵਿੰਦ ਖੰਨਾ ਅਤੇ ਲੁਧਿਆਣਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਵੀ ਅੱਜ ਨਵੀਂ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ। ਇਸੇ ਦੌਰਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਦੋਹਤਾ ਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਕੰਵਰ ਸਿੰਘ ਅਤੇ ਅੰਮਿ੍ਰਤਸਰ ਦੇ ਸਾਬਕਾ ਕੌਂਸਲਰ ਧਰਮਵੀਰ ਸਰੀਨ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
ਭਾਜਪਾ ਦੇ ਪੰਜਾਬ ਤੋਂ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਇਨ੍ਹਾਂ ਸਾਰੇ ਆਗੂਆਂ ਦਾ ਪਾਰਟੀ ਵਿਚ ਸਵਾਗਤ ਕੀਤਾ। ਇਸ ਮੌਕੇ ਗਜੇਂਦਰ ਸਿੰਘ ਨੇ ਕਿਹਾ ਕਿ ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਦੀ ਸਭ ਤੋਂ ਵੱਡੀ ਰੈਲੀ ਹੋਣੀ ਸੀ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਸਿਆਸੀ ਵਿਅਕਤੀਆਂ ਨੇ ਪੁਲਿਸ ਨਾਲ ਮਿਲ ਕੇ ਅਸਫਲ ਬਣਾਇਆ। ਦੱਸਿਆ ਜਾ ਰਿਹਾ ਹੈ ਕਿ ਜਿਹੜੇ ਆਗੂ ਅੱਜ ਭਾਜਪਾ ਵਿਚ ਸ਼ਾਮਲ ਹੋਏ ਹਨ, ਇਨ੍ਹਾਂ ਨੇ ਲੰਘੀ 5 ਜਨਵਰੀ ਨੂੰ ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਭਾਜਪਾ ਵਿਚ ਸ਼ਾਮਲ ਹੋਣਾ ਸੀ, ਪਰ ਇਸ ਰੈਲੀ ਵਾਲੇ ਸਥਾਨ ’ਤੇ ਖਾਲੀ ਕੁਰਸੀਆਂ ਦੀ ਖਬਰ ਮਿਲਦੇ ਹੀ ਪ੍ਰਧਾਨ ਮੰਤਰੀ ਵਾਪਸ ਮੁੜ ਗਏ ਸਨ।